ਮੁਹਾਲੀ, ਰੂਪਨਗਰ ਤੇ ਫਤਹਿਗੜ੍ਹ ਸਾਹਿਬ ਨੂੰ ਸਿੱਖਿਆ ਕੇਂਦਰ ਵਜੋਂ ਵਿਕਸਤ ਕਰੇਗੀ ਸਰਕਾਰ

ਸਿੱਖਿਆ ਦੇ ਖੇਤਰ ਵਿੱਚ ਨਿਵੇਸ਼ ਲਈ ਪੰਜਾਬ ਵਿੱਚ ਅਥਾਹ ਸੰਭਾਵਨਾਵਾਂ: ਹਰਜੋਤ ਬੈਂਸ

ਅਗਲੇ ਵਿੱਦਿਅਕ ਵਰ੍ਹੇ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ‘ਉੱਦਮੀ ਸਿੱਖਿਆ’

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਫਰਵਰੀ:
ਪੰਜਾਬ ਦੀ ਆਪ ਸਰਕਾਰ ਵੱਲੋਂ ਆਈਟੀ ਸਿਟੀ ਮੁਹਾਲੀ ਸਮੇਤ ਰੂਪਨਗਰ ਅਤੇ ਫਤਹਿਗੜ੍ਹ ਸਾਹਿਬ ਨੂੰ ਸਿੱਖਿਆ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿੱਚ ਨਿਵੇਸ਼ਕ ਪੰਜਾਬ ਸੰਮੇਲਨ ਦੌਰਾਨ ਹੋਏ ‘ਸਿੱਖਿਆ, ਖੋਜ ਅਤੇ ਹੁਨਰ’ ਵਿਸ਼ੇ ’ਤੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਚੇਰੀ ਸਿੱਖਿਆ ਦੀ ਸਾਖਰਤਾ ਦਰ 76 ਫੀਸਦੀ ਹੈ। ਪੰਜਾਬ ਵਿੱਚ ਮੁੰਡਿਆਂ ਤੇ ਕੁੜੀਆਂ ਦੀ ਸਿੱਖਿਆ ਉੱਤੇ ਬਰਾਬਰ ਜ਼ੋਰ ਦਿੱਤਾ ਜਾ ਰਿਹਾ ਹੈ। ਸੂਬੇ ਦੀ ਲਗਪਗ 48 ਫੀਸਦੀ ਆਬਾਦੀ 0-25 ਸਾਲ ਉਮਰ ਵਰਗ ਦੀ ਹੈ, ਇਸ ਲਈ ਸਿੱਖਿਆ ਦੇ ਖੇਤਰ ਵਿੱਚ ਨਿਵੇਸ਼ ਲਈ ਪੰਜਾਬ ਵਿੱਚ ਅਥਾਹ ਸੰਭਾਵਨਾਵਾਂ ਹਨ।
ਸ੍ਰੀ ਬੈਂਸ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਪ੍ਰੋਫਾਰਮੈਂਸ ਗਰੇਡਿੰਗ ਇੰਡੈਕਸ ਵਿੱਚ ਪੰਜ ਸਿਖਰਲੀਆਂ ਪੁਜ਼ੀਸ਼ਨਾਂ ’ਚੋਂ ਚਾਰ ਪੁਜ਼ੀਸ਼ਨਾਂ ਪੰਜਾਬ ਨੇ ਹਾਸਲ ਕੀਤੀਆਂ ਹਨ। ਇਸ ਨਾਲ ਨੀਤੀ ਆਯੋਗ ਦੀ ਇਨੋਵੇਸ਼ਨ ਇੰਡੈੱਕਸ ਰਿਪੋਰਟ2020 ਅਨੁਸਾਰ ਪੰਜਾਬ ਦੇਸ਼ ਦੇ ਉਨ੍ਹਾਂ 10 ਰਾਜਾਂ ਵਿੱਚ ਸ਼ੁਮਾਰ ਹੈ, ਜਿੱਥੇ ਸਿੱਖਿਅਤ ਕਾਮੇ ਉਪਲਬਧ ਹਨ। ਇਹ ਵੀ ਮਾਣ ਵਾਲੀ ਗੱਲ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਏ++ ਦਰਜਾ ਹਾਸਲ ਕਰਕੇ ਦੇਸ਼ ਦੀ ਸਰਬੋਤਮ ਯੂਨੀਵਰਸਿਟੀ ਬਣੀ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬਿਜ਼ਨਸ ਬਲਾਸਟਰ ਸਕੀਮ ਸ਼ੁਰੂ ਕੀਤੀ ਗਈ ਹੈ ਅਤੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਅਤੇ ਉਨ੍ਹਾਂ ਨੂੰ ਉਦਯੋਗਾਂ ਦੀਆਂ ਲੋੜਾਂ ਮੁਤਾਬਕ ਅਗਾਊਂ ਤਿਆਰ ਕਰਨ ਲਈ ਅਗਲੇ ਵਿੱਦਿਅਕ ਵਰ੍ਹੇ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਉੱਦਮੀ ਸਿੱਖਿਆ (ਇੰਟਰਪਨਿਊਰ ਐਜੂਕੇਸ਼ਨ) ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ 117 ਸਕੂਲ ਆਫ਼ ਐਮੀਨੈਂਸ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੈ। ਇਹ ਸਕੂਲ 9ਵੀਂ ਤੋਂ 12ਵੀਂ ਜਮਾਤ ਤੱਕ ਹੋਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਕੌਮਾਂਤਰੀ ਪੱਧਰ ਦੀ ਸਿਖਲਾਈ ਹਾਸਲ ਕਰਨ ਲਈ ਸਿੰਗਾਪੁਰ ਭੇਜੇ ਸਨ ਅਤੇ 4 ਮਾਰਚ ਨੂੰ ਦੂਜਾ ਬੈਚ ਭੇਜਿਆ ਜਾਵੇਗਾ। ਇਸ ਦੇ ਨਾਲ ਹੀ ਆਈਆਈਐਮ ਨਾਗਪੁਰ ਅਤੇ ਅਹਿਮਦਾਬਾਦ ਨਾਲ ਵੀ ਅਧਿਆਪਕ ਟਰੇਨਿੰਗ ਲਈ ਗੱਲਬਾਤ ਚਲ ਰਹੀ ਹੈ। ਬੈਂਸ ਨੇ ਨਿਵੇਸ਼ਕਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਨਿਵੇਸ਼ ਦਾ ਸੱਦਾ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਦੇ ਸੁਖਾਵੇਂ ਮਾਹੌਲ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਦਾ ਬਹੁਤ ਬਿਹਤਰ ਮਾਹੌਲ ਹੈ। ਸੂਬੇ ਵਿੱਚ ਮੌਜੂਦਾ ਸਮੇਂ 25 ਵਿਦਿਆਰਥੀਆਂ ਪਿੱਛੇ ਇਕ ਅਧਿਆਪਕ ਹੈ ਅਤੇ ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਗਣਿਤ ਤੇ ਭਾਸ਼ਾ ਪੜ੍ਹਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ।
ਸ਼ੂਲਨੀ ਯੂਨੀਵਰਸਿਟੀ ਦੇ ਸੰਸਥਾਪਕ ਡਾ. ਅਤੁਲ ਖੋਸਲਾ ਨੇ ਕਿਹਾ ਕਿ ਸਾਨੂੰ ਵਿੱਦਿਅਕ ਸੰਸਥਾਵਾਂ ਦੇ ਗੇਟ ਹਰ ਵਿਦਿਆਰਥੀ ਲਈ ਖੋਲ੍ਹ ਦੇਣੇ ਚਾਹੀਦੇ ਹਨ ਤਾਂ ਜੋ ਨੌਜਵਾਨ ਸਿੱਖਿਆ ਹਾਸਲ ਕਰਕੇ ਨਵੇਂ ਵਿਚਾਰਾਂ ਨਾਲ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕਣ।
ਲੈਮਰਿਨ ਟੈਕ ਸਕਿੱਲ ਯੂਨੀਵਰਸਿਟੀ ਦੇ ਚਾਂਸਲਰ ਡਾ. ਸੰਦੀਪ ਕੌੜਾ ਨੇ ਦੱਸਿਆ ਕਿ ਲੈਮਰਿਨ ਯੂਨੀਵਰਸਿਟੀ ਦੇਸ਼ ਦੀ ਪਹਿਲੀ ਅਜਿਹੀ ਯੂਨੀਵਰਸਿਟੀ ਹੈ ਜਿਸ ਨੂੰ ਦੁਨੀਆ ਦੀ ਨਾਮੀ ਕੰਪਨੀ ਆਈਬੀਐਮ ਦੀ ਭਾਈਵਾਲੀ ਨਾਲ ਚਲਾਇਆ ਜਾ ਰਿਹਾ ਹੈ, ਜਿਸ ਵਿੱਚ ਦੁਨੀਆ ਦੀ ਲੋੜ ਅਨੁਸਾਰ ਬੱਚਿਆਂ ਨੂੰ ਸਿੱਖਿਆ ਦੇ ਕੇ ਭਵਿੱਖ ਲਈ ਤਿਆਰ ਕੀਤਾ ਜਾ ਰਿਹਾ ਹੈ।
ਆਈਆਈਟੀ ਰੂਪਨਗਰ ਦੇ ਡਾਇਰੈਕਟਰ ਪ੍ਰੋ. ਰਾਜੀਵ ਅਹੂਜਾ ਨੇ ਕਿਹਾ ਕਿ ਆਈਆਈਟੀ ਰੂਪਨਗਰ ਨੇ ਬਹੁਤ ਘੱਟ ਸਮੇਂ ਵਿੱਚ ਬਿਹਤਰੀਨ ਇੰਜੀਨੀਅਰ ਪੈਦਾ ਕਰਨ ਲਈ ਦੁਨੀਆ ਭਰ ਵਿੱਚ ਨਾਮਣਾ ਖੱਟਿਆ ਹੈ ਅਤੇ ਦੇਸ਼ ਦੇ ਨਾਮੀ ਵਿੱਦਿਅਕ ਸੰਸਥਾਵਾਂ ਨੂੰ ਪਛਾੜ ਦਿੱਤਾ ਹੈ। ਪਲਾਕਸ਼ਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰੁਦਰ ਪ੍ਰਤਾਪ ਨੇ ਕਿਹਾ ਕਿ ਖੋਜ ਕਾਰਜਾਂ ਦੀ ਸ਼ੁਰੂਆਤ ਕਰਨ ਵਾਲੀ ਸਦੀਆਂ ਪੁਰਾਣੀ ਤਕਸ਼ੀਲਾ ਯੂਨੀਵਰਸਿਟੀ ਦੀ ਤਰਜ਼ ’ਤੇ ਉਨ੍ਹਾਂ ਦੀ ਸੰਸਥਾ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …