Nabaz-e-punjab.com

ਮੁਹਾਲੀ ਕੌਮਾਂਤਰੀ ਏਅਰਪੋਰਟ ਦੀ ਜੂਹ ’ਚ ਵੱਸਦੇ ਪਿੰਡ ਝਿਊਰਹੇੜੀ ਦੇ ਲੋਕ ਬੁਨਿਆਦੀ ਸਹੂਲਤਾਂ ਤੋਂ ਸੱਖਣੇ

ਪਿੰਡ ਝਿਊਰਹੇੜੀ ਦੀ ਲਿੰਕ ਸੜਕ ਦੀ ਹਾਲਤ ਖਸਤਾ, ਸੀਵਰੇਜ ਤੇ ਸਫ਼ਾਈ ਦਾ ਮੰਦਾ ਹਾਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜਨਵਰੀ:
ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦੀ ਜੂਹ ਦੀ ਵਸਦੇ ਪਿੰਡ ਝਿਊਰਹੇੜੀ ਦੇ ਬਾਸ਼ਿੰਦੇ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਹਨ। ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਲੋਕਾਂ ਨੂੰ ਨਵੀਂ ਚੁਣੀ ਗਈ ਗਰਾਮ ਪੰਚਾਇਤ ਤੋਂ ਵਿਕਾਸ ਦੀ ਆਸ ਬੱਝੀ ਹੈ। ਸਾਬਕਾ ਸਰਪੰਚ ਜਥੇਦਾਰ ਪੇ੍ਰਮ ਸਿੰਘ ਅਤੇ ਕਾਂਗਰਸ ਆਗੂ ਜਗਦੇਵ ਸਿੰਘ ਜੱਗੀ ਵੱਲੋਂ ਨਵੀਂ ਬਣੀ ਮਹਿਲਾ ਸਰਪੰਚ ਮਨਦੀਪ ਕੌਰ, ਪੰਚ ਜਸਵਿੰਦਰ ਸਿੰਘ ਅਤੇ ਹਰਦੀਪ ਸਿੰਘ ਸਮੇਤ ਸਾਬਕਾ ਪੰਚ ਹਰਨੇਕ ਸਿੰਘ ਸਮੇਤ ਹੋਰਨਾਂ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਅਤੇ ਵਿਕਾਸ ਕੰਮਾਂ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਸਾਬਕਾ ਸਰਪੰਚ ਪ੍ਰੇਮ ਸਿੰਘ ਝਿਊਰਹੇੜੀ ਨੇ ਦੱਸਿਆ ਕਿ ਹਵਾਈ ਅੱਡੇ ਤੋਂ ਪਿੰਡ ਤੱਕ ਆਉਂਦੀ ਲਿੰਕ ਸੜਕ ਦੇ ਟੋਟੇ ਦੀ ਹਾਲਤ ਬਹੁਤ ਖਸਤਾ ਬਣੀ ਹੋਈ ਹੈ। ਇਹ ਸੜਕ ਥਾਂ ਥਾਂ ਤੋਂ ਟੁੱਟੀ ਹੋਈ ਅਤੇ ਸੜਕ ਵਿੱਚ ਡੂੰਘੇ ਖੱਡੇ ਪੈ ਚੁੱਕੇ ਹਨ। ਜਿਸ ਕਾਰਨ ਰਾਹਗੀਰਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਗਮਾਡਾ ਨੇ ਹਵਾਈ ਅੱਡੇ ਨੂੰ ਜਾਣ ਵਾਲੀ ਸੜਕ ਤਾਂ ਬਹੁਤ ਵਧੀਆ ਬਣਾਈ ਹੋਈ ਹੈ ਪ੍ਰੰਤੂ ਝਿਊਰਹੇੜੀ ਦੀ ਸੜਕ ਬਣਾਉਣੀ ਜ਼ਰੂਰੀ ਨਹੀਂ ਸਮਝੀ ਜਦੋਂਕਿ ਹਵਾਈ ਅੱਡਾ ਝਿਊਰਹੇੜੀ ਦੀ ਜ਼ਮੀਨ ਵਿੱਚ ਬਣਾਇਆ ਗਿਆ ਹੈ ਅਤੇ ਝਿਊਰਹੇੜੀ ਦੇ ਵਿਕਾਸ ਨੂੰ ਵੀ ਤਰਜੀਹ ਦੇਣੀ ਚਾਹੀਦੀ ਸੀ।
ਸਾਬਕਾ ਸਰਪੰਚ ਨੇ ਦੱਸਿਆ ਕਿ ਪਿੰਡ ਦੇ ਟੋਭੇ ਵਿੱਚ ਬੇਸੁਮਾਰ ਗੰਦਗੀ ਫੈਲੀ ਹੋਈ। ਉਂਜ ਵੀ ਪਿੰਡ ਵਿੱਚ ਸਫ਼ਾਈ ਵਿਵਸਥਾ ਦਾ ਬੂਰਾ ਹਾਲ ਹੈ। ਸੀਵਰੇਜ ਦੀ ਸੁਵਿਧਾ ਨਾ ਹੋਣ ਕਾਰਨ ਗੰਦਾ ਪਾਣੀ ਓਵਰਫਲੋ ਹੋਣ ਕਰਕੇ ਪਿੰਡ ਵਾਸੀਆਂ ਨੂੰ ਮੁਸ਼ਕਲ ਆਉਂਦੀ ਹੈ। ਉਨ੍ਹਾਂ ਪੰਜਾਬ ਸਰਕਾਰ, ਪੰਚਾਇਤ ਵਿਭਾਗ ਅਤੇ ਮੁਹਾਲੀ ਹਲਕੇ ਤੋਂ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਤੋਂ ਮੰਗ ਕੀਤੀ ਕਿ ਝਿਊਰਹੇੜੀ ਦੇ ਸਰਬਪੱਖੀ ਵਿਕਾਸ ਲਈ ਠੋਸ ਕਦਮ ਚੁੱਕੇ ਜਾਣ ਅਤੇ ਪਹਿਲ ਦੇ ਆਧਾਰ ’ਤੇ ਝਿਊਰਹੇੜੀ ਸੜਕ ਦੀ ਮੁਰੰਮਤ ਕੀਤੀ ਜਾਵੇ ਅਤੇ ਪਿੰਡ ਵਿੱਚ ਸੀਵਰੇਜ ਪਾਇਆ ਜਾਵੇ ਅਤੇ ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਨਵੀਂ ਬਣੀ ਸਰਪੰਚ ਬੀਬੀ ਮਨਦੀਪ ਕੌਰ ਨੇ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਝਿਊਰਹੇੜੀ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਸੜਕ ਦੀ ਮੁਰੰਮਤ ਅਤੇ ਸੀਵਰੇਜ ਲਈ ਕੈਬਨਿਟ ਮੰਤਰੀ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਵਿਕਾਸ ਪੱਖੋਂ ਝਿਊਰਹੇੜੀ ਦੀ ਨੁਹਾਰ ਬਦਲਣ ਲਈ ਪੂਰਾ ਸਹਿਯੋਗ ਦਿੱਤਾ ਜਾਵੇ।

Load More Related Articles
Load More By Nabaz-e-Punjab
Load More In Problems

Check Also

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ ਬੱਬੀ ਬਾਦਲ ਵੱ…