nabaz-e-punjab.com

ਮਗਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਮੁੱਦੇ ’ਤੇ ਪੰਚਾਇਤ ਮੰਤਰੀ ਨੇ ਪੈਨਲ ਮੀਟਿੰਗ ਸੱਦੀ

ਫਿਲਹਾਲ ਮਗਨਰੇਗਾ ਮੁਲਾਜ਼ਮਾਂ ਵੱਲੋਂ 24 ਅਗਸਤ ਨੂੰ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ

ਨਬਜ਼-ਏ-ਪੰਜਾਬ, ਮੁਹਾਲੀ, 22 ਅਗਸਤ:
ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਸੰਘਰਸ਼ ਕਰ ਰਹੇ ਮਗਨਰੇਗਾ ਮੁਲਾਜ਼ਮਾਂ ਵੱਲੋਂ ਆਪਣਾ ਅਗਾਮੀ 24 ਅਗਸਤ ਨੂੰ ਵਿਕਾਸ ਭਵਨ ਮੁਹਾਲੀ ਦਾ ਘਿਰਾਓ ਮੁਲਤਵੀ ਕਰ ਦਿੱਤਾ ਹੈ। ਅੱਜ ਇੱਥੇ ਸੂਬਾ ਪ੍ਰਧਾਨ ਮਨਸ਼ੇ ਖਾਂ, ਜਨਰਲ ਸਕੱਤਰ ਅੰਮ੍ਰਿਤਪਾਲ ਸਿੰਘ, ਸਰਪ੍ਰਸਤ ਵਰਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਿੰਦਰਪਾਲ ਸਿੰਘ ਜੋਸ਼ਨ, ਚੇਅਰਮੈਨ ਰਣਧੀਰ ਸਿੰਘ ਧੀਮਾਨ, ਵਿੱਤ ਸਕੱਤਰ ਸੰਜੀਵ ਕਾਕੜਾ, ਪ੍ਰੈੱਸ ਸਕੱਤਰ ਅਮਰੀਕ ਸਿੰਘ ਮਹਿਰਾਜ, ਸਲਾਹਕਾਰ ਗੁਰਕਾਬਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਪਿਛਲੇ ਲਗਪਗ 15 ਸਾਲਾਂ ਤੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਕੱਚੀਆਂ ਅਸਾਮੀਆਂ ਤੇ ਡਿਊਟੀ ਕਰ ਰਹੇ ਨਰੇਗਾ ਮੁਲਾਜ਼ਮਾਂ ਵੱਲੋਂ ਲਗਾਤਾਰ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਪਿਛਲੇ ਸਾਲ ਧੂਰੀ ਵਿੱਚ ਕੀਤੀ ਰੈਲੀ ਦੌਰਾਨ ਉਸ ਸਮੇਂ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੈਨਲ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਸੇਵਾਵਾਂ ਰੈਗੂਲਰ ਕਰਨ ਦਾ ਫ਼ੈਸਲਾ ਲਿਆ ਸੀ।
ਵਿਭਾਗ ਦੇ ਉੱਚ ਅਧਿਕਾਰੀਆਂ ਨੂੰ 2 ਮਹੀਨੇ ਦੇ ਅੰਦਰ-ਅੰਦਰ ਕੇਸ ਸਰਕਾਰ ਨੂੰ ਭੇਜਣ ਦੇ ਹੁਕਮ ਜਾਰੀ ਕੀਤੇ ਸਨ ਪ੍ਰੰਤੂ ਵਾਰ-ਵਾਰ ਅਧਿਕਾਰੀਆਂ ਨੂੰ ਮਿਲਣ ਤੇ ਵੀ ਕੋਈ ਅਗਲੇਰੀ ਕਾਰਵਾਈ ਨਹੀਂ ਹੋਈ। ਯੂਨੀਅਨ ਦੇ ਵਫ਼ਦ ਵੱਲੋਂ ਵਾਰ-ਵਾਰ ਨਿੱਜੀ ਤੌਰ ’ਤੇ ਮਿਲ ਕੇ ਅਤੇ ਮੰਗ ਪੱਤਰ ਭੇਜ ਕੇ ਮੀਟਿੰਗ ਦੀ ਮੰਗ ਕੀਤੀ ਜਾ ਰਹੀ ਸੀ ਫਿਰ ਵੀ ਨਿਰਾਸ਼ਾ ਹੀ ਹੱਥ ਲੱਗੀ। ਇਸ ਤੋਂ ਅੱਕ ਕੇ ਯੂਨੀਅਨ ਵੱਲੋਂ 24 ਅਗਸਤ ਨੂੰ ਵਿਕਾਸ ਭਵਨ ਦਾ ਘਿਰਾਓ ਰੱਖਿਆ ਗਿਆ ਸੀ। ਅੱਜ 22 ਅਗਸਤ ਨੂੰ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਿਲਚਸਪੀ ਲੈਂਦਿਆਂ ਯੂਨੀਅਨ ਨੂੰ 6 ਸਤੰਬਰ ਦੀ ਲਿਖ਼ਤੀ ਰੂਪ ਵਿੱਚ ਪੈਨਲ ਮੀਟਿੰਗ ਦਾ ਸਮਾਂ ਦਿੱਤਾ ਹੈ। ਯੂਨੀਅਨ ਨੂੰ ਆਸ ਹੈ ਕਿ 6 ਸਤੰਬਰ ਦੀ ਪੈਨਲ ਮੀਟਿੰਗ ਵਿੱਚ ਮਗਨਰੇਗਾ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਸਮੇਤ ਉਨ੍ਹਾਂ ਦੇ ਬਾਕੀ ਸਾਰੇ ਮਸਲੇ ਹੱਲ ਕੀਤੇ ਜਾਣਗੇ। ਨਾਲ ਹੀ ਉਨ੍ਹਾਂ ਚਿਤਾਵਨੀ ਵੀ ਦਿੱਤੀ ਕਿ ਜੇਕਰ ਇਹ ਮੀਟਿੱਗ ਬੇਸਿੱਟਾ ਰਹੀ 15 ਸਤੰਬਰ ਨੂੰ ਵਿਕਾਸ ਭਵਨ ਮੁਹਾਲੀ ਦਾ ਘਿਰਾਓ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …