ਸਿਹਤ ਵਿਭਾਗ ਨੇ ਸੈਣੀ ਮਾਜਰਾ ਵਿੱਚ ਮਲੇਰੀਆ ਵਿਰੁੱਧ ਜਾਗਰੂਕਤਾ ਰੈਲੀ ਕੱਢੀ

ਐਸਐਮਓ ਡਾ. ਅਲਕਜੋਤ ਕੌਰ ਨੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਲਈ ਕਿਹਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜੂਨ:
ਜ਼ਿਲ੍ਹਾ ਸਿਹਤ ਵਿਭਾਗ ਨੇ ਮਲੇਰੀਆ ਖ਼ਿਲਾਫ਼ ਜਾਗਰੂਕਤਾ ਦਾ ਹੋਕਾ ਦਿੰਦੇ ਹੋਏ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਪਿੰਡ ਸੈਣੀ ਮਾਜਰਾ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ। ਉਨ੍ਹਾਂ ਕਿਹਾ ਕਿ ਜੂਨ ਮਹੀਨੇ ਨੂੰ ਮਲੇਰੀਆ-ਵਿਰੋਧੀ ਮਹੀਨੇ ਵਜੋਂ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਇਹ ਜਾਗਰੂਕਤਾ ਰੈਲੀ ਕੱਢੀ ਗਈ। ਉਨ੍ਹਾਂ ਕਿਹਾ ਕਿ ਮਲੇਰੀਆ ਗੰਭੀਰ ਕਿਸਮ ਦਾ ਬੁਖ਼ਾਰ ਹੈ ਜੋ ਮਾਦਾ ਐਨਾਫ਼ਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਬਰਸਾਤ ਦੇ ਮੌਸਮ ਵਿੱਚ ਵਧਦਾ-ਫੁਲਦਾ ਹੈ।
ਐਸਐਮਓ ਨੇ ਦੱਸਿਆ ਕਿ ਠੰਢ ਅਤੇ ਕਾਂਬੇ ਨਾਲ ਰੋਜ਼ਾਨਾ ਜਾਂ ਤੀਜੇ ਦਿਨ ਬੁਖ਼ਾਰ ਹੋਣਾ, ਉਲਟੀਆਂ ਤੇ ਸਿਰਦਰਦ ਹੋਣਾ, ਬੁਖ਼ਾਰ ਉੱਤਰਨ ਮਗਰੋਂ ਥਕਾਵਟ ਤੇ ਕਮਜ਼ੋਰੀ ਹੋਣਾ, ਸਰੀਰ ਦਾ ਪਸੀਨੋ-ਪਸੀਨਾ ਹੋਣਾ ਆਦਿ ਮਲੇਰੀਆ ਦੇ ਮੁੱਖ ਲੱਛਣ ਹਨ। ਖ਼ੂਨ ਦੀ ਜਾਂਚ ਕਰਵਾਉਣ ’ਤੇ ਮਲੇਰੀਆ ਹੋਣ ਜਾਂ ਨਾ ਹੋਣ ਬਾਰੇ ਪਤਾ ਲੱਗ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਥਾਂ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਪਾਣੀ ਵਿੱਚ ਕਾਲਾ ਤੇਲ ਪਾਇਆ ਜਾਵੇ ਅਤੇ ਛੱਤ ’ਤੇ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰੱਖਿਆ ਜਾਵੇ। ਉਨ੍ਹਾਂ ਨੇ ਆਮ ਲੋਕਾਂ ਨੂੰ ਪੂਰਾ ਸਰੀਰ ਢੱਕ ਕੇ ਰੱਖਣ ਵਾਲੇ ਕੱਪੜੇ ਪਾਉਣ ਅਤੇ ਰਾਤ ਨੂੰ ਸੌਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਦੀ ਵਰਤੋਂ ਕਰਨ ਲਈ ਪ੍ਰੇਰਿਆ।
ਡਾ. ਅਲਕਜੋਤ ਕੌਰ ਨੇ ਕਿਹਾ ਕਿ ਪੰਜਾਬ ਨੂੰ ਮਲੇਰੀਆ ਤੋਂ ਪੂਰੀ ਤਰ੍ਹਾਂ ਮੁਕਤ ਕਰਨ ਦੇ ਟੀਚੇ ਦੀ ਪ੍ਰਾਪਤੀ ਲਈ ਉਹ ਨਿਰੰਤਰ ਸਰਗਰਮ ਹਨ। ਉਨ੍ਹਾਂ ਕਿਹਾ ਕਿ ਮਲੇਰੀਆ ਬੁਖ਼ਾਰ ਦੇ ਲੱਛਣ ਦਿਸਣ ’ਤੇ ਤੁਰੰਤ ਨੇੜਲੇ ਸਿਹਤ ਕੇਂਦਰ ਵਿੱਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਲੇਰੀਆ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਇਸ ਮੌਕੇ ਹੈਲਥ ਸੁਪਰਵਾਈਜ਼ਰ ਗੁਰਤੇਜ ਸਿੰਘ, ਭੁਪਿੰਦਰ ਸਿੰਘ, ਸਾਕਸ਼ੀ, ਹੈਲਥ ਵਰਕਰ ਤੇ ਆਸ਼ਾ ਵਰਕਰ ਮੌਜੂਦ ਸਨ।

Load More Related Articles

Check Also

ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ

ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 23 ਮਈ: ਇੱ…