
ਮੁਹਾਲੀ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨੇ ਮੇਅਰ ਤੇ ਉਨ੍ਹਾਂ ਦੀ ਟੀਮ ਨਾਲ ਕੀਤੀ ਮੁਲਾਕਾਤ
ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਪੂਰੇ ਤਾਲਮੇਲ ਨਾਲ ਕੰਮ ਕਰਨ ਦਾ ਦਿੱਤਾ ਭਰੋਸਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਈ:
ਮੁਹਾਲੀ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਵਜੋਤ ਕੌਰ ਨੇ ਅੱਜ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਦਫ਼ਤਰ ਵਿੱਚ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਸ਼ਹਿਰ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਵਿਚਾਰ ਚਰਚਾ ਕੀਤੀ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਹਾਜ਼ਰ ਸਨ। ਇਸ ਮੌਕੇ ਨਵਜੋਤ ਕੌਰ ਨੇ ਮੇਅਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨਾਲ ਪੂਰੇ ਤਾਲਮੇਲ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ ਤਾਂ ਜੋ ਮੁਹਾਲੀ ਦਾ ਵੱਧ ਤੋਂ ਵੱਧ ਵਿਕਾਸ ਹੋ ਸਕੇ ਅਤੇ ਮੁਹਾਲੀ ਵਾਸੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਹਾਸਲ ਹੋ ਸਕਣ। ਉਨ੍ਹਾਂ ਕਿਹਾ ਕਿ ਮੁਹਾਲੀ ਨਗਰ ਨਿਗਮ ਦਾ ਪੂਰਾ ਅਮਲਾ ਪੂਰੇ ਤਾਲਮੇਲ ਨਾਲ ਚੁਣੇ ਹੋਏ ਨੁਮਾਇੰਦਿਆਂ ਨਾਲ ਮਿਲ ਕੇ ਸ਼ਹਿਰ ਦੇ ਵਿਕਾਸ ਲਈ ਕੰਮ ਕਰੇਗਾ।
ਇਸ ਮੌਕੇ ਮੇਅਰ ਜੀਤੀ ਸਿੱਧੂ ਨੇ ਆਪਣੇ ਦਫ਼ਤਰ ਵਿੱਚ ਨਵੇਂ ਕਮਿਸ਼ਨਰ ਨਵਜੋਤ ਕੌਰ ਦਾ ਸੁਆਗਤ ਕਰਦਿਆਂ ਕਿਹਾ ਕਿ ਨਵਜੋਤ ਕੌਰ ਪਹਿਲਾਂ ਗਮਾਡਾ ਦੇ ਅਸਟੇਟ ਅਫ਼ਸਰ ਰਹਿ ਚੁੱਕੇ ਹਨ ਅਤੇ ਮੁਹਾਲੀ ਦੀਆਂ ਸਮੱਸਿਆਵਾਂ ਤੋਂ ਭਲੀਭਾਂਤ ਜਾਣੂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਨ ਆਸ ਹੈ ਕਿ ਨਵੇਂ ਕਮਿਸ਼ਨਰ ਨਵਜੋਤ ਕੌਰ ਵੱਲੋਂ ਚਲਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣਗੇ। ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਨੇ ਕਿਹਾ ਕਿ ਮੁਹਾਲੀ ਵਿੱਚ ਮੇਅਰ ਜੀਤੀ ਸਿੱਧੂ ਦੀ ਅਗਵਾਈ ਹੇਠ ਪਹਿਲਾਂ ਹੀ ਹਰ ਪਾਸੇ ਵਿਕਾਸ ਚੱਲ ਰਿਹਾ ਹੈ ਅਤੇ ਪਿਛਲੀ ਕਮਿਸ਼ਨਰ ਵਾਂਗ ਉਨ੍ਹਾਂ ਨੂੰ ਨਵੇਂ ਕਮਿਸ਼ਨਰ ਨਵਜੋਤ ਕੌਰ ਤੋਂ ਵੀ ਸਹਿਯੋਗ ਦੀ ਪੂਰਨ ਆਸ ਹੈ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਮਿਸ਼ਨਰ ਨਵਜੋਤ ਕੌਰ ਗਮਾਡਾ ਵਿੱਚ ਬਹੁਤ ਸ਼ਾਨਦਾਰ ਰਿਕਾਰਡ ਰਿਹਾ ਹੈ ਅਤੇ ਉਨ੍ਹਾਂ ਨੂੰ ਪੂਰਨ ਆਸ ਹੈ ਕਿ ਕਮਿਸ਼ਨਰ ਵਜੋਂ ਉਹ ਮੁਹਾਲੀ ਵਾਸੀਆਂ ਨੂੰ ਬਿਹਤਰ ਸੁਵਿਧਾਵਾਂ ਦੇਣ ਲਈ ਪੂਰੇ ਉਪਰਾਲੇ ਕਰਨਗੇ।