ਜਲੰਧਰ ਦੇ ਲੋਕਾਂ ਨੇ ਪੰਜਾਬ ਦੀ ਆਪ ਸਰਕਾਰ ਦੀਆਂ ਨੀਤੀਆਂ ’ਤੇ ਪੱਕੀ ਮੋਹਰ ਲਾਈ: ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਤੇ ਵਲੰਟੀਅਰਾਂ ਨੇ ਜਿੱਤ ਦੀ ਖ਼ੁਸ਼ੀ ਵਿੱਚ ਲੱਡੂ ਵੰਡੇ, ਭੰਗੜੇ ਪਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਈ:
ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਟਿੰਕੂ ਵੱਲੋਂ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਜਿੱਤਣ ’ਤੇ ਮੁਹਾਲੀ ਵਿੱਚ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਆਪ ਵਲੰਟੀਅਰਾਂ ਨੇ ਲੱਡੂ ਵੰਡੇ ਅਤੇ ਭੰਗੜੇ ਪਾ ਕੇ ਜਿੱਤ ਦਾ ਜਸ਼ਨ ਮਨਾਇਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਲੰਧਰ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੀਆਂ ਵਿਕਾਸ ਤੇ ਲੋਕਪੱਖੀ ਨੀਤੀਆਂ ’ਤੇ ਪੱਕੀ ਮੋਹਰ ਲਗਾਈ ਹੈ। ਹਾਲਾਂਕਿ ਚੋਣ ਪ੍ਰਚਾਰ ਦੌਰਾਨ ਵਿਰੋਧੀਆਂ ਨੇ ਸਰਕਾਰ ਨੂੰ ਭੰਡਣ ਦਾ ਕੋਈ ਮੌਕਾ ਖੁੰਝਣ ਨਹੀਂ ਦਿੱਤਾ ਲੇਕਿਨ ਲੋਕਾਂ ਨੇ ਆਪ ਉਮੀਦਵਾਰ ਨੂੰ ਜਿਤਾ ਕੇ ਸਰਕਾਰ ਵਿੱਚ ਭਰੋਸਾ ਪ੍ਰਗਟ ਕੀਤਾ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਝੂਠੇ ਲਾਰੇ ਨਹੀਂ ਲਾਉਂਦੀ ਹੈ ਬਲਕਿ ਕੰਮ ਕਰਨ ਵਿੱਚ ਯਕੀਨ ਰੱਖਦੀ ਹੈ। ਜਦ ਤੋਂ ਪੰਜਾਬ ਵਿੱਚ ਆਪ ਸਰਕਾਰ ਬਣੀ ਹੈ, ਉਦੋਂ ਤੋਂ ਪੰਜਾਬ ਵਿੱਚ ਵਿਕਾਸ ਦੀ ਗੱਡੀ ’ਤੇ ਪਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬੇਰੁਜ਼ਗਾਰਾਂ ਨੂੰ ਵੱਡੇ ਪੱਧਰ ’ਤੇ ਨੌਕਰੀਆਂ, ਬਿਜਲੀ ਬਿੱਲ ਮੁਆਫ਼ ਕਰਨ ਦੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਇਆ ਹੈ ਅਤੇ ਮੌਜੂਦਾ ਸਮੇਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਹੋ ਰਿਹਾ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁਹਾਲੀ ਵਿੱਚ ਸੜਕ ਦੁਰਘਟਨਾਵਾਂ ਅਤੇ ਜੁਰਮ ਨੂੰ ਠੱਲ੍ਹ ਪਾਉਣ ਲਈ 15 ਕਰੋੜ ਦੀ ਲਾਗਤ ਨਾਲ ਹਾਈਟੈਕ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਸਾਰੇ ਚੋਣ ਵਾਅਦੇ ਪੜਾਅਵਾਰ ਪੂਰੇ ਕੀਤੇ ਜਾਣਗੇ ਅਤੇ ਜਲਦੀ ਹੀ ਮੁਹਾਲੀ ਵਿੱਚ ਸਿਟੀ ਬੱਸ ਸਰਵਿਸ ਚਾਲੂ ਕੀਤੀ ਜਾਵੇਗੀ। ਸ਼ਹਿਰ ਵਿੱਚ ਅੰਤਰਰਾਜੀ ਬੱਸ ਅੱਡੇ ਸਮੇਤ ਬੰਦ ਪਏ ਰੂਟ ਵੀ ਚਾਲੂ ਕੀਤੇ ਜਾਣਗੇ ਅਤੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਇਸ ਮੌਕੇ ਕੌਂਸਲਰ ਗੁਰਮੀਤ ਕੌਰ, ਸੁਖਦੇਵ ਸਿੰਘ ਪਟਵਾਰੀ, ਸਟੇਟ ਐਵਾਰਡੀ ਫੂਲਰਾਜ ਸਿੰਘ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਕੁਲਦੀਪ ਸਿੰਘ ਸਮਾਣਾ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ, ਹਰਪਾਲ ਸਿੰਘ ਚੰਨਾ, ਗੁਰਮੁੱਖ ਸਿੰਘ ਸੋਹਲ, ਆਰਪੀ ਸ਼ਰਮਾ, ਜਸਵੀਰ ਕੌਰ ਅੱਤਲੀ, ਆਪ ਵਲੰਟੀਅਰ ਹਰਮੇਸ਼ ਸਿੰਘ ਕੁੰਭੜਾ, ਹਰਵਿੰਦਰ ਸਿੰਘ ਸੈਣੀ, ਸੈਵੀ ਸਤਵਿੰਦਰ ਕੌਰ, ਅਕਵਿੰਦਰ ਸਿੰਘ ਗੋਸਲ, ਹਰਮਨ ਕੌਰ, ਰਵਿੰਦਰ ਕੌਰ ਗਰੇਵਾਲ ਸਮੇਤ ਵੱਡੀ ਗਿਣਤੀ ਵਿੱਚ ਆਪ ਵਲੰਟੀਅਰ ਤੇ ਸ਼ਹਿਰ ਵਾਸੀ ਮੌਜੂਦ ਸਨ।

Load More Related Articles

Check Also

ਸੀਨੀਅਰ ਵੈਟਸ ਨੇ ਕਮਿਊਟਿਡ ਪੈਨਸ਼ਨ ਰਿਕਵਰੀ ਸਮਾਂ ਘਟਾਉਣ ਦੀ ਮੰਗ ਕੀਤੀ

ਸੀਨੀਅਰ ਵੈਟਸ ਨੇ ਕਮਿਊਟਿਡ ਪੈਨਸ਼ਨ ਰਿਕਵਰੀ ਸਮਾਂ ਘਟਾਉਣ ਦੀ ਮੰਗ ਕੀਤੀ ਨਬਜ਼-ਏ-ਪੰਜਾਬ, ਮੁਹਾਲੀ, 8 ਮਈ: ਪੰਜਾ…