ਸਿਹਤ ਵਿਭਾਗ ਨੇ ਜੁਝਾਰ ਨਗਰ ਵਿੱਚ ਮਲੇਰੀਆ ਬਾਰੇ ਜਾਗਰੂਕਤਾ ਰੈਲੀ ਕੱਢੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੂਨ:
ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਮਲੇਰੀਆ ਤੋਂ ਬਚਾਅ ਲਈ ਮੁਹਾਲੀ ਦੀ ਜੂਹ ਵਿੱਚ ਵੱਸਦੇ ਜੁਝਾਰ ਨਗਰ ਵਿੱਚ ਮਲੇਰੀਆ ਬਾਰੇ ਜਾਗਰੂਕਤਾ ਰੈਲੀ ਕੱਢੀ ਗਈ। ਜਿਸ ਨੂੰ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੀ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਰੂਰਲ ਮੈਡੀਕਲ ਅਫ਼ਸਰ ਡਾ. ਕਿਰਨਦੀਪ ਕੌਰ ਨੇ ਦੱਸਿਆ ਕਿ ਇਸ ਦੌਰਾਨ ਪਿੰਡ ਵਾਸੀਆਂ ਨੂੰ ਮਲੇਰੀਆ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਐਸਐਮਓ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਮਲੇਰੀਆ ਰੋਕਥਾਮ ਲਈ ਜਿੱਥੇ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਵੱਖ-ਵੱਖ ਥਾਵਾਂ ’ਤੇ ਸਿਹਤ ਜਾਂਚ ਦਾ ਕੰਮ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਮਲੇਰੀਆ ਗੰਭੀਰ ਕਿਸਮ ਦਾ ਬੁਖ਼ਾਰ ਹੈ ਜੋ ਮਾਦਾ ਐਨਾਫ਼ਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਬੁਖ਼ਾਰ ਫੈਲਾਉਣ ਵਾਲਾ ਮੱਛਰ ਬਰਸਾਤ ਦੇ ਮੌਸਮ ਵਿੱਚ ਵਧਦਾ-ਫੁਲਦਾ ਹੈ। ਉਨ੍ਹਾਂ ਦੱਸਿਆ ਕਿ ਠੰਢ ਅਤੇ ਕਾਂਬੇ ਨਾਲ ਰੋਜ਼ਾਨਾ ਜਾਂ ਤੀਜੇ ਦਿਨ ਬੁਖ਼ਾਰ ਹੋਣਾ, ਉਲਟੀਆਂ ਤੇ ਸਿਰਦਰਦ ਹੋਣਾ, ਬੁਖ਼ਾਰ ਉੱਤਰਨ ਮਗਰੋਂ ਥਕਾਵਟ ਤੇ ਕਮਜ਼ੋਰੀ ਹੋਣਾ, ਬੁਖ਼ਾਰ ਉੱਤਰਨ ’ਤੇ ਸਰੀਰ ਦਾ ਪਸੀਨੋ-ਪਸੀਨਾ ਹੋਣਾ ਆਦਿ ਮਲੇਰੀਆ ਦੇ ਮੁੱਖ ਲੱਛਣ ਹਨ। ਖ਼ੂਨ ਦੀ ਜਾਂਚ ਕਰਵਾਉਣ ’ਤੇ ਮਲੇਰੀਆ ਹੋਣ ਜਾਂ ਨਾ ਹੋਣ ਬਾਰੇ ਪਤਾ ਲੱਗ ਜਾਂਦਾ ਹੈ। ਜੇ ਮਲੇਰੀਆ ਨਿਕਲਦਾ ਹੈ ਤਾਂ ਇਸ ਦਾ ਇਲਾਜ ਸੰਭਵ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਥਾਂ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਇਕੱਠੇ ਹੋਏ ਪਾਣੀ ਵਿੱਚ ਕਾਲਾ ਤੇਲ ਪਾਇਆ ਜਾਵੇ ਅਤੇ ਛੱਤ ’ਤੇ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰੱਖਿਆ ਜਾਵੇ। ਪੂਰਾ ਸਰੀਰ ਢੱਕ ਕੇ ਰੱਖਣ ਵਾਲੇ ਕੱਪੜੇ ਧਾਰਨ ਕੀਤੇ ਜਾਣ, ਰਾਤ ਨੂੰ ਸੌਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਲੇਰੀਆ ਦੀ ਜਾਂਚ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਸੀਐਚਓ ਡਾ. ਜਯੋਤੀ, ਸਿਹਤ ਵਰਕਰ ਰਣਜੀਤ ਕੌਰ, ਕੁਲਵਿੰਦਰ ਕੌਰ, ਰਘਬੀਰ ਸਿੰਘ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਮੁਹਾਲੀ ਪੂਰਨ ਬੰਦ ਰਿਹਾ, 18 ਥਾਵਾਂ ’ਤੇ ਸੜਕਾਂ ਜਾਮ ਕਰਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

ਜ਼ਿਲ੍ਹਾ ਮੁਹਾਲੀ ਪੂਰਨ ਬੰਦ ਰਿਹਾ, 18 ਥਾਵਾਂ ’ਤੇ ਸੜਕਾਂ ਜਾਮ ਕਰਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ ਮੁਹਾਲੀ-ਖਰੜ…