ਪੰਜਾਬ ਨੂੰ ਅੱਵਲ ਦਰਜੇ ਦਾ ਸੂਬਾ ਬਣਾਉਣ ਲਈ ਸੇਵਾ ਕਰਨਗੇ ਸਾਬਕਾ ਫੌਜੀ: ਲੈਫ਼. ਜਨਰਲ ਸ਼ੇਰਗਿੱਲ

ਤਿੰਨ ਜ਼ਿਲ੍ਹਿਆਂ ਦੇ 143 ‘ਗਾਰਡੀਅਨਜ਼ ਆਫ਼ ਗਵਰਨੈਂਸ’ ਨੂੰ ਨਿਯੁਕਤੀ ਪੱਤਰ ਸੌਂਪੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਫਰਵਰੀ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੀਨੀਅਰ ਸਲਾਹਕਾਰ ਅਤੇ ਸੇਵਾਮੁਕਤ ਲੈਫ਼. ਜਨਰਲ ਟੀ.ਐਸ. ਸ਼ੇਰਗਿੱਲ ਨੇ ਇੱਥੇ ਤਿੰਨ ਜ਼ਿਲ੍ਹਿਆਂ ਐਸ.ਏ.ਐਸ ਨਗਰ, ਫ਼ਤਹਿਗੜ੍ਹ ਸਾਹਿਬ ਅਤੇ ਰੂਪਨਗਰ ਦੇ ਗਾਰਡੀਅਨਜ਼ ਆਫ ਗਵਰਨੈਂਸ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਕਿਹਾ ਕਿ ਲੋਕ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਯੋਗ ਵਿਅਕਤੀਆਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਉਣ ਲਈ ‘ਗਾਰਡੀਅਨਜ਼ ਆਫ਼ ਗਵਰਨੈਂਸ’ ਪੰਜਾਬ ਸਰਕਾਰ ਦੇ ਅੱਖ ਤੇ ਕੰਨ ਬਣ ਕੇ ਕੰਮ ਕਰਨਗੇ। ਮੁੱਖ ਮੰਤਰੀ ਵੱਲੋਂ ਸਾਬਕਾ ਸੈਨਿਕਾਂ ਦੀ ਇਮਾਨਦਾਰੀ ਅਤੇ ਫ਼ਰਜ਼ਾਂ ਦੀ ਤਨਦੇਹੀ ਨਾਲ ਪਾਲਣ ਦੀ ਭਾਵਨਾ ਨੂੰ ਦੇਖਦੇ ਹੋਏ ਇਹ ਵੱਡੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ।
ਇਸ ਮੌਕੇ ਕੁੱਲ 143 ਨਿਯੁਕਤੀ ਪੱਤਰ ਸੌਂਪੇ ਗਏ, ਜਿਨ੍ਹਾਂ ਵਿੱਚ ਜ਼ਿਲ੍ਹਾ ਐਸ.ਏ.ਐਸ. ਨਗਰ ਦੇ 40, ਜ਼ਿਲ੍ਹਾ ਰੂਪਨਗਰ ਦੇ 50 ਅਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 53 ਸਾਬਕਾ ਸੈਨਿਕਾਂ ਨੂੰ ਗਾਰਡੀਅਨਜ਼ ਆਫ਼ ਗਵਰਨੈਂਸ ਤਹਿਤ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਸ੍ਰੀ ਸ਼ੇਰਗਿੱਲ ਨੇ ਕਿਹਾ ਕਿ ਪੂਰੇ ਦੇਸ਼ ਵਿੱਚੋਂ ਇਸ ਢੰਗ ਨਾਲ ਸੇਵਾ ਕਰਨ ਦਾ ਮੌਕਾ ਸਾਬਕਾ ਫੌਜੀਆਂ ਨੂੰ ਪਹਿਲੀ ਵਾਰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜੋ ਇੱਜ਼ਤ ਤੇ ਮਾਣ ਪੰਜਾਬ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਨੂੰ ਦਿੱਤਾ ਗਿਆ ਹੈ, ਗਾਰਡੀਅਨਜ਼ ਆਫ ਗਵਰਨੈਂਸ ਉਸ ਨੂੰ ਅੱਗੇ ਲੋਕਾਂ ਤੱਕ ਪੁੱਜਦਾ ਵੀ ਯਕੀਨੀ ਬਣਾਉਣ। ਉਨ੍ਹਾਂ ਨੇ ਸਾਬਕਾ ਸੈਨਿਕਾਂ ਨੂੰ ਡੱਟ ਕੇ ਕੰਮ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਸਾਬਕਾ ਸੈਨਿਕ ਯੋਧੇ ਹਨ ਤੇ ਯੋਧੇ ਰਹਿਣਗੇ।
ਸ੍ਰੀ ਸ਼ੇਰਗਿੱਲ ਨੇ ਆਖਿਆ ਕਿ ਗਾਰਡੀਅਨਜ਼ ਆਫ਼ ਗਵਰਨੈਂਸ ਦਾ ਮੁੱਖ ਟੀਚਾ ਪੰਜਾਬ ਨੂੰ ਦੇਸ਼ ਵਿੱਚ ਪਹਿਲੇ ਨੰਬਰ ’ਤੇ ਲੈ ਕੇ ਆਉਣਾ ਹੈ। ਇਸ ਲਈ ਵੱਧ ਤੋਂ ਵੱਧ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਆਪਣੇ ਨਾਲ ਜੋੜਦਿਆਂ ਪੰਜਾਬ ਦੀ ਤਰੱਕੀ ਲਈ ਇੱਕ ਲੋਕ ਲਹਿਰ ਖੜ੍ਹੀ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਅਸਰਦਾਰ ਅਤੇ ਸੁਚੱਜੇ ਢੰਗ ਨਾਲ ਲਾਗੂ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਸਕੀਮ ਦਾ ਮਕਸਦ ਸਾਬਕਾ ਫੌਜੀਆਂ ਰਾਹੀਂ ਵੱਖ-ਵੱਖ ਸਰਕਾਰੀ ਸਕੀਮਾਂ ਅਤੇ ਪ੍ਰੋਗਰਾਮਾਂ ’ਤੇ ਨਜ਼ਰ ਰੱਖਣ ਦੇ ਨਾਲ-ਨਾਲ, ਇਹ ਯਕੀਨੀ ਬਣਾਉਣਾ ਵੀ ਹੈ ਕਿ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਰਾਹਤ ਤੇ ਮਦਦ ਦੀ ਕਿਤੇ ਵੀ ਦੁਰਵਰਤੋਂ ਨਾ ਹੋਵੇ ਅਤੇ ਇਹ ਸਿਰਫ਼ ਲੋੜਵੰਦਾਂ ਅਤੇ ਸਹੀ ਹੱਥਾਂ ਵਿਚ ਪੁੱਜੇ। ਇਸ ਤੋਂ ਇਲਾਵਾ ਸਰਕਾਰੀ ਸਕੀਮਾਂ ਨੂੰ ਸਹੀ ਢੰਗ ਨਾਲ ਅਮਲ ਵਿੱਚ ਲਿਆਉਣ, ਪਾਰਦਰਸ਼ਤਾ ਵਧਾਉਣ, ਕਮੀਆਂ-ਪੇਸ਼ੀਆਂ ਦੀ ਸ਼ਨਾਖਤ ਕਰਨ ਤੇ ਉਨ੍ਹਾਂ ਦੇ ਢੁੱਕਵੇਂ ਹੱਲ, ਹਰ ਪੱਧਰ ’ਤੇ ਜਵਾਬਦੇਹੀ ਵਧਾਉਣ, ਪ੍ਰਸ਼ਾਸਨ ’ਤੇ ਪਿੰਡ ਪੱਧਰ ਤੱਕ ਅਸਰਦਾਰ ਨਜ਼ਰਸਾਨੀ ਕਰਨ ਅਤੇ ਪ੍ਰਸ਼ਾਸਨ ਵਿਚ ਭਰੋਸਾ ਤੇ ਸਨੇਹ ਦਾ ਪੱਧਰ ਹੋਰ ਉੱਚਾ ਚੁੱਕਣਾ ਵੀ ਗਾਰਡੀਅਨਜ਼ ਆਫ਼ ਗਵਰਨੈਂਸ ਦੀ ਜ਼ਿੰਮੇਵਾਰੀ ਵਿੱਚ ਸ਼ਾਮਲ ਹੈ।
ਇਸ ਤੋਂ ਪਹਿਲਾਂ ਗਾਰਡੀਅਨਜ਼ ਆਫ਼ ਗਵਰਨੈਂਸ ਦੇ ਵਾਈਸ ਚੇਅਰਮੈਨ ਅਤੇ ਪੈਸਕੋ ਦੇ ਸੀ.ਐਮ.ਡੀ. ਮੇਜਰ ਜਨਰਲ (ਸੇਵਾਮੁਕਤ) ਐਸ.ਪੀ.ਐਸ. ਗਰੇਵਾਲ ਨੇ ਕਿਹਾ ਕਿ ਗਾਰਡੀਅਨਜ਼ ਆਫ਼ ਗਵਰਨੈਂਸ ਨੇ ਇਹ ਗੱਲ ਯਕੀਨੀ ਬਣਾਉਣੀ ਹੈ ਕਿ ਯੋਗ ਵਿਅਕਤੀ ਨੂੰ ਲਾਭ ਮਿਲੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਸਕੀਮ ਤਹਿਤ ਕੰਮ ਕਰਨ ਵਾਲੇ ਸਾਬਕਾ ਸੈਨਿਕਾਂ ਨੂੰ ਭੱਤਾ ਦਿੱਤਾ ਜਾਣਾ ਹੈ ਪਰ ਸਾਬਕਾ ਸੈਨਿਕ ਇਸ ਨੂੰ ਨੌਕਰੀ ਨਾ ਸਮਝਣ, ਸਗੋਂ ਸੇਵਾ ਸਮਝਦਿਆਂ ਇਸ ਨੂੰ ਨਿਭਾਉਣ। ਉਨ੍ਹਾਂ ਦੱਸਿਆ ਕਿ ਗਾਰਡੀਅਨਜ਼ ਆਫ਼ ਗਵਰਨੈਂਸ ਵੱਲੋਂ ਦਿੱਤੀ ਜਾਣ ਵਾਲੀ ਰਿਪੋਰਟ ਇੱਕੋ ਵੇਲੇ ਵੱਖ ਵੱਖ ਅਧਿਕਾਰੀਆਂ ਕੋਲ ਪੁੱਜ ਜਾਵੇਗੀ। ਉਨ੍ਹਾਂ ਕਿਹਾ ਕਿ ਗਾਰਡੀਅਨਜ਼ ਆਫ਼ ਗਵਰਨੈਂਸ ਪ੍ਰਬੰਧਕੀ ਢਾਂਚੇ ਨਾਲ ਤਾਲਮੇਲ ਕਾਇਮ ਕਰਦਿਆਂ ਤਨਦੇਹੀ ਨਾਲ ਇਹ ਸੇਵਾ ਨਿਭਾਉਣਗੇ। ਇਸ ਮੌਕੇ ਗਾਰਡੀਅਨਜ਼ ਆਫ਼ ਗਵਰਨੈਂਸ ਦੇ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਹੈੱਡ ਕਰਨਲ ਬਲਬੀਰ ਸਿੰਘ, ਜ਼ਿਲ੍ਹਾ ਰੂਪਨਗਰ ਦੇ ਹੈੱਡ ਲੈਫ ਕਰਨਲ ਸੀ. ਐਸ. ਬਹਿਲ ਅਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਸਾਬਕਾ ਸੈਨਿਕ ਤੇ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…