ਵਕੀਲ ਉੱਤੇ ਅਣਮਨੁੱਖੀ ਤਸ਼ੱਦਦ ਢਾਹੁਣ ਵਾਲਿਆਂ ਨੂੰ ਗ੍ਰਿਫ਼ਤਾਰ ਕਰਕੇ ਕੇਸ ਚਲਾਇਆ ਜਾਵੇ: ਸਿੱਧੂ

ਵਕੀਲ ਵਿਰੁੱਧ ਦਰਜ ਝੂਠਾ ਕੇਸ ਫੌਰੀ ਰੱਦ ਕਰੇ ਸਰਕਾਰ, ਲੋੜੀਂਦੀ ਸੁਰੱਖਿਆ ਯਕੀਨੀ ਬਣਾਉਣ ’ਤੇ ਜ਼ੋਰ

ਨਬਜ਼-ਏ-ਪੰਜਾਬ, ਮੁਹਾਲੀ, 27 ਸਤੰਬਰ:
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਬਲਬੀਰ ਸਿੰਘ ਸਿੱਧੂ ਨੇ ਪਿਛਲੇ ਦਿਨੀਂ ਮੁਕਤਸਰ ਦੇ ਇੱਕ ਵਕੀਲ ਉੱਤੇ ਅਣਮਨੁੱਖੀ ਤਸ਼ੱਦਦ ਢਾਹੁਣ ਦੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਮੁੱਖ ਮੰਤਰੀ ਅਤੇ ਡੀਜੀਪੀ ਤੋਂ ਮੰਗ ਕੀਤੀ ਕਿ ਜ਼ਿੰਮੇਵਾਰ ਪੁਲੀਸ ਅਫ਼ਸਰਾਂ ਅਤੇ ਕਰਮਚਾਰੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਫੌਜਦਾਰੀ ਮੁਕੱਦਮਾ ਚਲਾਇਆ ਜਾਵੇ ਅਤੇ ਦੋਸ਼ੀ ਪੁਲੀਸ ਵਾਲਿਆਂ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ ਤਾਂ ਜੋ ਉਹ ਮਾਮਲੇ ਦੀ ਜਾਂਚ ਨੂੰ ਪ੍ਰਭਾਵਿਤ ਨਾ ਕਰ ਸਕਣ।
ਅੱਜ ਇੱਥੇ ਸਿੱਧੂ ਨੇ ਕਿਹਾ ਕਿ ਪੁਲੀਸ ਅਧਿਕਾਰੀਆਂ ਨੇ ਇਕ ਵਕੀਲ ਨੂੰ ਝੂਠੇ ਕੇਸ ਵਿੱਚ ਫਸਾਉਣ ਤੋਂ ਬਾਅਦ ਉਸ ਉੱਤੇ ਅਣਮਨੁੱਖੀ ਤਸ਼ੱਦਦ ਕਰ ਕੇ ਸਿਰਫ਼ ਸੰਗੀਨ ਅਪਰਾਧ ਹੀ ਨਹੀਂ ਕੀਤਾ ਬਲਕਿ ਪੰਜਾਬ ਪੁਲੀਸ ਦੇ ਅਕਸ ਨੂੰ ਵੀ ਢਾਹ ਲਾਈ ਹੈ। ਉਨ੍ਹਾਂ ਕਿਹਾ ਕਿ ਵਕੀਲ ਖ਼ਿਲਾਫ਼ ਦਰਜ ਝੂਠਾ ਪਰਚਾ ਫੌਰੀ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਕੀਲ ’ਤੇ ਹੋਏ ਅੱਤਿਆਚਾਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ, ਬਲਕਿ ਇੱਥੇ ਜੰਗਲ ਰਾਜ ਹੈ। ਜਿੱਥੇ ਕਾਨੂੰਨ ਦੇ ਰਾਖੇ ਹੀ ਕਾਨੂੰਨ ਦੀਆਂ ਧੱਜੀਆਂ ਉਡਾ ਰਹੇ ਹਨ।
