ਪੰਜਾਬ ਹੋਮਗਾਰਡ ਦੇ ਮ੍ਰਿਤਕ ਮੁਲਾਜ਼ਮਾਂ ਦੇ ਵਾਰਸ ਹੁਕਮਰਾਨਾਂ ਦੇ ਹਾੜੇ ਕੱਢਣ ਲਈ ਮਜਬੂਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਫਰਵਰੀ:
ਪੰਜਾਬ ਵਿੱਚ ਹੋਮਗਾਰਡ ਦੀ ਨੌਕਰੀ ਸਮੇਂ ਡਿਊਟੀ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰ ਤਰਸ ਦੇ ਆਧਾਰ ’ਤੇ ਨੌਕਰੀ ਅਤੇ ਹੋਰ ਸਹੂਲਤਾਂ ਦਾ ਲਾਭ ਲੈਣ ਲਈ ਹੁਕਮਰਾਨਾਂ ਦੇ ਹਾੜੇ ਕੱਢ ਰਹੇ ਹਨ ਲੇਕਿਨ ਹੁਣ ਤੱਕ ਕਿਸੇ ਸਰਕਾਰ ਨੇ ਉਨ੍ਹਾਂ ਦੀ ਬਾਂਹ ਨਹੀਂ ਫੜੀ। ਅੱਜ ਇੱਥੇ ਮੁਹਾਲੀ ਪ੍ਰੈਸ ਕਲੱਬ ਵਿਖੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਪੰਜਾਬ ਹੋਮਗਾਰਡ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਪ੍ਰੈਸ ਸਕੱਤਰ ਅਮਰਜੀਤ ਸਿੰਘ ਅਤੇ ਕੈਸ਼ੀਅਰ ਅਮਨਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਪਿਤਾ ਦੀ ਡਿਊਟੀ ਦੌਰਾਨ ਮੌਤ ਹੋ ਗਈ ਸੀ ਪਰ ਪੀੜਤ ਪਰਿਵਾਰਾਂ ਨੂੰ ਸਮੇਂ ਦੀਆਂ ਸਰਕਾਰਾਂ ਨੇ ਕੋਈ ਰਾਹਤ ਨਹੀਂ ਦਿੱਤੀ।
ਉਨ੍ਹਾਂ ਦੱਸਿਆ ਕਿ ਪੰਜਾਬ ਹੋਮਗਾਰਡ ਵਿੱਚ ਡਿਊਟੀ ਦੌਰਾਨ ਸਾਲ 2007 ਤੋਂ ਬਾਅਦ 2022 ਤੱਕ ਪੀੜਤ ਪਰਿਵਾਰਾਂ ਨੂੰ ਤਰਸ ਦੇ ਆਧਾਰ ’ਤੇ ਸਰਕਾਰ ਨੇ ਜ਼ਰੂਰ ਨੌਕਰੀ ਦਿੱਤੀ ਪ੍ਰੰਤੂ 2007 ਤੋਂ ਪਹਿਲਾਂ ਕਿਸੇ ਪੀੜਤ ਪਰਿਵਾਰ ਦੇ ਮੈਂਬਰ ਨੂੰ ਤਰਸ ਦੇ ਆਧਾਰ ’ਤੇ ਨੌਕਰੀ ਨਹੀਂ ਦਿੱਤੀ ਗਈ ਅਤੇ ਨਾ ਹੀ ਸਹਾਰੇ ਲਈ ਪੈਨਸ਼ਨ ਦਿੱਤੀ ਗਈ। ਜਦੋਂਕਿ ਉਨ੍ਹਾਂ ਦੇ ਬਜ਼ੁਰਗਾਂ ਨੇ ਅਤਿਵਾਦ ਦੌਰਾਨ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਡਿਊਟੀ ਨਿਭਾਈ ਗਈ। ਉਨ੍ਹਾਂ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਸਰਕਾਰਾਂ ਕੋਲੋਂ ਇਨਸਾਫ਼ ਦੀ ਮੰਗ ਕਰਦੇ ਆ ਰਹੇ ਹਨ ਅਤੇ ਸਬੰਧਤ ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਗਏ ਪ੍ਰੰਤੂ ਕਿਸੇ ਨੇ ਉਨ੍ਹਾਂ ਨੂੰ ਸਹਾਰਾ ਦੇਣ ਦੀ ਹਾਮੀ ਨਹੀਂ ਭਰੀ।
ਪੀੜਤ ਪਰਿਵਾਰਾਂ ਦੇ ਵਾਰਸਾਂ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਓਐਸਡੀ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਦਿੱਤਾ ਗਿਆ ਸੀ ਪ੍ਰੰਤੂ ਹੁਣ ਤੱਕ ਭਗਵੰਤ ਮਾਨ ਨੇ ਮੀਟਿੰਗ ਦਾ ਸਮਾਂ ਨਹੀਂ ਦਿੱਤਾ। ਉਨ੍ਹਾਂ ਪੰਜਾਬ ਸਰਕਾਰ ਨੂੰ 20 ਦਿਨ ਦਾ ਅਲਟੀਮੇਟਮ ਦਿੰਦੇ ਹੋਏ ਚਿਤਾਵਨੀ ਦਿੱਤੀ ਕਿ ਜੇਕਰ ਇਸ ਦੌਰਾਨ ਸਰਕਾਰ ਨੇ ਉਨ੍ਹਾਂ ਨੂੰ ਇਨਸਾਫ਼ ਨਹੀਂ ਦਿੱਤ ਤਾਂ ਉਹ ਪਰਿਵਾਰਾਂ ਸਮੇਤ ਭੁੱਖ ਹੜਤਾਲ ਸ਼ੁਰੂ ਕਰਨਗੇ। ਇਸ ਮੌਕੇ ਬਿੱਕੀ ਰਾਮ, ਦਿਲਬਾਗ ਸਿੰਘ ਵੀ ਹਾਜ਼ਰ ਸਨ।

Check Also

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ‘ਧਰਤੀ ਦਿਵਸ’ ਮਨਾਇਆ

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ‘ਧਰਤੀ ਦਿਵਸ’ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 22 ਅਪਰੈਲ: ਇੱਥੋਂ ਦੇ ਸੰਤ…