ਖੇਤੀਬਾੜੀ ਮੰਤਰੀ ਵੱਲੋਂ ਧੁੰਦ ਦੇ ਮੌਸਮ ਤੋਂ ਪਹਿਲਾਂ ਲਿੰਕ ਸੜਕਾਂ ਤੇ ਰੋਡ ਸੇਫ਼ਟੀ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਹੁਕਮ

13,832 ਲਿੰਕ ਸੜਕਾਂ ’ਤੇ ਰੋਡ ਸੇਫ਼ਟੀ ਉਪਾਵਾਂ ਨੂੰ ਯਕੀਨੀ ਬਣਾਉਣ ਲਈ 132.65 ਕਰੋੜ ਖ਼ਰਚ ਕੀਤੇ ਜਾਣਗੇ: ਖੁੱਡੀਆਂ

ਖੇਤੀਬਾੜੀ ਮੰਤਰੀ ਨੇ ਪੰਜਾਬ ਮੰਡੀ ਬੋਰਡ ਮੁਹਾਲੀ ਦੇ ਦਫ਼ਤਰ ਵਿੱਚ ਮੀਟਿੰਗ ਦੌਰਾਨ ਲਿਆ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ

ਨਬਜ਼-ਏ-ਪੰਜਾਬ, ਮੁਹਾਲੀ, 17 ਅਗਸਤ:
ਪੰਜਾਬ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਹੋਰ ਸੁਰੱਖਿਅਤ ਅਤੇ ਆਵਾਜਾਈ ਲਈ ਬਿਹਤਰ ਬਣਾਉਣ ’ਤੇ ਜ਼ੋਰ ਦਿੰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅਧਿਕਾਰੀਆਂ ਨੂੰ ਆਗਾਮੀ ਧੁੰਦ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸੜਕ ਸੇਫ਼ਟੀ/ਸਾਈਨਜ਼ ਪ੍ਰੋਵੀਜਨਜ਼ ਮੁਹੱਈਆ ਕਰਨ ਦੇ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਹ ਮੁਹਾਲੀ ਸਥਿਤ ਪੰਜਾਬ ਮੰਡੀ ਬੋਰਡ ਵਿੱਚ ਕਾਰਜਕਾਰੀ ਇੰਜੀਨੀਅਰਾਂ ਅਤੇ ਜ਼ਿਲ੍ਹਾ ਮੰਡੀ ਅਫ਼ਸਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਪ ਸਰਕਾਰ ਵੱਲੋਂ ਲਿੰਕ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਨੂੰ ਹੋਰ ਮਿਹਨਤ ਨਾਲ ਕੰਮ ਕਰਨ ਅਤੇ ਸਾਰੇ ਪ੍ਰਾਜੈਕਟਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਲਈ ਕਿਹਾ।
ਪੰਜਾਬ ਮੰਡੀ ਬੋਰਡ ਦੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ 13,832 ਲਿੰਕ ਸੜਕਾਂ ਦੀ ਸ਼ਨਾਖ਼ਤ ਕਰਕੇ 132.65 ਕਰੋੜ ਰੁਪਏ ਦੀ ਲਾਗਤ ਨਾਲ ਇਨ੍ਹਾਂ ਸੜਕਾਂ ’ਤੇ ਸੁਰੱਖਿਆ ਸਾਈਨਜ਼ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਾਜੈਕਟ ਨੂੰ ਧੁੰਦ ਦੇ ਮੌਸਮ ਤੋਂ ਪਹਿਲਾਂ-ਪਹਿਲਾਂ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਸੜਕ ਹਾਦਸਿਆਂ ਤੋਂ ਬਚਿਆ ਜਾ ਸਕੇ। ਖੁੱਡੀਆਂ ਨੇ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਨਵੇਂ ਸ਼ੈੱਡਾਂ ਅਤੇ ਫੜ੍ਹਾਂ ਦੀ ਉਸਾਰੀ ਅਤੇ ਹੋਰ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਖਾਲੀ ਪਏ ਫਲੈਟਾਂ ਦੀ ਅਲਾਟਮੈਂਟ, ਮੰਡੀਆਂ ਵਿੱਚ ਏਟੀਐਮ ਬੂਥ ਲਗਾਉਣ, ਖਾਲੀ ਪਏ ਸ਼ੈੱਡਾਂ ਨੂੰ ਹੋਰ ਕੰਮਾਂ ਲਈ ਵਰਤਣ ਸਮੇਤ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਮੰਡੀਆਂ ਵਿੱਚ 50,000 ਬੂਟੇ ਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਮੰਡੀ ਬੋਰਡ ਵੱਲੋਂ ਹੜ੍ਹ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ 47.58 ਲੱਖ ਰੁਪਏ ਦਾ ਯੋਗਦਾਨ ਪਾਇਆ ਗਿਆ ਹੈ।

ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਖੇਤੀਬਾੜੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਸਾਰੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਪਿੰਡਾਂ ਦੀਆਂ ਲਿੰਕ ਸੜਕਾਂ ਸਬੰਧੀ ਸਟੇਟ ਨੋਡਲ ਅਫ਼ਸਰ-ਕਮ-ਮੁੱਖ ਇੰਜੀਨੀਅਰ ਜਤਿੰਦਰ ਸਿੰਘ ਭੰਗੂ ਨੇ ਦੱਸਿਆ ਕਿ 18 ਫੁੱਟ ਅਤੇ 16 ਫੁੱਟ ਚੌੜੀਆਂ ਲਿੰਕ ਸੜਕਾਂ ’ਤੇ ਸੈਂਟਰ ਲਾਈਨ, ਤਿੱਖੇ ਮੋੜਾਂ ਅਤੇ ਸੜਕ ਦੇ ਦੋਵੇਂ ਕਿਨਾਰਿਆਂ ’ਤੇ ਚਿੱਟੀਆਂ ਪੱਟੀਆਂ, ਚਿਤਾਵਨੀ ਸੰਕੇਤ, ਸਾਵਧਾਨੀ ਵਾਲੇ ਸਾਈਨ ਬੋਰਡ ਅਤੇ ਸੂਚਨਾ ਬੋਰਡ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸੰਭਾਵਿਤ ਖ਼ਤਰੇ ਵਾਲੇ ਮੋੜਾਂ ਅਤੇ ਪੁਲਾਂ ਦੇ ਦੋਵੇਂ ਪਾਸੇ ਰੋਡ ਸਟੱਡਸ (ਕੈਟ ਆਈਜ਼) ਦੇ ਨਾਲ-ਨਾਲ ਲਿੰਕ ਸੜਕਾਂ ’ਤੇ ਪੈਂਦੇ ਸਕੂਲਾਂ ਅਤੇ ਹਸਪਤਾਲਾਂ ਸਾਹਮਣੇ ਰੰਬਲ ਸਟਰਿੱਪਸ ਬਣਾਈਆਂ ਜਾ ਰਹੀਆਂ ਹਨ। ਮੀਟਿੰਗ ਵਿੱਚ ਮੁੱਖ ਇੰਜੀਨੀਅਰ ਗੁਰਦੀਪ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…