ਭਾਜਪਾ ਆਗੂ ਨੇ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਅਮਨ-ਕਾਨੂੰਨ ਦੀ ਹਾਲਤ ਦਿਨੋ-ਦਿਨ ਬਦਤਰ ਹੁੰਦੀ ਜਾ ਰਹੀ ਹੈ। ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਵਿੱਚ ਕਤਲ, ਲੁੱਟਖੋਹ ਅਤੇ ਅਣਮਨੁੱਖੀ ਤਸ਼ੱਦਦ ਦੀਆਂ ਵਾਰਦਾਤਾਂ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੈਠ ਕੇ ਲੋਕਾਂ ਤੋਂ ਫਿਰੌਤੀਆਂ ਵਸੂਲ ਰਹੇ ਹਨ। ਮੀਡੀਆ ਨੂੰ ਇੰਟਰਵਿਊ ਦੇਣਾ ਅਤੇ ਕਬੱਡੀ ਟੂਰਨਾਮੈਂਟ ਦੇ ਮੈਚਾਂ ਦੀ ਜਿੱਤ ਹਾਰ ਦਾ ਫ਼ੈਸਲਾ ਵੀ ਜੇਲ੍ਹ ਵਿੱਚ ਬੈਠ ਕੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਹਾਲਤ ਇਸ ਕਰ ਕੇ ਨਿੱਘਰਦੀ ਜਾ ਰਹੀ ਹੈ ਕਿਉਂਕਿ ਆਮ ਆਦਮੀ ਪਾਰਟੀ ਕੋਲ ਕੋਈ ਅਜਿਹਾ ਆਗੂ ਨਹੀਂ ਹੈ, ਜਿਸ ਕੋਲ ਸਰਕਾਰ ਚਲਾਉਣ ਦਾ ਤਜਰਬਾ ਹੋਵੇ।
ਸ੍ਰੀ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵਿੱਚ ਸੂਬੇ ਦੀ ਅਫਸਰਸ਼ਾਹੀ ਤੋਂ ਕੰਮ ਲੈਣ ਲਈ ਨਾ ਤਾਂ ਲੋਂੜੀਦੀ ਰਾਜਨੀਤਕ ਇੱਛਾ ਸ਼ਕਤੀ ਹੈ ਅਤੇ ਨਾ ਹੀ ਯੋਗਤਾ, ਜਿਸ ਕਾਰਨ ਪ੍ਰਸ਼ਾਸ਼ਨ ਵਿਚ ਆਪਾਧਾਪੀ ਪਈ ਹੋਈ ਹੈ। ਭਾਜਪਾ ਆਗੂ ਨੇ ਪੰਚਾਇਤਾਂ ਭੰਗ ਕਰ ਕੇ ਬਹਾਲ ਕਰਨ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਪਹਿਲਾਂ ਵੀ ਸਰਕਾਰ ਨੂੰ ਆਪਣੇ ਕਿੰਨੇ ਹੀ ਫੈਸਲੇ ਵਾਪਸ ਲੈਣੇ ਪਏ ਹਨ। ਸਾਬਕਾ ਸਿਹਤ ਮੰਤਰੀ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਇਸ ਮਾਮਲੇ ਵਿਚ ਦੋਸ਼ੀ ਪੁਲੀਸ ਅਧਿਕਾਰੀਆਂ ਵਿਰੁੱਧ ਤੁਰੰਤ ਬਣਦੀ ਕਾਰਵਾਈ ਨਾ ਕੀਤੀ ਤਾਂ ਲੋਕਾਂ ਦਾ ਅਮਨ-ਕਾਨੂੰਨ ਦੇ ਰਾਜ ਤੋਂ ਭਰੋਸਾ ਖ਼ਤਮ ਹੋ ਜਾਵੇਗਾ ਅਤੇ ਸੂਬੇ ਵਿੱਚ ਅਰਾਜਕਤਾ ਫੈਲ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਗਿਆਨ ਜਯੋਤੀ ਗਲੋਬਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ

ਗਿਆਨ ਜਯੋਤੀ ਗਲੋਬਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਨਬਜ਼-ਏ-ਪੰਜਾਬ, ਮੁਹਾਲ…