
ਆਪ ਵਿੱਚ ਸ਼ਾਮਲ ਹੋਣ ਵਾਲਿਆਂ ਦੀ ਕਤਾਰ ਲੰਮੀ ਹੋਈ: ਕੁਲਵੰਤ ਸਿੰਘ
ਸ਼੍ਰੋਮਣੀ ਅਕਾਲੀ ਦਲ ਦਾ ਸਰਕਲ ਪ੍ਰਧਾਨ ਮੋਹਣੀ ਤੇ ਜਗਤਪੁਰਾ ਦੇ ਕਾਫ਼ੀ ਨੌਜਵਾਨ ‘ਆਪ’ ਵਿੱਚ ਸ਼ਾਮਲ
ਕਿਹਾ ਮੁਹਾਲੀ ਸਮੇਤ ਪੰਜਾਬ ਦੇ ਲੋਕ ਕਾਂਗਰਸ ਤੇ ਬਾਕੀ ਰਵਾਇਤੀ ਪਾਰਟੀਆਂ ਨੂੰ ਸਬਕ ਸਿਖਾਉਣ ਦੇ ਰੌਂਅ ’ਚ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਫਰਵਰੀ:
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਕੇ ਆਪਣੇ ਹੱਥਾਂ ਵਿੱਚ ਝਾੜੂ ਚੁੱਕਣ ਵਾਲਿਆਂ ਦੀ ਲਾਈਨ ਲੰਮੀ ਹੁੰਦੀ ਜਾ ਰਹੀ ਹੈ। ਮੁਹਾਲੀ ਤੋਂ ਆਪ ਦੇ ਉਮੀਦਵਾਰ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਚੋਣ ਮੁਹਿੰਮ ਅੱਜ ਉਸ ਸਮੇਂ ਚੰਗਾ ਹੁਲਾਰਾ ਮਿਲਿਆ ਜਦੋਂਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਮਨਮੋਹਨ ਸਿੰਘ ਮੋਹਣੀ ਅਤੇ ਪਿੰਡ ਜਗਤਪੁਰਾ ਦੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਮੋਹਣੀ ਅਕਾਲੀ ਦਲ ਦੇ ਉਮੀਦਵਾਰ ਦੀ ਚੋਣ ਮੁਹਿੰਮ ਚਲਾ ਰਹੇ ਹਨ।
ਆਪ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਕੁਲਵੰਤ ਸਿੰਘ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁਹਾਲੀ ਸਮੇਤ ਪੰਜਾਬ ਭਰ ਦੇ ਲੋਕ ਕਾਂਗਰਸ ਅਤੇ ਹੋਰਨਾਂ ਰਵਾਇਤੀ ਪਾਰਟੀਆਂ ਨੂੰ ਸਬਕ ਸਿਖਾਉਣ ਦੇ ਰੌਂਅ ਵਿੱਚ ਹਨ।
ਉਨ੍ਹਾਂ ਕਿਹਾ ਕਿ ਮੁਹਾਲੀ ਦੇ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਵਿੱਚ ਚੋਣ ਮੀਟਿੰਗਾਂ ਦੌਰਾਨ ਲੋਕ ਆਪ ਮੁਹਾਰੇ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ ਜਦੋਂਕਿ ਬਾਕੀ ਪਾਰਟੀਆਂ ਨੂੰ ਇਕੱਠ ਕਰਨ ਲਈ ਦਿਹਾੜੀ ਦੇ ਪੈਸੇ ਦੇ ਕੇ ਅਤੇ ਵਾਰ-ਵਾਰ ਫੋਨ ਕਰਕੇ ਬੁਲਾਉਂਦੇ ਪੈਂਦੇ ਹਨ। ਜਿਸ ਕਾਰਨ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਲੀਡਰਸ਼ਿਪ ਵਿੱਚ ਘਬਰਾਹਟ ਪੈਦਾ ਹੋ ਗਈ ਹੈ।
ਕੁਲਵੰਤ ਸਿੰਘ ਨੇ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਅਤੇ ਬਾਕੀ ਰਵਾਇਤੀ ਪਾਰਟੀਆਂ ਦੇ ਝੂਠੇ ਲਾਰਿਆਂ ਤੋਂ ਲੋਕ ਅੱਕ ਚੁੱਕੇ ਹਨ। ਪੰਜਾਬ ਵਿੱਚ ਇਸ ਸਮੇਂ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਹਨੇਰੀ ਚੱਲ ਰਹੀ ਹੈ ਅਤੇ ਸੂਬੇ ਦੇ ਲੋਕ ਭਗਵੰਤ ਮਾਨ ਨੂੰ ਮੁੱਖ ਮੰਤਰੀ ਵਜੋਂ ਦੇਖਣ ਲਈ ਕਾਫ਼ੀ ਉਤਾਵਲੇ ਹੋਏ ਪਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਬਸਪਾ ਗੱਠਜੋੜ ਵੀ ਭਾਜਪਾ ਦੀ ‘ਬੀ’ ਟੀਮ ਹੈ। ਲਿਹਾਜ਼ਾ ਇਲਾਕੇ ਦੇ ਲੋਕ ਇਨ੍ਹਾਂ ਦੇ ਕੂੜ ਪ੍ਰਚਾਰ ਤੋਂ ਸੁਚੇਤ ਰਹਿਣ। ਪਿੰਡ ਜਗਤਪੁਰਾ ਦੇ ਆਪ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਯੂਥ ਵਿੰਗ ਦੇ ਆਗੂ ਸਾਗਰ, ਮੋਹਿਤ, ਅਭੀਸ਼ੇਕ, ਕੁਲਦੀਪ, ਲਵਦੀਪ, ਅਭਿਸ਼ੇਕ, ਮੋਹਿਤ, ਕਾਕੂ, ਨੰਦੂ, ਸੰਜੀਵ, ਰਾਵੀ, ਗੁਰਜੰਟ, ਸਾਹਿਲ ਰਾਣਾ, ਸਾਹਿਲ, ਦੀਪਕ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।