ਲੰਪੀ ਸਕਿਨ ਤੇ ਦੁੱਧ ਦੇ ਭਾਅ ਦਾ ਮਾਮਲਾ: ਕਿਸਾਨਾਂ ਤੇ ਪਸ਼ੂ ਪਾਲਕਾਂ ਵੱਲੋਂ ਰੋਸ ਪ੍ਰਦਰਸ਼ਨ

ਪੰਜਾਬ ਦੇ ਆਪ ਵਿਧਾਇਕਾਂ ਨੂੰ ਨਾ ਮੁੱਦਿਆਂ ਦੀ ਸਮਝ ਹੈ, ਨਾ ਸਮਝਣਾ ਚਾਹੁੰਦੇ ਨੇ: ਰਾਜੇਵਾਲ

ਕਿਸਾਨਾਂ ਤੇ ਪਸ਼ੂ ਪਾਲਕਾਂ ਦਾ ਵੇਰਕਾ ਮਿਲਕ ਪਲਾਂਟ ਮੁਹਾਲੀ ਦੇ ਬਾਹਰ ਲੜੀਵਾਰ ਧਰਨਾ ਧਰਨਾ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਗਸਤ:
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਅਤੇ ਹੋਰ ਜਥੇਬੰਦੀਆਂ ਵੱਲੋਂ ਉੱਘੇ ਕਿਸਾਨ ਆਗੂ ਪਰਮਿੰਦਰ ਸਿੰਘ ਚਲਾਕੀ ਦੀ ਅਗਵਾਈ ਹੇਠ ਪਸ਼ੂ ਪਾਲਕਾਂ ਦੇ ਹੱਕ ਵਿੱਚ ਇੱਥੋਂ ਦੇ ਫੇਜ਼-6 ਸਥਿਤ ਵੇਰਵਾ ਮਿਲਕ ਪਲਾਂਟ ਦੇ ਬਾਹਰ ਅਣਮਿਥੇ ਸਮੇਂ ਲਈ ਲੜੀਵਾਰ ਧਰਨਾ ਸ਼ੁਰੂ ਕੀਤਾ ਗਿਆ। ਪਹਿਲੇ ਦਿਨ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਧਰਨਾਕਾਰੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਆਪਣੇ ਹੱਕਾਂ ਲਈ ਇੱਕਜੁੱਟ ਹੋਣ ਲਈ ਪ੍ਰੇਰਿਆ। ਸਮੇਂ ਦੀਆਂ ਸਰਕਾਰਾਂ ’ਤੇ ਨਿਸ਼ਾਨਾ ਸਾਧਦਿਆਂ ਰਾਜੇ ਵਾਲ ਨੇ ਕਿਹਾ ਕਿ ਕੁੱਝ ਸਮਾਂ ਪਹਿਲਾਂ ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਨੂੰ ਲੰਪੀ ਸਕਿਨ ਬਾਰੇ ਚਿੱਠੀ ਲਿਖ ਕੇ ਕਿਹਾ ਸੀ ਕਿ ਰਾਜਸਥਾਨ ਤੋਂ ਪੰਜਾਬ ਜ਼ਿਆਦਾ ਦੂਰ ਹੈ। ਲਿਹਾਜ਼ਾ ਅਗੇਤੇ ਪ੍ਰਬੰਧ ਕੀਤੇ ਜਾਣ। ਇਹੀ ਨਹੀਂ ਇੱਕ ਚਿੱਠੀ ਝੋਨੇ ਦੀ ਬੀਮਾਰ ਬਾਰੇ ਲਿਖੀ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਝੋਨੇ ਦੇ ਬੂਟੇ ਦੀ ਗਰੋਥ ਰੁਕ ਗਈ ਹੈ ਪ੍ਰੰਤੂ ਸਰਕਾਰਾਂ ਗੂੜੀ ਨੀਂਦ ਵਿੱਚ ਸੁੱਤੀਆਂ ਪਈਆਂ ਹਨ। ਜਿਸ ਦਾ ਖ਼ਮਿਆਜ਼ਾ ਅੱਜ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਭੁਗਤਨਾ ਪੈ ਰਿਹਾ ਹੈ। ਪੰਜਾਬ ਸਮੇਤ ਦੇਸ਼ ਵਿੱਚ ਰੋਜ਼ਾਨਾ ਪਸ਼ੂ ਮਰ ਰਹੇ ਹਨ ਲੇਕਿਨ ਸਰਕਾਰਾਂ ਨੇ ਵੈਕਸੀਨ ਦਾ ਪ੍ਰਬੰਧ ਨਹੀਂ ਕੀਤਾ।
