
ਸਿਹਤ ਮੰਤਰੀ ਨੇ ਲੋਕਾਂ ਨੂੰ ਡੇਂਗੂ, ਮਲੇਰੀਆ, ਚਿਕਨਗੁਣੀਆਂ ਤੋਂ ਬਚਾਉਣ ਦਾ ਬੀੜਾ ਚੁੱਕਿਆ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਦੀ ਕੀਤੀ ਅਗਵਾਈ
ਸੈਕਟਰ-78 ਵਿੱਚ ਪਾਰਕ ਅਤੇ ਘਰ-ਘਰ ਜਾ ਕੇ ਮੰਤਰੀ ਨੇ ਖ਼ੁਦ ਕੀਤੀ ਡੇਂਗੂ ਲਾਰਵੇ ਦੀ ਜਾਂਚ
ਨਬਜ਼-ਏ-ਪੰਜਾਬ, ਮੁਹਾਲੀ, 11 ਅਗਸਤ:
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਮ ਲੋਕਾਂ ਨੂੰ ਡੇਂਗੂ, ਮਲੇਰੀਆ, ਚਿਕਨਗੁਣੀਆਂ ਅਤੇ ਹੋਰ ਬਿਮਾਰੀਆਂ ਤੋਂ ਬਚਾਉਣ ਦਾ ਬੀੜਾ ਚੁੱਕਿਆ ਹੈ। ਉਹ ਰਿਹਾਇਸ਼ੀ ਪਾਰਕਾਂ ਅਤੇ ਘਰ-ਘਰ ਜਾ ਕੇ ਖ਼ੁਦ ਡੇਂਗੂ ਦਾ ਲਾਰਵਾ ਚੈੱਕ ਕਰ ਰਹੇ ਹਨ। ਪਿਛਲੇ ਦਿਨੀਂ ਉਨ੍ਹਾਂ ਨੇ ਪਿੰਡ ਬਹਿਲੋਲਪੁਰ ਦਾ ਦੌਰਾ ਕਰਕੇ ਡੇਂਗੂ ਦਾ ਲਾਰਵਾ ਚੈੱਕ ਕੀਤਾ ਸੀ ਅਤੇ ਅੱਜ ਉਹ (ਮੰਤਰੀ) ਉੱਚ ਅਧਿਕਾਰੀਆਂ ਨੂੰ ਲੈ ਕੇ ਮੁਹਾਲੀ ਦੇ ਇਤਿਹਾਸਕ ਨਗਰ ਸੋਹਾਣਾ (ਸੈਕਟਰ-78) ਪਹੁੰਚ ਗਏ। ਜਿੱਥੇ ਉਨ੍ਹਾਂ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਦੀ ਅਗਵਾਈ ਕੀਤੀ ਅਤੇ ਘਰ-ਘਰ ਜਾ ਕੇ ਡੇਂਗੂ ਲਾਰਵੇ ਦੀ ਖ਼ੁਦ ਜਾਂਚ ਕੀਤੀ ਅਤੇ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰ ਨੂੰ ਜਾਗਰੂਕ ਕਰਨ ਲਈ ਇਸ ਕਰਕੇ ਚੁਣਿਆ ਗਿਆ ਕਿਉਂਕਿ ਪਿਛਲੇ ਸਾਲ ਡੇਂਗੂ ਦਾ ਹੌਟਸਪੌਟ ਸੀ। ਮੰਤਰੀ ਨੇ ਖਾਲੀ ਪਲਾਟਾਂ ਵਿੱਚ ਮਿਲੇ ਡੇਂਗੂ ਲਾਰਵੇ ਦਾ ਗੰਭੀਰ ਨੋਟਿਸ ਲਿਆ ਅਤੇ ਨਿਗਮ ਕਮਿਸ਼ਨਰ ਨੂੰ ਬਣਦੀ ਕਾਰਵਾਈ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਨੇ ਅਜਿਹੇ ਹੀ ਇੱਕ ਪਲਾਟ ਵਿੱਚ ਗੰਬੂਸ਼ੀਆ ਮੱਛੀ ਨੂੰ ਖੜ੍ਹੇ ਪਾਣੀ ਵਿੱਚ ਛੱਡਿਆ।
