ਮਹਿਲਾ ਪਹਿਲਵਾਨਾਂ ਦੇ ਹੱਕ ਵਿੱਚ ਡਟੀਆਂ ਕਿਸਾਨ ਜਥੇਬੰਦੀਆਂ, ਬ੍ਰਿਜ ਭੂਸ਼ਣ ਦੀ ਗ੍ਰਿਫ਼ਤਾਰੀ ਮੰਗੀ

ਬੇਟੀ ਪੜ੍ਹਾਓ-ਬੇਟੀ ਬਚਾਓ ਦਾ ਨਾਅਰਾ ਲਗਾਉਣ ਵਾਲੇ ਪ੍ਰਧਾਨ ਮੰਤਰੀ ਜਿਨਸੀ ਸ਼ੋਸ਼ਣ ਮਾਮਲੇ ’ਚ ਚੁੱਪ ਕਿਉਂ

ਮੁਹਾਲੀ ਦੇ ਡਿਪਟੀ ਕਮਿਸ਼ਨਰ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਮਈ:
ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਖੇਤੀ ਕਾਨੂੰਨਾਂ ਖ਼ਿਲਾਫ਼ ਮੋਦੀ ਦੀ ਸਲਤਨੱਤ ਨਾਲ ਇੱਟ ਨਾਲ ਇੱਟ ਖੜਕਾਉਣ ਵਾਲੇ ਦੇਸ਼ ਦੇ ਕਿਸਾਨ ਹੁਣ ਖੁੱਲ੍ਹ ਕੇ ਮਹਿਲਾ ਪਹਿਲਵਾਨਾਂ ਦੇ ਹੱਕ ਵਿੱਚ ਨਿੱਤਰ ਆਏ ਹਨ।
ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਅੱਜ ਮੁਹਾਲੀ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਲਿਖਿਆ ਮੰਗ ਪੱਤਰ ਸੌਂਪਿਆ। ਇਸ ਮੌਕੇ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਕੰਵਲਜੀਤ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਭਾਜਪਾ ਆਗੂ ਬ੍ਰਿਜ ਭੂਸ਼ਣ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ਲਈ ਕੌਮਾਂਤਰੀ ਪੱਧਰ ’ਤੇ ਮੈਡਲ ਜਿੱਤਣ ਵਾਲੇ ਪਹਿਲਵਾਨ ਬੀਤੀ 23 ਅਪਰੈਲ ਤੋਂ ਜੰਤਰ-ਮੰਤਰ ’ਤੇ ਲੜੀਵਾਰ ਧਰਨੇ ’ਤੇ ਬੈਠੇ ਹਨ। ਕਿਸਾਨਾਂ ਨੇ ਦੇਸ਼ ਵਿੱਚ ਬੇਟੀ ਪੜ੍ਹਾਓ-ਬੇਟੀ ਬਚਾਓ ਦਾ ਨਾਅਰਾ ਲਗਾਉਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਚੁੱਪ ਕਿਉਂ ਹਨ?
ਕਿਸਾਨਾਂ ਨੇ ਕਿਹਾ ਕਿ ਭਾਵੇਂ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਬ੍ਰਿਜ ਭੂਸ਼ਣ ਵਿਰੁੱਧ ਪਾਸਕੋ ਐਕਟ ਵਰਗੀਆਂ ਗੰਭੀਰ ਧਾਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ ਪ੍ਰੰਤੂ ਭਾਜਪਾ ਆਗੂ ਨੂੰ ਹੁਣ ਤੱਕ ਗ੍ਰਿਫ਼ਤਾਰ ਨਾ ਕਰਨਾ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜੇ ਕਰਦਾ ਹੈ। ਉਨ੍ਹਾਂ ਕਿਹਾ ਕਿ ਭੂਸ਼ਣ ਖ਼ਿਲਾਫ਼ ਪਹਿਲਾਂ ਹੀ 302, 307 ਅਤੇ ਅਸਲਾ ਐਕਟ ਵਰਗੀਆਂ ਧਾਰਾਵਾਂ ਤਹਿਤ ਕੇਸ ਦਰਜ ਹਨ। ਕਿਸਾਨਾਂ ਨੇ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਸੰਵਿਧਾਨ ਨੂੰ ਬਚਾਉਣ ਦੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਧੀਆਂ ਨਾਲ ਜੁੜੇ ਇਸ ਗੰਭੀਰ ਮਾਮਲੇ ਵਿੱਚ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਜਿਨਸੀ ਸ਼ੋਸ਼ਣ ਦੇ ਮੁਲਜ਼ਮ ਬ੍ਰਿਜ ਭੂਸ਼ਣ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।

ਇਸ ਮੌਕੇ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਬਲਾਕ ਪ੍ਰਧਾਨ ਮੁਹਾਲੀ ਤਰਲੋਚਨ ਸਿੰਘ ਨੰਡਿਆਲੀ, ਡੇਰਾਬੱਸੀ ਦੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਟਿਵਾਣਾ, ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਕੁਲਵੀਰ ਸਿੰਘ, ਜਨਰਲ ਸਕੱਤਰ ਨਰਿੰਦਰ ਸੋਹਾਣਾ, ਹਰਪ੍ਰੀਤ ਸਿੰਘ ਸਲੇਮਪੁਰ ਸਮੇਤ ਹੋਰ ਕਿਸਾਨ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …