
ਸਿੱਖਿਆ ਬੋਰਡ ਦੇ ਨਵੇਂ ਸਕੱਤਰ ਅਵਿਕੇਸ ਗੁਪਤਾ ਨੇ ਅਹੁਦਾ ਸੰਭਾਲਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਪਰੈਲ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵ-ਨਿਯੁਕਤ ਸਕੱਤਰ ਅਵਿਕੇਸ਼ ਗੁਪਤਾ ਨੇ ਅੱਜ ਸੋਮਵਾਰ ਨੂੰ ਆਪਣੇ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਸਕੂਲ ਬੋਰਡ ਦੇ ਅਧਿਕਾਰੀ ਅਤੇ ਮੁਲਾਜ਼ਮ ਜਥੇਬੰਦੀ ਦੇ ਅਹੁਦੇਦਾਰਾਂ ਪਰਮਿੰਦਰ ਸਿੰਘ ਖੰਗੂੜਾ, ਸੁਖਚੈਨ ਸਿੰਘ ਸੈਣੀ ਅਤੇ ਹੋਰਨਾਂ ਆਗੂਆਂ ਨੇ ਨਵੇਂ ਸਕੱਤਰ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।
ਅਵਿਕੇਸ਼ ਗੁਪਤਾ 2014 ਬੈਚ ਦੇ ਪੀਸੀਐੱਸ ਅਧਿਕਾਰੀ ਹਨ। ਆਪਣੀ ਇਸ ਨਿਯੁਕਤੀ ਤੋਂ ਪਹਿਲਾਂ ਉਹ ਫਾਜਿਲਕਾ, ਡੇਰਾਬੱਸੀ ਅਤੇ ਖਰੜ ਵਿੱਚ ਬਤੌਰ ਐੱਸਡੀਐੱਮ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ। ਅਜਿਹੀ ਸੁਲਝੀ ਹੋਈ ਅਤੇ ਸੂਝਵਾਨ ਸ਼ਖ਼ਸੀਅਤ ਦੀ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਸਕੱਤਰ ਵਜੋਂ ਨਿਯੁਕਤੀ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ।
ਸ੍ਰੀ ਗੁਪਤਾ ਨੇ ਆਪਣੀ ਇਸ ਨਿਯੁਕਤੀ ਲਈ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਸੂਬੇ ਦਾ ਇੱਕ ਬਹੁਤ ਹੀ ਅਹਿਮ ਅਦਾਰਾ ਹੈ, ਸਿੱਖਿਆ ਬੋਰਡ ਅਤੇ ਕਰਮਚਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਚੁਨੌਤੀਆਂ ਦਾ ਆਉਣ ਵਾਲੇ ਸਮੇਂ ਵਿੱਚ ਮਿਲ ਬੈਠ ਕੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਬੜੇ ਜ਼ੋਰਾਂ, ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੀਤੇ ਸਮੁੱਚੇ ਪ੍ਰਬੰਧਾਂ ’ਤੇ ਵੀ ਸਖ਼ਤ ਨਜ਼ਰ ਰੱਖੀ ਜਾਵੇਗੀ ਅਤੇ ਨਕਲ ਰਹਿਤ ਪ੍ਰੀਖਿਆ ਕਰਵਾਉਣ ਲਈ ਸਖ਼ਤੀ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਲਾਨਾ ਪ੍ਰੀਖਿਆਵਾਂ ਦੌਰਾਨ ਪ੍ਰੀਖਿਆ ਅਮਲੇ ਦੀ ਲਾਪਰਵਾਹੀ ਅਤੇ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।