ਕਰੋੜਾਂ ਦੀ ਲਾਗਤ ਨਾਲ ਲਗਾਏ ਪੰਜ ਵਾਟਰ ਬੂਸਟਰ ਪਲਾਂਟ ਤੁਰੰਤ ਚਾਲੂ ਕਰੇ ਸਰਕਾਰ: ਕੁਲਜੀਤ ਬੇਦੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਾਰਚ:
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਦੇ ਜਨ ਸਿਹਤ ਵਿਭਾਗ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸ਼ਹਿਰ ਵਿੱਚ ਕਰੋੜਾਂ ਦੀ ਲਾਗਤ ਨਾਲ ਲਗਾਏ ਗਏ ਪੰਜ ਵਾਟਰ ਬੂਸਟਰ ਪਲਾਂਟ ਫੌਰੀ ਤੌਰ ’ਤੇ ਚਾਲੂ ਕੀਤੇ ਜਾਣ। ਆਪਣੇ ਪੱਤਰ ਵਿੱਚ ਕੁਲਜੀਤ ਬੇਦੀ ਨੇ ਲਿਖਿਆ ਹੈ ਕਿ ਉਨ੍ਹਾਂ ਨੇ ਲੰਮੀ ਲੜਾਈ ਲੜ ਕੇ ਕਜੌਲੀ ਵਾਟਰ ਵਰਕਸ ਤੋਂ 60 ਐਮਜੀਡੀ ਨਹਿਰੀ ਪਾਣੀ ਦੀ ਸਪਲਾਈ ਹਾਸਲ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨੂੰ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਾ ਪਿਆ ਸੀ।
ਡਿਪਟੀ ਮੇਅਰ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਇਸ ਤੋਂ ਬਾਅਦ ਨਗਰ ਨਿਗਮ ਨੇ ਕਰੋੜਾਂ ਰੁਪਏ ਖਰਚ ਕੇ ਮੁਹਾਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਪੰਜ ਵਾਟਰ ਬੂਸਟਰ ਪਲਾਂਟ ਲਗਾਏ ਗਏ ਸਨ। ਜਿਨ੍ਹਾਂ ਵਿੱਚ ਲੱਖਾਂ ਲਿਟਰ ਪਾਣੀ ਸਟੋਰ ਕੀਤਾ ਜਾਂਦਾ ਹੈ ਅਤੇ ਇਸ ਨੂੰ ਅੱਗੇ ਬੂਸਟ ਕੀਤਾ ਜਾਂਦਾ ਹੈ ਪਰ ਬਦਕਿਸਮਤੀ ਦੀ ਗੱਲ ਇਹ ਹੈ ਕਿ ਇਹ ਪਲਾਂਟ ਚਾਲੂ ਹੀ ਨਹੀਂ ਹੋ ਸਕੇ ਕਿਉਂਕਿ ਇਨ੍ਹਾਂ ਪਲਾਂਟਾਂ ਨੂੰ ਚਲਾਉਣ ਲਈ ਕਰਮਚਾਰੀ ਨਹੀਂ ਹਨ।
ਕੁਲਜੀਤ ਬੇਦੀ ਨੇ ਕਿਹਾ ਕਿ ਦੂਜੇ ਪਾਸੇ ਗਰਮੀਆਂ ਦਾ ਮੌਸਮ ਆਉਣ ਦੇ ਨਾਲ ਅਤੇ ਬਿਜਲੀ ਦੇ ਕੱਟਾਂ ਕਾਰਨ ਮੁਹਾਲੀ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਜ਼ਬਰਦਸਤ ਕਿੱਲਤ ਆਉਣੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਹਾਲੇ ਤਾਂ ਗਰਮੀਆਂ ਦੀ ਸ਼ੁਰੂਆਤ ਵਿੱਚ ਇਹ ਹਾਲ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਕੀ ਹਾਲ ਹੋਵੇਗਾ ਇਸਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ।
ਡਿਪਟੀ ਮੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਹੈ ਪਰ ਕਰੋੜਾਂ ਰੁਪਏ ਖ਼ਰਚ ਕੇ ਬਣਾਏ ਗਏ ਇਹ ਬੂਸਟਰ ਪਲਾਂਟ ਬੰਦ ਪਏ ਹਨ ਅਤੇ ਲੋਕਾਂ ਨੂੰ ਕੋਈ ਸਹੂਲਤ ਹਾਸਲ ਨਹੀਂ ਹੋ ਰਹੀ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਪਲਾਂਟਾਂ ਵਿੱਚ ਫੌਰੀ ਤੌਰ ’ਤੇ ਕਰਮਚਾਰੀ ਤਾਇਨਾਤ ਕੀਤੇ ਜਾਣ ਅਤੇ ਇਨ੍ਹਾਂ ਨੂੰ ਚਾਲੂ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਪਾਣੀ ਦੀ ਸਪਲਾਈ ਵਿੱਚ ਕਿਸੇ ਤਰ੍ਹਾਂ ਦੀ ਕਿੱਲਤ ਨਾ ਆਵੇ। ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਇਹ ਮੰਗ ਕੀਤੀ ਹੈ ਕਿ ਇਨ੍ਹਾਂ ਪਲਾਂਟਾਂ ਨੂੰ ਬਿਜਲੀ ਦੀ ਹੌਟ ਲਾਈਨ ਨਾਲ ਜੋੜਿਆ ਜਾਵੇ ਤਾਂ ਜੋ ਬਿਜਲੀ ਗੁੱਲ ਹੋਣ ’ਤੇ ਇਨ੍ਹਾਂ ਪਲਾਂਟਾਂ ਤੋਂ ਪਾਣੀ ਦੀ ਸਪਲਾਈ ਵਿੱਚ ਕੋਈ ਵਿਘਨ ਨਾ ਪਵੇ ਅਤੇ ਲੋਕਾਂ ਨੂੰ ਲੋੜ ਅਨੁਸਾਰ ਪਾਣੀ ਮਿਲ ਸਕੇ।
ਡਿਪਟੀ ਮੇਅਰ ਕੁਲਜੀਤ ਬੇਦੀ ਨੇ ਇਸ ਪੱਤਰ ਦਾ ਇੱਕ ਉਤਾਰਾ ਜਨ ਸਿਹਤ ਵਿਭਾਗ ਦੇ ਸਕੱਤਰ ਅਤੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਵੀ ਭੇਜਿਆ ਗਿਆ ਹੈ ਤਾਂ ਜੋ ਇਸ ਸਬੰਧੀ ਫੌਰੀ ਤੌਰ ’ਤੇ ਕਾਰਵਾਈ ਹੋ ਸਕੇ।

Load More Related Articles

Check Also

ਪਹਿਲਗਾਮ ਅੱਤਵਾਦੀ ਹਮਲਾ: ਅਕਾਲੀ ਦਲ ਵੱਲੋਂ ਪੀੜਤ ਪਰਿਵਾਰਾਂ ਨੂੰ 5-5 ਕਰੋੜ ਮੁਆਵਜ਼ਾ ਦੇਣ ਦੀ ਮੰਗ

ਪਹਿਲਗਾਮ ਅੱਤਵਾਦੀ ਹਮਲਾ: ਅਕਾਲੀ ਦਲ ਵੱਲੋਂ ਪੀੜਤ ਪਰਿਵਾਰਾਂ ਨੂੰ 5-5 ਕਰੋੜ ਮੁਆਵਜ਼ਾ ਦੇਣ ਦੀ ਮੰਗ ਨਬਜ਼-ਏ-ਪੰ…