
ਪੰਜਾਬੀ ਯੂਨੀਵਰਸਿਟੀ ਨੂੰ ਆਰਥਿਕ ਸੰਕਟ ਚੋਂ ਕੱਢਣ ਵਿੱਚ ਫੇਲ੍ਹ ਸਾਬਤ ਹੋਈ ਸਰਕਾਰ: ਢੀਂਡਸਾ
ਅਕਾਲੀ ਦਲ (ਸੰਯੁਕਤ) ਦੀ ਮਜ਼ਬੂਤੀ ਲਈ ਪਾਰਟੀ ਦਾ ਪੰਥਕ ਏਜੰਡਾ ਘਰ-ਘਰ ਪਹੁੰਚਾਉਣ ’ਤੇ ਜ਼ੋਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਮਾਰਚ:
ਇੱਥੋਂ ਦੇ ਸੈਕਟਰ-82 ਸਥਿਤ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁੱਖ ਦਫ਼ਤਰ ਵਿੱਚ ਮੁਹਾਲੀ ਸਮੇਤ ਤਿੰਨ ਜ਼ਿਲ੍ਹਿਆਂ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਪਟਿਆਲਾ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਅੱਜ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਹੋਰ ਵਧੇਰੇ ਮਜ਼ਬੂਤ ਬਣਾਉਣ ਅਤੇ ਪਾਰਟੀ ਦਾ ਪੰਥਕ ਏਜੰਡਾ ਘਰ-ਘਰ ਪਹੁੰਚਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਵਿੱਚ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪੰਥ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਵੱਡੇ ਪੱਧਰ ’ਤੇ ਪੂਰੇ ਉਤਸ਼ਾਹ ਅਤੇ ਇਮਾਨਦਾਰੀ ਨਾਲ ਕਾਰਜਸ਼ੀਲ ਹੈ ਅਤੇ ਪਾਰਟੀ ਦਾ ਪ੍ਰਮੁੱਖ ਏਜੰਡਾ ਪੰਥਕ ਵਿਚਾਰਧਾਰਾ ਨੂੰ ਉਭਾਰਨਾ ਹੈ। ਉਨ੍ਹਾਂ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਪੰਜਾਬ ਦੀ ਆਪ ਸਰਕਾਰ ਦੇ ਪਲੇਠੇ ਬਜਟ ਉੱਤੇ ਵੀ ਚਰਚਾ ਕੀਤੀ। ਆਗੂਆਂ ਨੇ ਬਜਟ ਨੂੰ ਪੂਰੀ ਤਰ੍ਹਾਂ ਨਿਰਾਸ਼ਾਜਨਕ ਕਰਾਰ ਦਿੱਤਾ ਅਤੇ ਪੰਜਾਬੀ ਯੂਨੀਵਰਸਿਟੀ ਨੂੰ ਫੰਡ ਜਾਰੀ ਨਾ ਕਰਨ ’ਤੇ ਸੂਬਾ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ।
ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਆਰਥਿਕ ਮਦਦ ਦੇਣ ਤੋਂ ਹੱਥ ਪਿੱਛੇ ਖਿੱਚਣ ਕਾਰਨ ਸਿੱਖਿਆ ਪ੍ਰੇਮੀਆਂ ਨੂੰ ਭਾਰੀ ਨਿਰਾਸ਼ਾ ਹੋਈ ਹੈ। ਬਜਟ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵਿਕਾਸ ਲਈ ਫੰਡ ਜਾਰੀ ਨਾ ਕਰਨ ਨਾਲ ਇਹ ਗੱਲ ਸਾਬਤ ਹੋ ਗਈ ਹੈ ਕਿ ਸਰਕਾਰ ਸਿੱਖਿਆ ਵਰਗੇ ਮਹੱਤਵਪੂਰਨ ਅਦਾਰਿਆਂ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੂੰ ਆਰਥਿਕ ਸੰਕਟ ਚੋਂ ਬਾਹਰ ਕੱਢਣ ਵਿੱਚ ਸਰਕਾਰ ਫੇਲ੍ਹ ਸਾਬਤ ਹੋਈ ਹੈ।
ਸ੍ਰੀ ਢੀਂਡਸਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਸਿੱਖਿਆ ਅਦਾਰੇ ਨੂੰ ਬਚਾਉਣ ਲਈ ਆਰਥਿਕ ਮਦਦ ਦੇਣ ਦੀ ਮੰਗ ਕੀਤੀ ਹੈ। ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਵਰ੍ਹਦਿਆਂ ਸਾਬਕਾ ਵਿੱਤ ਮੰਤਰੀ ਨੇ ਕਿਹਾ ਕਿ ਇਕ ਪਾਸੇ ਸਰਕਾਰ ਇਮਾਨਦਾਰ ਹੋਣ ਦੇ ਦਾਅਵੇ ਕਰ ਰਹੀ ਹੈ ਪਰ ਦੂਜੇ ਪਾਸੇ ਆਏ ਦਿਨ ਮੰਤਰੀ ਅਤੇ ਵਿਧਾਇਕ ਭ੍ਰਿਸ਼ਟਾਚਾਰ ਅਤੇ ਹੋਰਨਾਂ ਮਾਮਲਿਆਂ ਵਿੱਚ ਘਿਰਦੇ ਜਾ ਰਹੇ ਹਨ। ਅਜਿਹੇ ਵਿੱਚ ਪੰਜਾਬ ਦੇ ਲੋਕ ਮੁੱਖ ਮੰਤਰੀ ’ਤੇ ਕਿਵੇਂ ਭਰੋਸਾ ਕਰ ਸਕਦੇ ਹਨ। ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ ਅਤੇ ਅਪਰਾਧੀਆਂ ਦੇ ਹੌਸਲੇ ਵਧਦੇ ਜਾ ਰਹੇ ਹਨ।
ਮੀਟਿੰਗ ਵਿੱਚ ਜਸਟਿਸ (ਸੇਵਾਮੁਕਤ) ਨਿਰਮਲ ਸਿੰਘ, ਸਾਬਕਾ ਐਮਪੀ ਪਰਮਜੀਤ ਕੌਰ ਗੁਲਸ਼ਨ, ਸੁਖਵੰਤ ਸਿੰਘ ਸਰਾਓ, ਅਰਜਨ ਸਿੰਘ ਸ਼ੇਰਗਿੱਲ, ਰਣਧੀਰ ਸਿੰਘ ਰੱਖੜਾ, ਤਜਿੰਦਰਪਾਲ ਸਿੰਘ ਸੰਧੂ, ਡਾ. ਮੇਜਰ ਸਿੰਘ, ਦਵਿੰਦਰ ਸਿੰਘ ਸੋਢੀ, ਹਰਵੇਲ ਸਿੰਘ ਮਾਧੋਪੁਰ, ਰਣਧੀਰ ਸਿੰਘ ਨਾਲੀਨੀ, ਰਵਿੰਦਰ ਸਿੰਘ ਸ਼ਾਹਪੁਰ, ਗੁਰਦੇਵ ਸਿੰਘ ਵਿਰਕ, ਗੁਰਮੀਤ ਸਿੰਘ ਧਾਲੀਵਾਲ, ਰਾਜੇਸ਼ ਸਿੰਗਲਾ, ਅਜੀਤ ਸਿੰਘ ਮੱਕੜ, ਪ੍ਰਿਤਪਾਲ ਸਿੰਘ ਕਾਕੜੀਆਂ, ਕਰਮਜੀਤ ਸਿੰਘ ਕੋਛੜ, ਗੁਰਬਚਨ ਸਿੰਘ ਨਾਨੋਕੀ, ਬੀਬੀ ਪ੍ਰੀਤੀ ਮਾਨ, ਹਰਜੀਤ ਕੌਰ ਵੜੈਚ, ਅਵਤਾਰ ਸਿੰਘ ਰੁੜਕੀ, ਜਗਦੀਪ ਸਿੰਘ ਬੇਰੜਵਾਲ ਅਤੇ ਜਨਾਬ ਦਿਲਸ਼ਾਦ ਖ਼ਾਨ ਮੌਜੂਦ ਸਨ।