
ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਤ ਕਰਨ ਦਾ ਦਾਅਵਾ ਕਰਨ ਵਾਲੀ ਸਰਕਾਰ ਨੇ ਖ਼ੁਦ ਅੰਗਰੇਜ਼ੀ ਵਿੱਚ ਲਗਾਏ ਬੋਰਡ
ਆਪ ਸਰਕਾਰ ਦਾ ਮਾਂ ਬੋਲੀ ਪ੍ਰਤੀ ਦੋਗਲਾ ਚਿਹਰਾ ਉਜਾਗਰ ਹੋਇਆ: ਬੈਦਵਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਫਰਵਰੀ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਵੱਡੇ ਵੱਡੇ ਦਾਅਵੇ ਮਹਿਜ਼ ਖੋਖਲੇ ਨਜ਼ਰ ਆ ਰਹੇ ਹਨ। ਸੂਬਾ ਸਰਕਾਰ ਵੱਲੋਂ ਮੁਹਾਲੀ ਦੇ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ) ਵਿੱਚ ਕਰਵਾਏ ਜਾ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਪ੍ਰਚਾਰ ਲਈ ਸ਼ਹਿਰ ਨੂੰ ਅੰਗਰੇਜ਼ੀ ਭਾਸ਼ਾ ਵਿੱਚ ਲਿਖੇ ਬੋਰਡਾਂ ਨਾਲ ਭਰ ਦਿੱਤਾ ਹੈ। ਪੰਜਾਬੀ ਪ੍ਰਤੀ ਸਰਕਾਰ ਦੀ ਇਸ ਬੇਰੁਖ਼ੀ ’ਤੇ ਵਿਰੋਧੀਆਂ ’ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀ ਮਾਂ ਬੋਲੀ ਪ੍ਰਤੀ ਕਿੰਨੇ ਕੁ ਸੁਹਿਰਦ ਹਨ। ਇਸ ਦਾ ਅੰਦਾਜ਼ਾ ਸ਼ਹਿਰ ਵਿੱਚ ਪੰਜਾਬ ਨਿਵੇਸ਼ਕ ਸੰਮੇਲਨ ਦੇ ਦੌਰਾਨ ਅੰਗਰੇਜ਼ੀ ਵਿੱਚ ਲਿਖ ਕੇ ਲਗਾਏ ਬੋਰਡਾਂ ਤੋਂ ਸਾਫ਼ ਝਲਕਦਾ ਹੈ। ਇਸ ਨਾਲ ਆਪ ਸਰਕਾਰ ਦਾ ਮਾਂ ਬੋਲੀ ਪ੍ਰਤੀ ਦੋਗਲਾ ਚਿਹਰਾ ਉਜਾਗਰ ਹੋਇਆ ਹੈ।
ਅਕਾਲੀ ਆਗੂ ਨੇ ਕਿਹਾ ਕਿ ਬੀਤੀ 21 ਫਰਵਰੀ ਤੋਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਨੂੰ ਆਪਣੇ ਬੋਰਡ ਪੰਜਾਬੀ ਵਿੱਚ ਲਿਖਵਾਉਣ ਦੀਆਂ ਹਦਾਇਤਾਂ ਜਾਰੀ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਹੀ ਮਾਂ ਬੋਲੀ ਦਾ ਸਤਿਕਾਰ ਨਹੀਂ ਕਰ ਰਹੇ ਹਨ। ਮੁਹਾਲੀ ਵਿੱਚ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਪ੍ਰਚਾਰ ਲਈ ਸਰਕਾਰ ਵੱਲੋਂ ਥਾਂ-ਥਾਂ ’ਤੇ ਅੰਗਰੇਜ਼ੀ ਵਿੱਚ ਲਿਖੇ ਬੋਰਡ ਲਗਾ ਕੇ ਮਾਂ ਬੋਲੀ ਦਾ ਨਿਰਾਦਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਪੰਜਾਬੀ ਮਾਂ ਬੋਲੀ ਬਾਰੇ ਕੋਈ ਚਿੰਤਾ ਨਹੀਂ ਹੈ ਅਤੇ ਆਮ ਆਦਮੀ ਪਾਰਟੀ ਝੂਠੀ ਬਿਆਨਬਾਜ਼ੀ ਕਰਨ ਵਿੱਚ ਸਭ ਤੋਂ ਅੱਗੇ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਲੜਾਈ ਲੜਦਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਇਹ ਜੰਗ ਜਾਰੀ ਰਹੇਗੀ।