ਮੀਟਿੰਗ ਮਗਰੋਂ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਸਰਕਾਰ ਨੇ ਜੱਗੋਂ ਤੇਰ੍ਹਵੀਂ ਕੀਤੀ: ਚੰਦੂਮਾਜਰਾ
ਸਰਕਾਰੀ ਜਬਰ ਵਿਰੁੱਧ ਸਾਰੀਆਂ ਕਿਸਾਨ ਤੇ ਸਮਾਜਿਕ ਜਥੇਬੰਦੀਆਂ ਇੱਕਜੁੱਟ ਹੋਣ ਦੀ ਅਪੀਲ
ਨਬਜ਼-ਏ-ਪੰਜਾਬ, ਮੁਹਾਲੀ, 19 ਮਾਰਚ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਮੀਟਿੰਗ ਲਈ ਸੱਦ ਕੇ ਬਾਅਦ ਵਿੱਚ ਗ੍ਰਿਫ਼ਤਾਰ ਕਰਕੇ ਸਰਕਾਰ ਨੇ ਜੱਗੋਂ ਤੇਰ੍ਹਵੀਂ ਕੀਤੀ ਹੈ। ਜਿਸ ਦਾ ਹੁਕਮਰਾਨਾਂ ਨੂੰ ਖ਼ਮਿਆਜ਼ਾ ਭੁਗਤਣ ਲਈ ਤਿਆਰ ਰਹਿਣਾ ਚਾਹੀਦਾ ਹੈ।
ਅੱਜ ਇੱਥੇ ਦੇਰ ਸ਼ਾਮ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਅਜਿਹੀ ਘਟਨਾ ਪਹਿਲੀ ਵਾਰ ਵਾਪਰੀ ਹੈ। ਜਿਸ ਕਾਰਨ ਅੰਨਦਾਤਾ ਸਮੇਤ ਸਮੁੱਚੇ ਪੰਜਾਬੀਆਂ ਵਿੱਚ ਸਮੇਂ ਦੀਆਂ ਸਰਕਾਰਾਂ ਪ੍ਰਤੀ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੇ ਇਸ਼ਾਰੇ ’ਤੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਦੇ ਮੱਥੇ ’ਤੇ ਬਹੁਤ ਵੱਡਾ ਕਲੰਕ ਲਾਇਆ ਹੈ, ਇਹ ਦਾਗ ਸਦੀਵੀ ਮਿਟਣ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ, ਹੁਣ ਤੱਕ ਦੀਆਂ ਸਰਕਾਰਾਂ ਦੇ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਸਾਬਤ ਹੋਏ ਹਨ, ਜਿਨ੍ਹਾਂ ਨੇ ਆਪਣੇ ਫ਼ਾਇਦੇ ਲਈ ਕੇਂਦਰ ਅੱਗੇ ਗੋਡੇ ਟੇਕ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਜਬਰ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ ਅਤੇ ਸ਼ਹਿਰਾਂ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਕਿਸਾਨਾਂ ਅਤੇ ਆਮ ਨਾਗਰਿਕਾਂ ਨੂੰ ਲਾਮਬੰਦ ਕੀਤਾ ਜਾਵੇਗਾ।