nabaz-e-punjab.com

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਬਾਦਸ਼ਾਹ ਦਰਵੇਸ਼ ਕਹਿਣਾ ਦਾ ਮਾਮਲਾ ਭਖਿਆ

ਗੁਰਸੇਵ ਸਿੰਘ ਹਰਪਾਲਪੁਰ ਨੇ ਬਲਵਿੰਦਰ ਭੰੂਦੜ ਵਿਰੁੱਧ ਸੋਹਾਣਾ ਥਾਣੇ ਵਿੱਚ ਦਿੱਤੀ ਸ਼ਿਕਾਇਤ
ਬਾਦਲ ਅਤੇ ਭੂੰਦੜ ਦੇ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਦੇ ਦੋਸ਼ ਹੇਠ ਕੇਸ ਦਰਜ ਕਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਸਤੰਬਰ:
ਅਬੋਹਰ ਰੈਲੀ ਵਿੱਚ ਸੀਨੀਅਰ ਅਕਾਲੀ ਆਗੂ ਅਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਵੱਲੋਂ ਆਪਣੇ ਸੰਬੋਧਨ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਨੂੰ ਬਾਦਸ਼ਾਹ ਦਰਵੇਸ਼ ਕਹਿਣ ਦਾ ਮਾਮਲਾ ਕਾਫੀ ਭਖ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਵਰਕਿੰਗ ਮੈਂਬਰ ਰਹੇ ਭਾਈ ਗੁਰਸੇਵ ਸਿੰਘ ਹਰਪਾਲਪੁਰ ਨੇ ਅੱਜ ਸ੍ਰੀ ਭੰੂਦੜ ਦੇ ਖ਼ਿਲਾਫ਼ ਸੋਹਾਣਾ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਫੌਜਦਾਰੀ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਸ਼ਿਕਾਇਤ ਦੀ ਕਾਪੀ ਪੰਜਾਬ ਦੇ ਡੀਜੀਪੀ ਅਤੇ ਗ੍ਰਹਿ ਵਿਭਾਗ ਦੇ ਸਕੱਤਰ ਨੂੰ ਵੀ ਭੇਜੀ ਹੈ। ਸੋਹਾਣਾ ਥਾਣੇ ਦੇ ਐਸਐਚਓ ਤਰਲੋਚਨ ਸਿੰਘ ਨੇ ਅਕਾਲੀ ਆਗੂ ਖ਼ਿਲਾਫ਼ ਸ਼ਿਕਾਇਤ ਮਿਲਣ ਦੀ ਪੁਸ਼ਟੀ ਕੀਤੀ ਹੈ।
ਇਸ ਮੁੱਦੇ ’ਤੇ ਮੀਡੀਆ ਨਾਲ ਗੱਲਬਾਤ ਦੌਰਾਨ ਗੁਰਸੇਵ ਸਿੰਘ ਹਰਪਾਲਪੁਰ ਨੇ ਕਿਹਾ ਕਿ ਬੀਤੇ ਦਿਨੀਂ (9 ਸਤੰਬਰ ਨੂੰ) ਅਬੋਹਰ ਵਿੱਚ ਅਕਾਲੀ ਦਲ ਦੀ ਰੈਲੀ ਵਿੱਚ ਬੋਲਦਿਆਂ ਸ੍ਰੀ ਭੰੂਦੜ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਬਾਦਸ਼ਾਹ ਦਰਵੇਸ਼ ਕਹਿ ਕੇ ਸਰਬੰਸਦਾਨੀ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਬਰਾਬਰ ਦਾ ਦਰਜਾ ਦੇਣ ਦੀ ਕੋਝੀ ਹਰਕਤ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਦਸ਼ਾਹ ਦਰਵੇਸ਼ ਸ਼ਬਦ ਸਿਰਫ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ ਨਾਲ ਹੀ ਜੋੜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਨੂੰ ਇਸ ਪਵਿੱਤਰ ਸ਼ਬਦ ਨਾਲ ਸੰਬੋਧਨ ਕਰਨ ਨਾਲ ਸਮੁੱਚੇ ਸਿੱਖਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਬੇਅਦਬੀ ਮਾਮਲਿਆਂ ਵਿੱਚ ਨਾਂ ਉਛਲਣ ਤੋਂ ਬਾਅਦ ਅਕਾਲੀ ਦਲ ਅਤੇ ਬਾਦਲ ਪਰਿਵਾਰ ਦੇ ਖ਼ਿਲਾਫ਼ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਬਚਨ ਲਈ ਸ੍ਰੀ ਬਾਦਲ ਨੇ ਖ਼ੁਦ ਸ੍ਰੀ ਭੰੂਦੜ ਤੋਂ ਆਪਣੀ ਉਸਤਤ ਕਰਵਾਈ ਹੈ। ਹਾਲਾਂਕਿ ਸੋਸ਼ਲ ਮੀਡੀਆ ’ਤੇ ਇਹ ਪੋਸਟ ਵਾਇਰਲ ਹੋਣ ਤੋਂ ਬਾਅਦ ਸ੍ਰੀ ਭੂੰਦੜ ਨੇ ਤੁਰੰਤ ਮੁਆਫ਼ੀ ਮੰਗ ਲਈ ਹੈ ਪ੍ਰੰਤੂ ਸ਼ਿਕਾਇਤ ਕਰਤਾ ਨੇ ਕਿਹਾ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਸ੍ਰੀ ਬਾਦਲ ਅਤੇ ਸ੍ਰੀ ਭੰੂਦੜ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ।
(ਬਾਕਸ ਆਈਟਮ)
ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਉਹ ਗੁਰੂ ਦੇ ਸੱਚੇ ਸਿੱਖ ਹਨ ਅਤੇ ਅਬੋਹਰ ਰੈਲੀ ਦੌਰਾਨ ਉਨ੍ਹਾਂ ਦੇ ਮੂੰਹ ਤੋਂ ਅਜਿਹੇ ਸ਼ਬਦ ਬਿਲਕੁਲ ਨਹੀਂ ਨਿਕਲੇ। ਉਂਜ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਰੈਲੀ ਦੌਰਾਨ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦਰਵੇਸ਼ ਸਿਆਸਤਦਾਨ ਕਹਿਣਾ ਸੀ ਪਰ ਹੋ ਸਕਦਾ ਹੈ ਕਿ ਜਲਦਬਾਜ਼ੀ ਵਿੱਚ ਅਜਿਹੇ ਸ਼ਬਦ ਨਿਕਲ ਗਏ ਹੋਣਗੇ। ਉਨ੍ਹਾਂ ਕਿਹਾ ਕਿ ਉਹ ਇਸ ਘਟਨਾ ਬਾਰੇ ਪਹਿਲਾਂ ਹੀ ਮੁਆਫ਼ੀ ਮੰਗ ਚੁੱਕੇ ਹਨ ਪ੍ਰੰਤੂ ਇਸ ਦੇ ਬਾਵਜੂਦ ਉਹ ਦੁਬਾਰਾ ਵਾਰ ਵਾਰ ਮੁਆਫ਼ੀ ਮੰਗਣ ਨੂੰ ਤਿਆਰ ਹਨ। ਉਨ੍ਹਾਂ ਕਿਹਾ ਕਿ ਸਿਆਸੀ ਵਿਰੋਧੀ ਜਾਣਬੁੱਝ ਕੇ ਇਸ ਮਾਮਲੇ ਨੂੰ ਗਲਤ ਰੰਗਤ ਦੇ ਕੇ ਸਿਆਸੀ ਰੋਟੀਆਂ ਸੇਕ ਰਹੇ ਹਨ।
(ਬਾਕਸ ਆਈਟਮ)
ਸੋਹਾਣਾ ਥਾਣਾ ਦੇ ਐਸਐਚਓ ਤਰਲੋਚਨ ਸਿੰਘ ਨੇ ਕਿਹਾ ਕਿ ਮੁਹਾਲੀ ਵਾਸੀ ਗੁਰਸੇਵ ਸਿੰਘ ਨੇ ਪੁਲੀਸ ਨੂੰ ਅਕਾਲੀ ਆਗੂ ਦੇ ਖ਼ਿਲਾਫ਼ ਸ਼ਿਕਾਇਤ ਦਿੱਤੀ ਹੈ ਪ੍ਰੰਤੂ ਇਹ ਮਾਮਲਾ ਉਨ੍ਹਾਂ ਦੇ ਅਧਿਕਾਰਤ ਤੋਂ ਬਾਹਰ ਦਾ ਹੈ। ਥਾਣਾ ਮੁਖੀ ਨੇ ਕਿਹਾ ਕਿ ਸ੍ਰੀ ਭੂੰਦੜ ਨੇ ਉਪਰੋਕਤ ਸ਼ਬਦ ਅਬੋਹਰ ਰੈਲੀ ਵਿੱਚ ਕਹੇ ਹਨ। ਇਸ ਲਈ ਇਹ ਮਾਮਲਾ ਸਿੱਧੇ ਤੌਰ ’ਤੇ ਅਬੋਹਰ ਥਾਣੇ ਅਧੀਨ ਆਉਂਦਾ ਹੈ। ਗੁਰਸੇਵ ਸਿੰਘ ਨੂੰ ਅਬੋਹਰ ਪੁਲੀਸ ਨਾਲ ਤਾਲਮੇਲ ਕਰਨਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…