
ਸ਼ਹੀਦ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
ਨਬਜ਼-ਏ-ਪੰਜਾਬ, ਮੁਹਾਲੀ, 24 ਜੁਲਾਈ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ਹੀਦ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਰਵਿੰਦਰ ਸਿੰਘ ਦੇ ਪੰਥਕ ਜਥੇ ਨੇ ਭਾਈ ਮਨੀ ਸਿੰਘ ਵੱਲੋਂ ਧਰਮ ਦੀ ਖ਼ਾਤਰ ਬੰਦ-ਬੰਦ ਕਟਵਾ ਕੇ ਪ੍ਰਾਪਤ ਕੀਤੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਦਾ ਪੂਰਾ ਪ੍ਰਸੰਗ ਸੰਗਤ ਨੂੰ ਸੁਣਾਇਆ। ਭਾਈ ਕੁਲਤਾਰ ਸਿੰਘ ਨੇ ਆਪਣੇ ਰਸ-ਭਿੰਨੇ ਕੀਰਤਨ ਨਾਲ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੇ ਭਾਈ ਮਨੀ ਸਿੰਘ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਹੱਥ ਨਾਲ ਲਿਖਣ ਦੀ ਸੇਵਾ ਨਿਭਾਉਣ ਦਾ ਪ੍ਰਸੰਗ ਸੁਣਾਇਆ।
ਇਸ ਮੌਕੇ ਭਾਈ ਲਵਪ੍ਰੀਤ ਸਿੰਘ, ਹਰਜੱਸ ਕੀਰਤਨੀ ਜਥਾ, ਭਾਈ ਸੁਖਵਿੰਦਰ ਸਿੰਘ, ਭਾਈ ਗੁਰਦਰਸ਼ਨ ਸਿੰਘ, ਭਾਈ ਜੋਧ ਸਿੰਘ, ਭਾਈ ਮਹਿੰਦਰ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਬਹਾਦਰ ਸਿੰਘ, ਭਾਈ ਜੁਝਾਰ ਸਿੰਘ, ਸ਼ੇਰੇ-ਪੰਜਾਬ ਕਵੀਸ਼ਰੀ ਜਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।