ਸ੍ਰੀ ਰਾਜੇ ਵਾਲ ਨੇ ਸੂਬਾ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ‘ਆਪ’ ਨੂੰ ਤੀਜੇ ਬਦਲ ਵਜੋਂ ਦੇਖਦਿਆਂ ਝਾੜੂ ਦੇ ਹੱਕ ਵਿੱਚ ਫ਼ਤਵਾ ਦਿੱਤਾ ਅਤੇ ਇਤਿਹਾਸ ਵਿੱਚ ਇਸ ਤੋਂ ਪਹਿਲਾਂ ਕਦੇ ਅਜਿਹੀ ਹਨੇਰੀ ਨਹੀਂ ਝੂਲੀ ਪ੍ਰੰਤੂ ਲੋਕਾਂ ਨੇ ਅਜਿਹੇ ‘ਆਪ’ ਵਿਧਾਇਕਾਂ ਨੂੰ ਚੁਣ ਕੇ ਭੇਜਿਆ। ਜਿਨ੍ਹਾਂ ਨੂੰ ਮੁੱਦਿਆਂ ਦੀ ਸਮਝ ਨਹੀਂ ਹੈ ਅਤੇ ਨਾ ਹੀ ਉਹ ਸਮਝਣਾ ਚਾਹੁੰਦੇ ਹਨ। ਲੰਪੀ ਸਕਿਨ ਬਾਰੇ ਸਰਕਾਰ ਅਤੇ ਮੰਤਰੀਆਂ ਦੀ ਚੁੱਪੀ ਨੇ ਪਸ਼ੂ ਪਾਲਕਾਂ ਦੀ ਚਿੰਤਾ ਵਧਾ ਦਿੱਤੀ ਹੈ। ਨੌਜਵਾਨਾਂ ਦੇ ਭਵਿੱਖ ਦੀ ਗੱਲ ਕਰਦਿਆਂ ਰਾਜੇ ਵਾਲ ਨੇ ਕਿਹਾ ਕਿ ਬੇਰੁਜ਼ਗਾਰੀ ਕਾਰਨ ਸੂਬੇ ਦੇ ਨੌਜਵਾਨ ਬਾਹਰਲੇ ਮੁਲਕਾਂ ਵਿੱਚ ਜਾ ਰਹੇ ਹਨ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਇਸ ਤੋਂ ਪਹਿਲਾਂ ਪਰਮਿੰਦਰ ਸਿੰਘ ਚਲਾਕੀ ਨੇ ਕਿਹਾ ਕਿ ਲੰਪੀ ਸਕਿਨ ਬੀਮਾਰੀ ਨਾਲ ਦੁਧਾਰੂ ਪਸ਼ੂ ਮਰਨ ਕਾਰਨ ਦੁੱਧ ਉਤਪਾਦਕਾਂ ਨੂੰ ਘੱਟੋ-ਘੱਟ 1250 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਅਤੇ ਇਸ ਬੀਮਾਰੀ ਨੇ ਡੇਅਰੀ ਖੇਤਰ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੰਪੀ ਸਕਿਨ ਤੋਂ ਪੀੜਤ ਕਰੀਬ ਲੱਖ ਦੁਧਾਰੂ ਪਸ਼ੂ ਮਰ ਚੁੱਕੇ ਹਨ ਅਤੇ ਵੱਡੀ ਗਿਣਤੀ ਵਿੱਚ ਪਸ਼ੂ ਇਸ ਮਹਾਮਾਰੀ ਦੀ ਲਪੇਟ ਵਿੱਚ ਆ ਚੁੱਕੇ ਹਨ ਪ੍ਰੰਤੂ ਜ਼ਿਆਦਾਤਰ ਪਸ਼ੂ ਹਸਪਤਾਲਾਂ ਵਿੱਚ ਨਾ ਡਾਕਟਰ ਪੂਰੇ ਹਨ ਅਤੇ ਨਾ ਹੀ ਦਵਾਈਆਂ ਦਾ ਸਟਾਕ ਉਪਲਬਧ ਹੈ। ਉਨ੍ਹਾਂ ਮੰਗ ਕੀਤੀ ਕਿ ਪੀੜਤ ਪਸ਼ੂ ਪਾਲਕਾਂ ਨੂੰ ਪ੍ਰਤੀ ਪਸ਼ੂ 1-1 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਅਤੇ ਬੀਮਾਰ ਪਸ਼ੂਆਂ ਦਾ ਮੁਫ਼ਤ ਇਲਾਜ ਕੀਤਾ ਜਾਵੇ। ਬੁਲਾਰਿਆਂ ਨੇ ਮੰਗ ਕੀਤੀ ਕਿ ਦੱੁਧ ਦੀ ਕੀਮਤ ਵਿੱਚ 10 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਜਾਵੇ, ਨਕਲੀ ਦੁੱਧ ਦੇ ਕਾਰੋਬਾਰ ਨੂੰ ਸਖ਼ਤੀ ਨਾਲ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਉਹ ਰਾਸ਼ਨ ਪਾਣੀ ਨਾਲ ਲੈ ਕੇ ਆਏ ਹਨ। ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ, ਉਦੋਂ ਤੱਕ ਸ਼ਾਂਤਮਈ ਧਰਨਾ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਗੁਪਤ ਐਕਸ਼ਨ ਅਤੇ ਆਵਾਜਾਈ ਠੱਪ ਕਰਨ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ।
ਇਸ ਮੌਕੇ ਕਿਸਾਨ ਆਗੂ ਪਰਮਦੀਪ ਸਿੰਘ ਬੈਦਵਾਨ, ਕਿਰਪਾਲ ਸਿੰਘ ਸਿਆਊ, ਲਖਵਿੰਦਰ ਸਿੰਘ ਕਰਾਲਾ, ਕੁਲਵੰਤ ਸਿੰਘ ਤ੍ਰਿਪੜੀ, ਲੋਕਹਿੱਤ ਮਿਸ਼ਨ ਦੇ ਆਗੂ ਗੁਰਮੀਤ ਸਿੰਘ ਸ਼ਾਟੂ, ਮਲਕੀਤ ਸਿੰਘ ਖੱਟੜਾ, ਨਰਿੰਦਰ ਸਿੰਘ ਮਾਵੀ, ਐਸਜੀਪੀਸੀ ਮੈਂਬਰ ਨਿਰਮੈਲ ਸਿੰਘ ਜੌਲਾ, ਦਵਿੰਦਰ ਸਿੰਘ ਬਾਜਵਾ, ਕੁਲਵਿੰਦਰ ਸਿੰਘ ਚੱਕਲਾ, ਮਨਦੀਪ ਸਿੰਘ ਖਿਜਰਾਬਾਦ, ਗਿਆਨ ਸਿੰਘ ਧੜਾਕ, ਭੁਪਿੰਦਰ ਸਿੰਘ ਜੱਲ੍ਹਾ, ਗੁਰਪ੍ਰੀਤ ਸਿੰਘ ਪਲਹੇੜੀ, ਕਸ਼ਮੀਰਾ ਸਿੰਘ ਲੁਧਿਆਣਾ, ਕਿਸਾਨ ਯੂਨੀਅਨ (ਕਾਦੀਆ) ਦੇ ਆਗੂ ਰੇਸ਼ਮ ਸਿੰਘ ਬਡਾਲੀ, ਗੁਰਮੇਲ ਸਿੰਘ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

Gian Jyoti announces scholarships for African students

Gian Jyoti announces scholarships for African students Nabaz-e-Punjab, Mohali, March 2, 20…