ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੀਨੀਅਰ ਸਹਾਇਕ-ਕਮ-ਇੰਸਪੈਕਟਰ ਪ੍ਰੀਖਿਆ ਦਾ ਪੇਪਰ ਲੀਕ ਘੁਟਾਲੇ ਦੀ ਜਾਂਚ ਮੰਗੀ

ਜੂਨੀਅਰ ਇੰਜਨੀਅਰ ਉਮੀਦਵਾਰਾਂ ਦਾ ਐੱਸਐੱਸਐੱਸ ਬੋਰਡ ਦੇ ਬਾਹਰ ਧਰਨਾ ਜਾਰੀ, ਪੁਲੀਸ ਤਾਇਨਾਤ

ਨਬਜ਼-ਏ-ਪੰਜਾਬ, ਮੁਹਾਲੀ, 27 ਨਵੰਬਰ:
ਦੇਸ਼ ਦਾ ਭਵਿੱਖ ਨੌਜਵਾਨ ਵਰਗ ਇਨਸਾਫ਼ ਲਈ ਪੰਜਾਬ ਦੀਆਂ ਸੜਕਾਂ ’ਤੇ ਰੁਲ ਰਿਹਾ ਹੈ। ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕੇ ਜੂਨੀਅਰ ਇੰਜਨੀਅਰ (ਜੇਈ) ਦੇ ਉਮੀਦਵਾਰ ਪਹਿਲਾਂ ਹੀ ਬੀਤੇ ਕੱਲ੍ਹ ਤੋਂ ਲੜੀਵਾਰ ਧਰਨੇ ’ਤੇ ਬੈਠੇ ਹਨ ਲੇਕਿਨ ਅੱਜ ਪੰਜਾਬ ਦੇ ਵੱਡੀ ਗਿਣਤੀ ਨੌਜਵਾਨਾਂ ਨੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਫ਼ਤਰ ਨੂੰ ਘੇਰਾ ਪਾ ਲਿਆ। ਇਹ ਪੀੜਤ ਮੁੰਡੇ ਕੁੜੀਆਂ ਬੋਰਡ ਦੇ ਮੇਨ ਗੇਟ ਦੇ ਬਾਹਰ ਧਰਨਾ ਲਗਾ ਕੇ ਬੈਠ ਗਏ ਅਤੇ ਪੰਜਾਬ ਦੀ ‘ਆਪ’ ਸਰਕਾਰ ਅਤੇ ਬੋਰਡ ਅਧਿਕਾਰੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਅੰਤਰਪ੍ਰੀਤ ਸਿੰਘ, ਅਮਨਦੀਪ ਸਿੰਘ ਮਾਨ, ਬਲਜਿੰਦਰ ਸਿੰਘ ਅਤੇ ਦਵਿੰਦਰ ਸਿੰਘ ਨੇ ਸੀਨੀਅਰ ਸਹਾਇਕ-ਕਮ-ਇੰਸਪੈਕਟਰ ਦੀ ਪ੍ਰੀਖਿਆ ਸਬੰਧੀ ਪੇਪਰ ਲੀਕ ਘੁਟਾਲੇ ਦੀ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਸਰਕਾਰੀ ਵਿਭਾਗਾਂ ਵਿੱਚ ਨਵੀਂ ਭਰਤੀ ਪ੍ਰਕਿਰਿਆ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸੀਨੀਅਰ ਸਹਾਇਕ ਦਾ ਪੇਪਰ ਰੱਦ ਕੀਤਾ ਜਾਵੇ ਅਤੇ ਸਮਾਂਬੱਧ ਢੰਗ ਨਾਲ ਦੁਬਾਰਾ ਪ੍ਰੀਖਿਆ ਕਰਵਾਈ ਜਾਵੇ।
ਵੱਖ-ਵੱਖ ਬੁਲਾਰਿਆਂ ਨੇ ਜੂਨੀਅਰ ਇੰਜਨੀਅਰ ਦੇ ਉਮੀਦਵਾਰਾਂ ਅਤੇ ਹੋਰ ਕੈਟਾਗਰੀਆਂ ਦੇ ਪੀੜਤ ਉਮੀਦਵਾਰਾਂ ਦੇ ਮੁੱਦਿਆਂ ਨੂੰ ਜ਼ੋਰਾਂ ਸ਼ੋਰਾਂ ਨਾਲ ਚੁੱਕਦਿਆਂ ਬੇਰੁਜ਼ਗਾਰ ਨੌਜਵਾਨਾਂ ਨੂੰ ਆਪਣੇ ਹੱਕਾਂ ਲਈ ਇੱਕ ਸਾਂਝੇ ਮੰਚ ’ਤੇ ਇਕੱਠੇ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਤੇ ਬੋਰਡ ਨੇ ਜਲਦੀ ਇਨਸਾਫ਼ ਨਹੀਂ ਦਿੱਤਾ ਤਾਂ ਉਹ ਹੋਰਨਾਂ ਜਥੇਬੰਦੀਆਂ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਲੜੀਵਾਰ ਧਰਨਾ ਸ਼ੁਰੂ ਕਰਨਗੇ ਅਤੇ ਐੱਸਐੱਸਐੱਸ ਬੋਰਡ ਦੇ ਮੇਨ ਗੇਟ ਨੂੰ ਤਾਲਾ ਲਗਾ ਕੇ ਪੱਕਾ ਮੋਰਚਾ ਸ਼ੁਰੂ ਕਰਨ ਤੋਂ ਪਿੱਛੇ ਨਹੀਂ ਹਟਣਗੇ।
ਉਧਰ, ਨੌਜਵਾਨਾਂ ਦੇ ਰੋਹ ਨੂੰ ਦੇਖਦੇ ਹੋਏ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੀ ਸਕੱਤਰ ਅਮਰਬੀਰ ਕੌਰ ਭੁੱਲਰ ਨੇ ਪ੍ਰਦਰਸ਼ਨ ਕਰ ਰਹੇ ਪੀੜਤ ਉਮੀਦਵਾਰਾਂ ਨੂੰ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਨੌਜਵਾਨਾਂ ਨੇ ਧਰਨਾ ਖਤਮ ਕਰਨ ਦਾ ਐਲਾਨ ਕੀਤਾ। ਉਂਜ ਧਰਨਾਕਾਰੀਆਂ ਨੇ ਇਹ ਵੀ ਚਿਤਾਵਨੀ ਦਿੱਤੀ ਕਿ ਸਰਕਾਰ ਉਨ੍ਹਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲਵੇ ਬਲਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ।

Load More Related Articles
Load More By Nabaz-e-Punjab
Load More In General News

Check Also

ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਹੋਣ ਦੀ ਆਸ ਬੱਝੀ, ਮੰਤਰੀ ਨੇ ਦਿੱਤਾ ਭਰੋਸਾ

ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਹੋਣ ਦੀ ਆਸ ਬੱਝੀ, ਮੰਤਰੀ ਨੇ ਦਿੱਤਾ …