ਸ਼ਹਿਰ ਦੀ ਸਫ਼ਾਈ ਤੇ ਕੂੜੇ ਦੇ ਨਿਪਟਾਰੇ ਲਈ ਮੇਅਰ ਨੇ ਸ਼ਹਿਰ ਵਾਸੀਆਂ ਦਾ ਸਹਿਯੋਗ ਮੰਗਿਆ

ਕਿਹਾ, ਸ਼ਹਿਰ ਦੀ ਸਫ਼ਾਈ ਅਤੇ ਕੂੜੇ ਦੇ ਨਿਪਟਾਰੇ ਦੇ ਮਸਲੇ ਨੂੰ ਹੱਲ ਕਰਨਾ ਪ੍ਰਮੁੱਖ ਤਰਜੀਹ

ਨਬਜ਼-ਏ-ਪੰਜਾਬ, ਮੁਹਾਲੀ, 25 ਜੂਨ:
ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸ਼ਹਿਰ ਵਾਸੀਆਂ ਤੋਂ ਸ਼ਹਿਰ ਦੀ ਸਫ਼ਾਈ ਅਤੇ ਕੂੜੇ ਦੇ ਨਿਪਟਾਰੇ ਲਈ ਸਹਿਯੋਗ ਦੀ ਮੰਗ ਕਰਦਿਅਂ ਕਿਹਾ ਹੈ ਕਿ ਉਹ ਕੂੜਾ ਇਕੱਠਾ ਕਰਨ ਵਾਲੇ ਕਿਸੇ ਵੀ ਥਾਂ ਆਪਣੇ ਆਪ ਕੁੜਾ ਸੁੱਟਣ ਦੀ ਥਾਂ ਇਸ ਨੂੰ ਕੂੜਾ ਇਕੱਠਾ ਕਰਨ ਵਾਲੇ ਕਰਮਚਾਰੀਆਂ ਨੂੰ ਹੀ ਦੇਣ ਤਾਂ ਕਿ ਇਸ ਦਾ ਵਖਰੇਵਾਂ ਕਰਕੇ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫਾਈ ਅਤੇ ਕੂੜੇ ਦੇ ਨਿਪਟਾਰੇ ਲਈ ਪੁਖ਼ਤਾ ਪ੍ਰਬੰਧ ਵਿੱਚ ਆ ਰਹੀਆਂ ਦਿੱਕਤਾਂ ਨੂੰ ਹੱਲ ਕਰਨਾ ਸਾਡੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਸ ਲਈ ਜ਼ਰੂਰੀ ਹੈ ਕਿ ਸਾਰੀਆਂ ਸਬੰਧਤ ਧਿਰਾਂ ਇਕ ਦੂਜੇ ਨੂੰ ਦੋਸ਼ ਦੇਣ ਦੀ ਥਾਂ ਇਕ ਦੂਜੇ ਨਾਲ ਸਹਿਯੋਗ ਕਰੀਏ।
ਜੀਤੀ ਸਿੱਧੂ ਨੇ ਕਿਹਾ ਕਿ ਕੂੜੇ ਦੇ ਸਾਫ਼ ਸੁਥਰੇ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ, ਨਗਰ ਨਿਗਮ ਆਪਣੇ ਖੇਤਰਾਂ ’ਤੇ ਧਿਆਨ ਕੇਂਦਰਿਤ ਕਰੇਗਾ, ਜਦੋਂਕਿ ਗਮਾਡਾ ਆਪਣੇ ਖੇਤਰਾਂ ਵੱਲ ਧਿਆਨ ਦੇਵੇਗੀ। ਉਨ੍ਹਾਂ ਕਿਹਾ ਕਿ ਮਿਲ ਕੇ ਕੰਮ ਕਰਨ ਨਾਲ ਇਸ ਕਾਰਜ ਵਿੱਚ ਆ ਰਹੀਆਂ ਮੁਸ਼ਕਲਾਂ ਨੂੰ ਹੱਲ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਅਸੀਂ ਕੂੜੇ ਤੋਂ ਬਾਇਓ ਗੈਸ ਪਲਾਂਟ ਲਾਉਣ ਵੱਲ ਆਪਣਾ ਧਿਆਨ ਕੇਂਦਰ ਕਰਾਂਗੇ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਨੈਸ਼ਨਲ ਗਰੀਨ ਟ੍ਰਿਬਿਊਨਲ (ਐਨਜੀਟੀ) ਅਤੇ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪਹਿਲਾਂ ਇੱਕਠੇ ਹੋਏ ਪਏ ਕੂੜੇ ਨੂੰ ਖ਼ਤਮ ਕਰਨ ਵਿੱਚ ਵੀ ਮਦਦ ਮਿਲੇਗੀ।
ਜੀਤੀ ਸਿੱਧੂ ਨੇ ਕਿਹਾ ਕਿ ਛੇਤੀ ਹੀ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ ਦੋ ਵੱਡੇ ਬਾਇਓ ਗੈਸ ਪਲਾਂਟ ਸਥਾਪਤ ਕਰਨ ਦੀ ਬੇਨਤੀ ਕੀਤੀ ਜਾਵੇਗੀ। ਇਹ ਪਲਾਂਟ ਜੈਵਿਕ ਰਹਿੰਦ-ਖੂੰਹਦ ਨੂੰ ਊਰਜਾ ਵਿੱਚ ਬਦਲ ਕੇ ਕੂੜੇ ਦੇ ਨਿਪਟਾਰੇ ਲਈ ਪੱਕਾ ਹੱਲ ਕਰਨ ਵਿੱਚ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਸਾਰਾ ਧਿਆਨ ਇਸ ਮਸਲੇ ਦੇ ਪੱਕੇ ਤੇ ਟਿਕਾਊ ਹੱਲ ਕੱਢਣ ਵੱਲ ਹੈ ਤੇ ਇਸ ਲਈ ਇੱਕ ਅਸਥਾਈ ਡੰਪਿੰਗ ਗਰਾਊਂਡ ਬਣਾ ਰਹੇ ਹਾਂ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਿਸੇ ਵੀ ਥਾਂ ਹੱਦ ਤੋਂ ਵੱਧ ਕੂੜਾ ਇਕੱਠਾ ਕਰਨ ਅਤੇ ਸਮੇਂ ਸਿਰ ਕੂੜੇ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਸਥਾਨਕ ਸਰੋਤ ਪ੍ਰਬੰਧਨ ਕੇਂਦਰਾਂ ਨੂੰ ਮਜ਼ਬੂਤ ਕਰਾਂਗੇ।
ਮੇਅਰ ਨੇ ਸਫ਼ਾਈ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਨਾਜ਼ੁਕ ਸਮੇਂ ਦੌਰਾਨ ਨਗਰ ਨਿਗਮ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀ ਸਮਰਪਣ ਭਾਵਨਾ ਅਤੇ ਸਹਿਯੋਗ ਜ਼ਰੂਰੀ ਹੈ ਤਾਂ ਜੋ ਇਸ ਦੌਰ ’ਚੋਂ ਨਿਕਲਿਆ ਜਾ ਸਕੇ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਅਗਲੇ 10 ਦਿਨਾਂ ਵਿੱਚ ਸਥਿਤੀ ਕਾਬੂ ਵਿੱਚ ਹੋ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ ਨਬਜ਼-ਏ-ਪੰਜਾਬ, ਮੁਹਾਲੀ, 5 ਅਕ…