
ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਦੀ ਯੋਜਨਾ ’ਤੇ ਕੰਮ ਕਰ ਰਹੀਆਂ ਨੇ ਸਮੇਂ ਦੀਆਂ ਸਰਕਾਰਾਂ: ਕਾਹਲੋਂ
ਹੜ੍ਹਾਂ ਕਾਰਨ ਬਰਬਾਦ ਹੋਏ ਪੰਜਾਬ ਦੇ ਕਿਸਾਨਾਂ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ
ਨਬਜ਼-ਏ-ਪੰਜਾਬ, ਮੁਹਾਲੀ, 25 ਅਗਸਤ:
ਮੁਹਾਲੀ ਦੇ ਸਾਬਕਾ ਕੌਂਸਲਰ ਅਤੇ ਸਮਾਜ ਸੇਵੀ ਆਗੂ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸਰਕਾਰਾਂ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਦੀ ਯੋਜਨਾ ਤੇ ਕੰਮ ਕਰ ਰਹੀਆਂ ਹਨ ਹੈ ਅਤੇ ਇਨ੍ਹਾਂ ਦੇ ਮਨਸੂਬੇ ਪੰਜਾਬ ਤੇ ਹਰਿਆਣਾ ਦੀ ਜ਼ਮੀਨ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੇ ਹਨ। ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਕਾਹਲੋਂ ਨੇ ਕਿਹਾ ਕਿ ਦੇਸ਼ ਦਾ ਅੌਖੇ ਸਮੇਂ ਪੇਟ ਭਰਨ ਵਾਲੇ ਅਤੇ ਦੇਸ਼ ਨੂੰ ਅਨਾਜ ਪੱਖੋਂ ਆਤਮ-ਨਿਰਭਰ ਕਰਨ ਵਾਲੇ ਪੁਰਾਣੇ ਪੰਜਾਬ ਦੇ ਕਿਸਾਨਾਂ ਨੂੰ ਅੱਜ ਜਲਾਲਤ ਭਰੀ ਜ਼ਿੰਦਗੀ ਜੀਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਉਹਨਾਂ ਨੂੰ ਨਾ ਤਾਂ ਜਿਣਸਾਂ ਦੇ ਭਾਅ ਮਿਲ ਰਹੇ ਹਨ ਅਤੇ ਨਾ ਹੀ ਕੁਦਰਤੀ ਆਫ਼ਤਾਂ ਵੇਲੇ ਸਰਕਾਰਾਂ ਵੱਲੋਂ ਢੁੱਕਵਾਂ ਮੁਆਵਜ਼ਾ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਿਛਲੇ 2 ਸਾਲਾਂ ਦੌਰਾਨ ਕਿਸਾਨਾਂ ਦੀਆਂ ਫਸਲਾਂ ਲਗਾਤਾਰ ਖਰਾਬ ਹੋਈਆਂ ਹਨ, ਪ੍ਰੰਤੂ ਇਸ ਬਰਸਾਤ ਦੇ ਮੌਸਮ ਵਿੱਚ ਜਿੱਥੇ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋ ਗਈਆਂ ਉੱਥੇ ਦਰਿਆਵਾਂ ਦੇ ਰੇਤਾ ਵੀ ਜ਼ਮੀਨਾਂ ’ਤੇ ਆ ਰਿਹਾ ਹੈ, ਜਿਸ ਨੂੰ ਹਟਾਉਣ ਲਈ ਖਰਚ ਆਵੇਗਾ। ਉਨ੍ਹਾਂ ਸਰਕਾਰਾਂ ਨੂੰ ਪੁੱਛਿਆ ਕਿ ਫਸਲ ਬੀਮਾ ਯੋਜਨਾ ਤਹਿਤ ਕਾਰਪੋਰੇਟ ਘਰਾਣਿਆ ਦੀਆਂ ਬੀਮਾ ਕੰਪਨੀਆਂ ਨੂੰ ਦਿੱਤੀ ਹਜ਼ਾਰਾਂ ਕਰੋੜ ਰੁਪਏ ਦੀ ਰਾਸ਼ੀ ’ਚੋਂ ਹੁਣ ਕਿਸਾਨਾਂ ਨੂੰ ਭੁਗਤਾਨ ਕਿਉਂ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਅੱਜ ਕਿਸਾਨ ਖੇਤ ਮਜ਼ਦੂਰ ਅਤੇ ਪੇਂਡੂ ਛੋਟਾ ਦੁਕਾਨਦਾਰ ਬਹੁਤ ਮੁਸੀਬਤ ਵਿੱਚ ਹਨ ਪਰੰਤੂ ਸਰਕਾਰਾਂ ਵੱਲੋੱ ਕੋਈ ਢੁਕਵਾਂ ਮੁਆਵਜਾ ਨਹੀਂ ਦਿੱਤਾ ਜਾ ਰਿਹਾ ਅਤੇ ਨੌਜਵਾਨ ਸਰਕਾਰਾਂ ਦੀ ਬੇਰੁੱਖੀ ਕਾਰਨ ਪਹਿਲਾਂ ਹੀ ਪੰਜਾਬ ਤੋਂ ਵਿਦੇਸ਼ਾਂ ਨੂੰ ਜਾ ਰਹੇ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਹੜ੍ਹਾਂ ਦੇ ਨੁਕਸਾਨ ਦਾ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਨੌਜਵਾਨਾਂ ਨੂੰ ਵਿੱਦਿਅਕ ਯੋਗਤਾ ਮੁਤਾਬਕ ਰੁਜ਼ਗਾਰ ਦੇ ਕੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦੇ ਯੋਗ ਬਣਾਇਆ ਜਾਵੇ।