
ਸ੍ਰੀ ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਈ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਖੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਅਤੇ ਸ਼ਰਧਾਲੂਆਂ ਵੱਲੋਂ ਥਾਂ-ਥਾਂ ’ਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਅਤੇ ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਿਆ। ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਵੱਖ-ਵੱਖ ਰਾਗੀ ਅਤੇ ਢਾਡੀ ਜਥਿਆਂ ਨੇ ਕਥਾ ਕੀਰਤਨ ਅਤੇ ਗੁਰਮਤਿ ਵਿਚਾਰਾਂ ਕਰਦਿਆਂ ਸੰਗਤ ਨੂੰ ਪੰਚਮ ਪਾਤਸ਼ਾਹ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਬਾਰੇ ਦੱਸਿਆ।
ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਵੀ ਸ਼ਹੀਦੀ ਪੁਰਬ ਮਨਾਇਆ ਗਿਆ। ਐਸਜੀਪੀਸੀ ਦੇ ਮੈਨੇਜਰ ਗੁਰਬਖ਼ਸ਼ ਸਿੰਘ ਨੇ ਦੱਸਿਆ ਕਿ ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਗੁਰਬਾਣੀ ਕੀਰਤਨ ਚੱਲਿਆ ਅਤੇ ਅੱਤ ਦੀ ਗਰਮੀ ਤੋਂ ਬਚਾਅ ਲਈ ਛਬੀਲ ਲਗਾਈ ਗਈ। ਇਸ ਮੌਕੇ ਜਸਵੰਤ ਸਿੰਘ ਭੁੱਲਰ, ਜਗਜੀਤ ਸਿੰਘ ਸਿੱਧੂ, ਰਜਿੰਦਰ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।

ਇੰਜ ਹੀ ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼-3ਬੀ-1, ਗੁਰਦੁਆਰਾ ਕਲਗੀਧਰ ਸਾਹਿਬ ਫੇਜ਼-4, ਗੁਰਦੁਆਰਾ ਸਾਹਿਬਵਾੜਾ ਪਾਤਸ਼ਾਹੀ ਨੌਵੀਂ ਫੇਜ਼-5, ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-1, ਫੇਜ਼-2, ਫੇਜ਼-6, ਫੇਜ਼-7, ਫੇਜ਼-9, ਫੇਜ਼-10, ਫੇਜ਼-11 ਸਮੇਤ ਨੇੜਲੇ ਪਿੰਡਾਂ ਵਿੱਚ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਹਲਕਾ ਵਿਧਾਇਕ ਕੁਲਵੰਤ ਸਿੰਘ, ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਭਾਜਪਾ ਆਗੂ ਸੁਖਵਿੰਦਰ ਸਿੰਘ ਗੋਲਡੀ, ਸਾਬਕਾ ਪ੍ਰਧਾਨ ਪਰਮਜੀਤ ਸਿੰਘ ਗਿੱਲ, ਆਪ ਆਗੂ ਬੱਬੀ ਬਾਦਲ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਸਮੇਤ ਹੋਰ ਸਿਆਸੀ ਪਾਰਟੀ ਦੇ ਆਗੂਆਂ ਨੇ ਵੀ ਆਪਣੀ ਹਾਜ਼ਰੀ ਲਗਵਾਈ।