
ਸਿਹਤ ਵਿਭਾਗ ਨੇ ਮੁਹਾਲੀ ਜ਼ਿਲ੍ਹੇ ’ਚ ਕੋਵਿਡ ਟੈਸਟਿੰਗ ਤੇ ਟੀਕਾਕਰਨ ਦਾ ਕੰਮ ਤੇਜ਼
30 ਦਿਨਾਂ ’ਚ 10,23,539 ਵਿਅਕਤੀਆਂ ਦੇ ਕੋਵਿਡ ਟੈਸਟ ਕੀਤੇ: ਸਿਵਲ ਸਰਜਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜਨਵਰੀ:
ਵਿਦੇਸ਼ ਮੁਲਕਾਂ ਵਿੱਚ ਲਗਾਤਾਰ ਵੱਧ ਰਹੇ ਕੋਵਿਡ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਨੇ ਮੁਹਾਲੀ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕੋਵਿਡ ਜਾਂਚ ਅਤੇ ਟੀਕਾਕਰਨ ਦੇ ਕੰਮ ਨੂੰ ਤੇਜ਼ ਕਰ ਦਿੱਤਾ ਹੈ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਕੋਵਿਡ ਟੈਸਟਿੰਗ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਪਿਛਲੇ 15 ਦਿਨਾਂ ਦੌਰਾਨ ਕੋਵਿਡ ਟੈਸਟਿੰਗ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਪਿਛਲੇ 30 ਦਿਨਾਂ ਵਿੱਚ ਹੁਣ ਤੱਕ ਕੋਵਿਡ ਦੇ 10,23,539 ਟੈਸਟ ਕੀਤੇ ਜਾ ਚੁੱਕੇ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਵੱਖ-ਵੱਖ ਸਾਧਨਾਂ ਰਾਹੀਂ ਆਮ ਲੋਕਾਂ ਨੂੰ ਕੋਵਿਡ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਲਗਾਤਾਰ ਖੰਘ, ਜ਼ੁਕਾਮ, ਬੁਖ਼ਾਰ ਹੋਣ ’ਤੇ ਤੁਰੰਤ ਕੋਵਿਡ ਟੈਸਟ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਫੇਜ਼-6 ਸਮੇਤ ਸਬ-ਡਵੀਜ਼ਨਲ ਹਸਪਤਾਲ ਖਰੜ ਅਤੇ ਡੇਰਾਬੱਸੀ, ਕਮਿਊਨਿਟੀ ਸਿਹਤ ਕੇਂਦਰ ਕੁਰਾਲੀ, ਢਕੋਲੀ, ਲਾਲੜੂ, ਬਨੂੜ ਅਤੇ ਪ੍ਰਾਇਮਰੀ ਹੈਲਥ ਸੈਂਟਰ ਘੜੂੰਆਂ ਅਤੇ ਬੂਥਗੜ੍ਹ ਵਿੱਚ ਵੀ ਕੋਵਿਡ ਦੇ ਸੈਂਪਲ ਲਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕੋਵਿਡ ਟੈਸਟਿੰਗ ਬਿਲਕੁਲ ਮੁਫ਼ਤ ਹੈ ਅਤੇ ਕੋਈ ਵੀ ਵਿਅਕਤੀ ਸੈਂਪਲ ਦੇ ਸਕਦਾ ਹੈ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਨੇ ਦੱਸਿਆ ਕਿ ਫਿਲਹਾਲ ਪੰਜਾਬ ਵਿੱਚ ਭਾਵੇਂ ਕੋਵਿਡ ਦੇ ਨਵੇਂ ਸਰੂਪ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਪ੍ਰੰਤੂ ਸੰਭਾਵੀ ਖ਼ਤਰੇ ਨੂੰ ਦੇਖਦਿਆਂ ਕੋਵਿਡ ਟੀਕਾਕਰਨ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਹਾਮਾਰੀ ਤੋਂ ਬਚਾਅ ਲਈ ਕੋਵਿਡ ਟੀਕਾਕਰਨ ਬੇਹੱਦ ਜ਼ਰੂਰੀ ਹੈ। ਜਿਨ੍ਹਾਂ ਲੋਕਾਂ ਨੇ ਹਾਲੇ ਤੱਕ ਕੋਵਿਡ ਟੀਕਾ ਨਹੀਂ ਲਗਵਾਇਆ ਹੈ, ਉਹ ਤੁਰੰਤ ਟੀਕਾਕਰਨ ਕਰਵਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕੋਵਿਡ ਟੀਕਾਕਰਨ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਵਿਡ ਦੇ ਮੁਕੰਮਲ ਖ਼ਾਤਮੇ ਲਈ ਲੋਕਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਮਾਸਕ ਪਾਉਣ ਤੇ ਵਾਰ-ਵਾਰ ਹੱਥ ਧੋਣ ਜਿਹੇ ਬੁਨਿਆਦੀ ਪ੍ਰੋਟੋਕਾਲ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਸਬੰਧੀ ਸਰਕਾਰ ਨੇ ਵੀ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਭੀੜ ਵਾਲੀਆਂ ਥਾਵਾਂ, ਬੱਸਾਂ, ਟੈਕਸੀਆਂ, ਸਿਨੇਮਾ ਹਾਲ, ਖ਼ਰੀਦਦਾਰੀ ਕੇਂਦਰਾਂ, ਦੁਕਾਨਾਂ ’ਤੇ ਜਾਣ ਸਮੇਂ ਮਾਸਕ ਪਾਇਆ ਜਾਵੇ। ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰਕੇ ਵੀ ਡਾਕਟਰੀ ਸਲਾਹ ਲਈ ਜਾ ਸਕਦੀ ਹੈ।