
ਪੰਜਾਬ ਦੇ ਪਾਣੀਆਂ ’ਤੇ ਪਹਿਲਾ ਹੱਕ ਪੰਜਾਬੀਆਂ ਦਾ: ਰਾਜੇਵਾਲ
ਭਾਰਤਮਾਲਾ ਪ੍ਰਾਜੈਕਟ ਤਹਿਤ ਘੱਟ ਕੀਮਤ ’ਤੇ ਜ਼ਮੀਨਾਂ ਐਕਵਾਇਰ ਕਰਨ ਦਾ ਮੁੱਦਾ ਵੀ ਚੁੱਕਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੂਨ:
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਦੇ ਪਾਣੀਆਂ ਦੀ ਵਕਾਲਤ ਕਰਦਿਆਂ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਲਗਾਤਾਰ ਪੱਧਰ ਥੱਲੇ ਜਾਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਪਾਣੀਆਂ ’ਤੇ ਪਹਿਲਾ ਹੱਕ ਪੰਜਾਬੀਆਂ ਦਾ ਹੈ। ਅੱਜ ਇੱਥੇ ਭਗਤ ਆਸਾ ਰਾਮ ਦੀ ਸਮਾਧ ’ਤੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਰਾਜੇਵਾਲ ਨੇ ਕਿਹਾ ਕਿ ਨਹਿਰੀ ਪਾਣੀ ਨਾਲ ਪਹਿਲਾਂ ਪੰਜਾਬ ਦੀ ਲੋੜ ਨੂੰ ਪੂਰਾ ਕੀਤਾ ਜਾਵੇ। ਇਸ ਮਗਰੋਂ ਜੇਕਰ ਪਾਣੀ ਬਚਦਾ ਹੈ ਤਾਂ ਬਾਕੀ ਸੂਬਿਆਂ ਨੂੰ ਦੇਣ ਬਾਰੇ ਕੋਈ ਇਤਰਾਜ਼ ਨਹੀਂ ਹੈ।
ਉਨ੍ਹਾਂ ਕਿਹਾ ਕਿ ਇੱਕ ਤਾਂ ਲੋੜ ਅਨੁਸਾਰ ਪਾਵਰ ਬਿਜਲੀ ਸਪਲਾਈ ਨਹੀਂ ਮਿਲ ਰਹੀ, ਦੂਜਾ ਪੰਜਾਬ ਨੂੰ ਆਪਣੇ ਹਿੱਸੇ ਦਾ ਪਾਣੀ ਨਹੀਂ ਮਿਲ ਰਿਹਾ ਹੈ ਅਤੇ ਤੀਜਾ ਖਾਲਾਂ ਤੇ ਨਾਲੇ ਬੰਦ ਹੋਣ ਨਾਲ ਕਿਸਾਨਾਂ ਕੋਲ ਲੋੜ ਅਨੁਸਾਰ ਪਾਣੀ ਨਹੀਂ ਪਹੁੰਚ ਰਿਹਾ ਹੈ। ਜਿਸ ਕਾਰਨ ਕਿਸਾਨਾਂ ਨੂੰ ਫ਼ਸਲਾਂ ਅਤੇ ਕਾਸ਼ਤਕਾਰਾਂ ਨੂੰ ਸਬਜ਼ੀਆਂ ਦੀ ਸਿੰਜਾਈ ਲਈ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਿਸਾਨ ਆਗੂ ਕੁਲਵੰਤ ਸਿੰਘ ਤ੍ਰਿਪੜੀ ਅਤੇ ਕਿਰਪਾਲ ਸਿੰਘ ਸਿਆਊ ਨੇ ਕਿਹਾ ਕਿ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ 31 ਜੁਲਾਈ ਤੱਕ 5 ਲੱਖ ਪੌਦੇ ਲਗਾਉਣ ਦਾ ਟੀਚਾ ਪੂਰਾ ਕੀਤਾ ਜਾਵੇਗਾ ਅਤੇ ਪਹਿਲਾਂ ਤੋਂ ਲੱਗੇ ਰੁੱਖਾਂ ਦੀ ਸਾਂਭ-ਸੰਭਾਲ ਕਰਨ ਲਈ ਹੰਭਲਾ ਮਾਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿਸਾਨੀ ਮਸਲਿਆਂ ਸਬੰਧੀ 5 ਅਗਸਤ ਨੂੰ ਗੁਰਦੁਆਰਾ ਅੰਬ ਸਾਹਿਬ ਵਿਖੇ ਸੂਬੇ ਦੇ ਕਿਸਾਨਾਂ ਦਾ ਵੱਡਾ ਇਕੱਠ ਕੀਤਾ ਜਾਵੇਗਾ। ਇਸ ਮਗਰੋਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਵੱਲ ਕੂਚ ਕੀਤਾ ਜਾਵੇਗਾ। ਇਸ ਸਬੰਧੀ ਅੱਜ ਤੋਂ ਹੀ ਪਿੰਡਾਂ ਦੀਆਂ ਸੱਥਾਂ ਵਿੱਚ ਨੁੱਕੜ ਮੀਟਿੰਗਾਂ ਸ਼ੁਰੂ ਕਰਕੇ ਕਿਸਾਨਾਂ ਦੀ ਲਾਮਬੰਦ ਕੀਤੀ ਜਾਵੇਗੀ। ਕਿਸਾਨਾਂ ਦੇ ਇਕੱਠ ਵਿੱਚ ਭਾਰਤਮਾਲਾ ਪ੍ਰਾਜੈਕਟ ਤਹਿਤ ਮੁਹਾਲੀ ਅਤੇ ਡੇਰਾਬੱਸੀ ਖੇਤਰ ਵਿੱਚ ਕੱਢੇ ਜਾਣ ਵਾਲੇ ਦੋ ਕੌਮੀ ਮਾਰਗਾਂ ਲਈ ਘੱਟ ਕੀਮਤ ਉੱਤੇ ਜ਼ਮੀਨ ਐਕਵਾਇਰ ਕਰਨ ਦਾ ਮੁੱਦਾ ਵੀ ਚੁੱਕਿਆ ਗਿਆ। ਰਾਜੇਵਾਲ ਨੇ ਇਸ ਮਸਲੇ ਦਾ ਢੁਕਵਾਂ ਹੱਲ ਕੱਢਣ ਦਾ ਭਰੋਸਾ ਦਿੱਤਾ।

ਇਸ ਮੌਕੇ ਜਨਰਲ ਸਕੱਤਰ ਹਰਜਿੰਦਰ ਸਿੰਘ, ਪਰਮਦੀਪ ਸਿੰਘ ਬੈਦਵਾਨ, ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ, ਨਰਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਪਟਿਆਲਾ, ਹਰਦੀਪ ਸਿੰਘ, ਹਰਜੀਤ ਸਿੰਘ, ਗੁਰਵਿੰਦਰ ਸਿੰਘ, ਕਰਮ ਸਿੰਘ ਕਾਰਕੌਰ, ਹਰਿੰਦਰ ਸਿੰਘ, ਦਰਸ਼ਨ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।