ਇਸ ਮੌਕੇ ਮੁਹਾਲੀ ਨਗਰ ਨਿਗਮ ਦੀ ਕਮਿਸ਼ਨਰ ਨਵਜੋਤ ਕੌਰ, ਸਿਹਤ ਵਿਭਾਗ ਦੀ ਡਾਇਰੈਕਟਰ ਡਾ. ਆਦਰਸ਼ਪਾਲ ਕੌਰ, ਐਸਡੀਐਮ ਰਵਿੰਦਰ ਸਿੰਘ, ਸਿਵਲ ਸਰਜਨ ਡਾ. ਮਹੇਸ਼ ਆਹੂਜਾ, ਸਟੇਟ ਪ੍ਰੋਗਰਾਮ ਅਫ਼ਸਰ ਡਾ. ਅਰਸ਼ਦੀਪ ਕੌਰ ਅਤੇ ਹੋਰ ਅਧਿਕਾਰੀ ਮੌਜੂਦ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਲੋੜ ਅਨੁਸਾਰ ਸਰਕਾਰੀ ਹਸਪਤਾਲਾਂ ਨੂੰ ਅਪਗਰੇਡ ਕੀਤਾ ਜਾਵੇਗਾ। 583 ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਤਬਦੀਲ ਕੀਤਾ ਗਿਆ ਹੈ ਅਤੇ 1ਆਜ਼ਾਦੀ ਦਿਹਾੜੇ ’ਤੇ ਮੁੱਖ ਮੰਤਰੀ ਭਗਵੰਤ ਮਾਨ 82 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨਗੇ। ਜਦੋਂਕਿ 40 ਤੋਂ ਵੱਧ ਜ਼ਿਲ੍ਹਾ ਪੱਧਰੀ ਹਸਪਤਾਲ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਅੰਦਰ ਚਾਰ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਨਿਊਰੋ ਸਰਜਰੀ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਦਾ ਗਰੀਬ ਲੋਕਾਂ ਨੂੰ ਵੱਡਾ ਲਾਭ ਮਿਲੇਗਾ ਕਿਉਂਕਿ ਪ੍ਰਾਈਵੇਟ ਹਸਪਤਾਲਾਂ ਵਿੱਚ ਇਹ ਮਹਿੰਗਾ ਇਲਾਜ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਸਿੱਖਿਆ ਤੇ ਜਾਗਰੂਕਤਾ ਡੇਂਗੂ ਤੋਂ ਬਚਾਅ ਦੀ ਕੁੰਜੀ ਹੈ ਅਤੇ ਇਹ ਆਈਈਸੀ (ਸੂਚਨਾ ਸਿੱਖਿਆ ਅਤੇ ਸੰਚਾਰ) ਮੁਹਿੰਮ ਦਸੰਬਰ ਤੱਕ ਜਾਰੀ ਰਹੇਗੀ ਜਦੋਂ ਤੱਕ ਮੱਛਰ ਦੇ ਲਾਰਵੇ ਦਾ ਪ੍ਰਜਣਨ ਸੀਜ਼ਨ ਖ਼ਤਮ ਨਹੀਂ ਹੋ ਜਾਂਦਾ। ਉਨ੍ਹਾਂ ਦੱਸਿਆ ਕਿ ਭਾਵੇਂ ਡੇਂਗੂ ਦਾ ਟੈੱਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਹੈ ਪਰ ਅਸੀਂ ਕੁਝ ਸਾਧਾਰਨ ਸਾਵਧਾਨੀਆਂ ਅਪਣਾ ਕੇ ਡੇਂਗੂ ਤੋਂ ਖ਼ੁਦ ਨੂੰ ਬਚਾ ਸਕਦੇ ਹਾਂ। ਉਨ੍ਹਾਂ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਗਲੀ ਮੁਹੱਲਿਆਂ ਵਿੱਚ ਲੋਕਾਂ ਨੂੰ ਜ਼ਰੂਰੀ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਜਾਵੇ।