ਸਮਾਜ ਤੇ ਦੇਸ਼ ਦੀ ਤਰੱਕੀ ਲਈ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ ਦੀ ਸਖ਼ਤ ਲੋੜ: ਵਿਜੈ ਸਾਂਪਲਾ

ਕੇਂਦਰੀ ਮੰਤਰੀ ਵੱਲੋਂ ਮੁਹਾਲੀ ਦੇ ਸੈਕਟਰ-80 ਵਿੱਚ ਕੇਂਦਰੀ ਵਿਦਿਆਲਿਆ ਦੀ ਨਵੀਂ ਇਮਾਰਤ ਦਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਗਸਤ:
ਸਮਾਜ ਅਤੇ ਦੇਸ਼ ਦੀ ਤਰੱਕੀ ਲਈ ਵਿਦਿਆਰਥੀਆਂ ਨੂੰ ਅਜਿਹੀ ਸਿੱਖਿਆ ਮੁਹੱਈਆ ਕਰਵਾਉਣ ਦੀ ਸਖ਼ਤ ਲੋੜ ਹੈ, ਜੋ ਨੌਜਵਾਨਾਂ ਨੂੰ ਅਨੁਸ਼ਾਸਨ ਅਤੇ ਨੈਤਿਕਤਾ ’ਤੇ ਆਧਾਰਿਤ ਹੋਵੇ ਅਤੇ ਸਮਾਜ ਨੂੰ ਤੋੜਨ ਦੀ ਥਾਂ ਜੋੜਨ ਦਾ ਕੰਮ ਕਰੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤ ਰਾਜ ਮੰਤਰੀ ਵਿਜੈ ਸਾਂਪਲਾ ਨੇ ਅੱਜ ਇੱਥੋਂ ਦੇ ਸੈਕਟਰ-80 ਵਿੱਚ ਕੇਂਦਰੀ ਵਿਦਿਆਲਿਆ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨ ਮਗਰੋਂ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਸ੍ਰੀ ਸਾਂਪਲਾ ਨੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਕ ਛੋਟੀ ਜਿਹੀ ਇਮਾਰਤ ਵਿੱਚ ਸ਼ੁਰੂ ਹੋਇਆ ਇਹ ਸਕੂਲ ਅੱਜ ਸਖ਼ਤ ਮਿਹਨਤ ਅਤੇ ਲਗਨ ਸਦਕਾ ਬੁਲੰਦੀਆਂ ਨੂੰ ਛੂਹ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮਾਜ ਅਤੇ ਦੇਸ਼ ਦੀ ਤਰੱਕੀ ਲਈ ਇਹ ਜ਼ਰੂਰੀ ਹੈ ਕਿ ਨੈਤਿਕ ਕਦਰਾਂ ਕੀਮਤਾਂ ਨੂੰ ਸਿੱਖਿਆ ਦਾ ਆਧਾਰ ਬਣਾਉਂਦਿਆਂ ਇਹ ਯਕੀਨੀ ਬਣਾਇਆ ਜਾਵੇ ਕਿ ਵਿਦਿਆਰਥੀ ਹੋਰ ਗਿਆਨ ਦੇ ਨਾਲ ਨਾਲ ਇਨਸਾਨੀਅਤ ਅਤੇ ਰਿਸ਼ਤਿਆਂ ਦੀ ਕਦਰ ਕਰਨੀ ਵੀ ਸਿੱਖਣ। ਸਮਾਜ ਦੀ ਮਜ਼ਬੂਤੀ ਲਈ ਪਰਿਵਾਰਾਂ ਅਤੇ ਰਿਸ਼ਤਿਆਂ ਦਾ ਮਜ਼ਬੂਤ ਹੋਣਾ ਲਾਜ਼ਮੀ ਹੈ। ਜੇ ਸਮਾਜ ਮਜ਼ਬੂਤ ਹੋਵੇਗਾ ਤਾਂ ਹੀ ਦੇਸ਼ ਮਜ਼ਬੂਤ ਹੋਵੇਗਾ ਅਤੇ ਤਰੱਕੀ ਕਰੇਗਾ। ਮੰਤਰੀ ਨੇ ਇਸ ਗੱਲ ’ਤੇ ਚਿੰਤਾ ਪ੍ਰਗਟਾਈ ਕਿ ਉੱਚ ਡਿਗਰੀਆਂ ਹਾਸਲ ਕਰਨ ਦੇ ਬਾਵਜੂਦ ਵੀ ਵਿਦਿਆਰਥੀ ਹੁਨਰਮੰਦ ਨਹੀਂ ਬਣਦੇ। ਲਿਹਾਜ਼ਾ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਹੁਨਰਮੰਦ ਬਣਾਉਣ ਲਈ ਦੇਸ਼ ਭਰ ਵਿੱਚ ਸਕਿੱਲ ਸੈਂਟਰ ਖੋਲ੍ਹੇ ਜਾਣਗੇ।
ਇਸ ਤੋਂ ਪਹਿਲਾਂ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕੇਂਦਰੀ ਵਿਦਿਆਲਿਆ ਨੇ ਆਪਣੇ ਸ਼ਾਨਦਾਰ ਨਤੀਜਿਆਂ ਸਦਕਾ ਦੇਸ਼ ਵਿੱਚ ਆਪਣੀ ਵਿਲੱਖਣ ਪਛਾਣ ਬਣਾਈ ਹੈ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚੋਂ ਮਾਪੇ ਆਪਣੇ ਬੱਚਿਆਂ ਨੂੰ ਕੇਂਦਰੀ ਵਿਦਿਆਲਿਆਂ ਵਿੱਚ ਪੜ੍ਹਾਉਣ ਨੂੰ ਤਰਜੀਹ ਦਿੰਦੇ ਹਨ। ਇਹ ਸਕੂਲ ਭਾਰਤ ਵਾਂਗ ਅਨੇਕਤਾ ਵਿੱਚ ਏਕਤਾ ਦੀ ਮੂੰਹ ਬੋਲਦੀ ਤਸਵੀਰ ਪੇਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ ਅਤੇ ਸਭਿਆਚਾਰ ਦੀ ਸੰਭਾਲ ਵਿੱਚ ਸਿੱਖਿਆ ਦਾ ਸਭ ਤੋਂ ਅਹਿਮ ਰੋਲ ਹੁੰਦਾ ਹੈ ਕਿਉਂਕਿ ਅਧਿਆਪਕ ਜਿਵੇਂ ਚਾਹੁਣ ਉਵੇਂ ਵਿਦਿਆਰਥੀਆਂ ਨੂੰ ਢਾਲ ਸਕਦੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ, ਐਸਡੀਐਮ ਜਗਦੀਪ ਸਹਿਗਲ, ਸਿਮਰਨਜੀਤ ਸਿੰਘ ਚੰਦੂਮਾਜਰਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ, ਯੁਵਾ ਕੌਂਸਲਰ ਸੈਹਬੀ ਅਨੰਦ, ਓਐਸਡੀ ਹਰਦੇਵ ਸਿੰਘ ਹਰਪਾਲਪੁਰ, ਕੇਵੀਐਸ ਖੇਤਰੀ ਦਫ਼ਤਰ ਚੰਡੀਗੜ੍ਹ ਦੇ ਡੀਸੀ ਰਣਵੀਰ ਸਿੰਘ, ਸਹਾਇਕ ਡੀਸੀ ਸ੍ਰੀਮਤੀ ਟੀ. ਰੁਕਮਣੀ ਅਤੇ ਐਸ.ਕੇ. ਭਾਟੀਆ, ਸਕੂਲ ਦੇ ਪ੍ਰਿੰਸੀਪਲ ਏ.ਕੇ. ਮੌਰੀਆ ਸਮੇਤ ਹੋਰ ਉੱਘੀਆਂ ਸ਼ਖ਼ਸੀਅਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…