
ਮੁਹਾਲੀ ਦੇ ਨਵੇਂ ਡੀਸੀ ਸ੍ਰੀਮਤੀ ਈਸ਼ਾ ਕਾਲੀਆ ਨੇ ਅਹੁਦਾ ਸੰਭਾਲਿਆ
ਮੁਹਾਲੀ ਦੇ ਡੀਸੀ ਗਿਰੀਸ਼ ਦਿਆਲਨ ਦਾ ਤਬਾਦਲਾ, ਕੈਪਟਨ ਦੇ ਅਤਿ ਕਰੀਬੀ ਸਨ ਦਿਆਲਨ
ਜ਼ਿਲ੍ਹੇ ਵਿੱਚ ਭਲਾਈ ਸਕੀਮਾਂ ਦਾ ਲਾਭ ਹਰ ਨਾਗਰਿਕ ਨੂੰ ਮਿਲਣਾ ਯਕੀਨੀ ਬਣਾਉਣ ’ਤੇ ਜ਼ੋਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਸਤੰਬਰ:
ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਹੁਦਾ ਸੰਭਾਲਣ ਤੋਂ ਪ੍ਰਸ਼ਾਸਕੀ ਸੁਧਾਰਾਂ ਲਈ ਉੱਚ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦਾ ਤਬਾਦਲਾ ਕਰ ਦਿੱਤਾ ਹੈ। ਉਨ੍ਹਾਂ ਦੀ ਥਾਂ ’ਤੇ 2009 ਬੈਚ ਦੀ ਆਈਏਐਸ ਸ੍ਰੀਮਤੀ ਈਸ਼ਾ ਕਾਲੀਆ ਨੂੰ ਮੁਹਾਲੀ ਦਾ ਨਵਾਂ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਗਿਰੀਸ਼ ਦਿਆਲਨ, ਹਾਲ ਹੀ ਵਿੱਚ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਹੇ ਗਏ ਕੈਪਟਨ ਅਮਰਿੰਦਰ ਸਿੰਘ ਦੇ ਕਾਫ਼ੀ ਨਜ਼ਦੀਕੀ ਸਮਝੇ ਜਾਂਦੇ ਸੀ। ਕੈਪਟਨ ਦੀ ਛੁੱਟੀ ਹੁੰਦੇ ਸਾਰ ਹੀ ਉਨ੍ਹਾਂ (ਦਿਆਲਨ) ਦਾ ਵੀ ਤਬਾਦਲਾ ਕਰ ਦਿੱਤਾ ਗਿਆ। ਮੌਜੂਦਾ ਸਮੇਂ ਵਿੱਚ ਸ੍ਰੀਮਤੀ ਈਸ਼ਾ ਕਾਲੀਆ ਡਾਇਰੈਕਟਰ ਜਨਰਲ ਆਫ਼ ਸਕੂਲ ਸਿੱਖਿਆ (ਡੀਜੀਐਸਈ) ਵਜੋਂ ਤਾਇਨਾਤ ਸਨ ਅਤੇ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਦਾ ਉਨ੍ਹਾਂ ਕੋਲ ਵਾਧੂ ਚਾਰਜ ਸੀ।
ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿਖੇ ਸ੍ਰੀਮਤੀ ਈਸ਼ਾ ਕਾਲੀਆ ਨੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਹਰੇਕ ਜ਼ਿਲ੍ਹੇ ਦੀਆਂ ਵੱਖੋ-ਵੱਖਰੀਆਂ ਸਮੱਸਿਆਵਾਂ ਹੁੰਦੀਆਂ ਹਨ। ਉਹ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਪਹਿਲ ਦੇ ਆਧਾਰ ’ਤੇ ਨਿਬੇੜਾ ਕਰਨ ਨੂੰ ਤਰਜੀਹ ਦੇਣਗੇ ਅਤੇ ਸਾਰੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਵਿਭਾਗਾਂ ਦੇ ਮੁਖੀਆਂ ਦੇ ਕੰਮ ਸਬੰਧੀ ਜਵਾਬਦੇਹੀ ਯਕੀਨੀ ਬਣਾਈ ਜਾਵੇਗੀ। ਕਰੋਨਾ ਦੀ ਸੰਭਾਵਿਤ ਤੀਜੀ ਲਹਿਰ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੁਹਾਲੀ ਜ਼ਿਲ੍ਹੇ ਦੀ ਕਾਰਜ ਯੋਜਨਾ ਦੀ ਚੰਗੀ ਤਰ੍ਹਾਂ ਸਮੀਖਿਆ ਕੀਤੀ ਜਾਵੇਗੀ ਅਤੇ ਇਸ ਵਾਇਰਸ ਨੂੰ ਹੋਰ ਅੱਗੇ ਫੈਲਣ ਤੋਂ ਰੋਕਣ ਲਈ ਠੋਸ ਕਦਮ ਚੁੱਕੇ ਜਾਣਗੇ।
ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ’ਤੇ ਜ਼ੋਰ ਦਿੰਦਿਆਂ ਈਸ਼ਾ ਕਾਲੀਆ ਨੇ ਨਿਰਦੇਸ਼ ਦਿੱਤੇ ਕਿ ਇਸ ਸਬੰਧੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜ਼ਿਲ੍ਹੇ ਦੇ ਬੁਨਿਆਦੀ ਢਾਂਚੇ ਅਤੇ ਹੋਰ ਵਿਕਾਸ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਸਮੂਹ ਅਧਿਕਾਰੀਆਂ ਦੀ ਜਵਾਬਦੇਹੀ ਯਕੀਨੀ ਬਣਾਈ ਜਾਵੇਗੀ। ਇਸ ਤੋਂ ਪਹਿਲਾਂ ਪੰਜਾਬ ਪੁਲੀਸ ਦੀ ਟੁਕੜੀ ਨੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ। ਉਪਰੰਤ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ।

ਉਹ ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਅਤੇ ਹੁਸ਼ਿਆਰਪੁਰ ਅਤੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਵਿਸ਼ੇਸ਼ ਸਕੱਤਰ, ਪੰਜਾਬ ਬਿਉਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ ਦੇ ਵਧੀਕ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ ਮੈਂਬਰ ਸਕੱਤਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ।