nabaz-e-punjab.com

ਮਲੋਟ ਰੈਲੀ ਵਿੱਚ ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਪੇਸ਼ ਸਮੱਸਿਆਵਾਂ ਦਾ ਜ਼ਿਕਰ ਤੱਕ ਨਹੀਂ ਕੀਤਾ: ਕੈਪਟਨ ਅਮਰਿੰਦਰ

ਮਨੋਹਰ ਲਾਲ ਖੱਟਰ ਨੂੰ ਰੈਲੀ ਵਿੱਚ ਸ਼ਾਮਲ ਕਰਕੇ ਅਕਾਲੀਆਂ ਨੇ ਪੰਜਾਬ ਨਾਲ ਧ੍ਰੋਹ ਕਮਾਇਆ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 11 ਜੁਲਾਈ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਲੋਟ ਰੈਲੀ ਦੌਰਾਨ ਕਿਸਾਨੀ ਸੰਕਟ ਨਾਲ ਜੁੜੇ ਅਹਿਮ ਮਸਲਿਆਂ ਨੂੰ ਸੁਲਝਾਉਣ ਲਈ ਕੋਈ ਠੋਸ ਪ੍ਰੋਗਰਾਮ ਨਾ ਦੇਣ ’ਤੇ ਨਿਰਾਸ਼ਾ ਜ਼ਾਹਰ ਕੀਤੀ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਨੂੰ ਵੀ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਇਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਰੈਲੀ ਵਿੱਚ ਹਾਜ਼ਰ ਹੋਣ ਦੀ ਇਜਾਜ਼ਤ ਦੇ ਕੇ ਪੰਜਾਬ ਨਾਲ ਧ੍ਰੋਹ ਕਮਾਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੰਕਟ ਵਿੱਚ ਫਸੀ ਕਿਸਾਨੀ ਨੂੰ ਸ੍ਰੀ ਮੋਦੀ ਦੇ ਲੰਮੇ ਭਾਸ਼ਣ ’ਚੋਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਣ ਬਾਰੇ ਕੋਈ ਨਾ ਕੋਈ ਗੱਲ ਸੁਣਨ ਦੀ ਆਸ ਸੀ ਪਰ ਇਸ ਭਾਸ਼ਣ ਵਿੱਚੋਂ ਕੋਈ ਠੋਸ ਗੱਲ ਨਹੀਂ ਨਿਕਲੀ। ਉਨ੍ਹਾਂ ਨੇ ਇਸ ਗੱਲ ’ਤੇ ਹੈਰਾਨੀ ਜ਼ਾਹਰ ਕੀਤੀ ਕਿ ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਕਿਸਾਨ ਖੁਦਕੁਸ਼ੀਆਂ, ਖੇਤੀ ਕਰਜ਼ਿਆਂ ਅਤੇ ਸਵਾਮੀਨਾਥਨ ਰਿਪੋਰਟ ਦਾ ਜ਼ਿਕਰ ਤੱਕ ਨਹੀਂ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਦਲਾਂ ਨੇ ਅੱਜ ਦੇ ਇਸ ਮੌਕੇ ਪਾਣੀਆਂ ’ਤੇ ਪੰਜਾਬ ਦੇ ਹੱਕ ਅਤੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ’ਤੇ ਆਵਾਜ਼ ਉਠਾਉਣ ਦੀ ਬਜਾਏ ਸਾਡੇ ਸੂਬੇ ਦੇ ਹਿੱਤਾਂ ਵਿਰੁੱਧ ਸਰਗਰਮ ਹਰਿਆਣਾ ਦੇ ਮੁੱਖ ਮੰਤਰੀ ਐਮ.ਐਸ. ਖੱਟਰ ਨਾਲ ਮੰਚ ਸਾਂਝਾ ਕਰਕੇ ਕਿਸਾਨਾਂ ਦੇ ਜ਼ਖਮਾਂ ’ਤੇ ਨਮਕ ਛਿੜਕਿਆ ਹੈ।
ਅੱਜ ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰੈਲੀ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਕੁਝ ਠੋਸ ਐਲਾਨ ਕੀਤੇ ਜਾਣ ਦੀ ਆਸ ਨਾਲ ਸਖ਼ਤੀ ਗਰਮੀ ’ਚ ਕਿਸਾਨਾਂ ਦੇ ਪੱਲੇ ਨਿਰਾਸ਼ਾ ਹੀ ਪਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਨੇ ਆਪਣੇ ਭਾਸ਼ਣ ਵਿੱਚ ਕਿਸਾਨਾਂ ਦੀ ਭਲਾਈ ਦੀ ਗੱਲ ਕਰਨ ਦੀ ਬਜਾਏ ਐਨ.ਡੀ.ਏ. ਸਰਕਾਰ ਦੇ ਚਾਰ ਵਰ੍ਹਿਆਂ ਦੇ ਕਾਰਜਕਾਲ ਦਾ ਢੋਲ ਹੀ ਵਜਾਇਆ ਗਿਆ ਜਦਕਿ ਕੇਂਦਰ ਸਰਕਾਰ ਹਰ ਮੁਹਾਜ਼ ’ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਦਕਿਸਮਤੀ ਦੀ ਗੱਲ ਹੈ ਕਿ ਸ੍ਰੀ ਮੋਦੀ ਅੱਜ ਦੇ ਇਸ ਅਹਿਮ ਮੌਕੇ ਨੂੰ ਕਿਸਾਨ ਭਾਈਚਾਰੇ ਦੀਆਂ ਗੰਭੀਰ ਸਮੱਸਿਆਵਾਂ ਦਾ ਹੱਲ ਕਰਨ ਲਈ ਨਹੀਂ ਵਰਤ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਸੱਚਮੁੱਚ ਹੀ ਮੁਲਕ ਦੀ ਹਰੀ ਕ੍ਰਾਂਤੀ ਵਿੱਚ ਯੋਗਦਾਨ ਪਾਉਣ ਅਤੇ ਲੱਖਾਂ ਭਾਰਤੀਆਂ ਦਾ ਪੇਟ ਭਰਨ ਵਾਲੇ ਕਿਸਾਨਾਂ ਦਾ ਧੰਨਵਾਦ ਕਰਨਾ ਚਾਹੁੰਦੇ ਸਨ ਤਾਂ ਉਨ੍ਹਾਂ ਨੂੰ ਖੇਤੀ ਕਰਜ਼ਾ ਮੁਆਫੀ ਅਤੇ ਐਮ.ਐਸ. ਸਵਾਮੀਨਾਥਨ ਰਿਪੋਰਟ ਨੂੰ ਹੂਬਹੂ ਲਾਗੂ ਕਰਨ ਵਾਲੇ ਅਹਿਮ ਮਸਲਿਆਂ ਬਾਰੇ ਠੋਸ ਐਲਾਨ ਕਰਨਾ ਚਾਹੀਦਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਮੋਦੀ ਨੇ ਬਾਹਾਂ ਉਲਾਰ-ਉਲਾਰ ਕੇ ਕਾਂਗਰਸ ਦੀ ਅਲੋਚਨਾ ਕੀਤੀ ਪਰ ਉਹ ਅਜਿਹਾ ਕਰਦੇ ਹੋਏ ਭੁੱਲ ਗਏ ਕਿ ਇਸੇ ਕਾਂਗਰਸ ਪਾਰਟੀ ਨੇ ਹੀ ਹਰੀ ਕ੍ਰਾਂਤੀ ਦਾ ਮੁੱਢ ਬੰਨ੍ਹਿਆ ਅਤੇ ਦੇਸ਼ ਦੀ ਅਨਾਜ ਸੁਰੱਖਿਆ ਨੂੰ ਯਕੀਨੀ ਬਣਾਇਆ ਸੀ। ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਨੂੰ ਘੱਟੋ-ਘੱਟ ਇਹ ਗਿਆਨ ਹੋਣਾ ਚਾਹੀਦਾ ਹੈ ਕਿ ਕਾਂਗਰਸ ਨੇ ਹੀ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ ਜਦਕਿ ਉਨ੍ਹਾਂ ਦੀ ਸਰਕਾਰ ਕਰਜ਼ੇ ਵਿੱਚ ਬੁਰੀ ਤਰ੍ਹਾਂ ਡੁੱਬੇ ਕਿਸਾਨਾਂ ਨੂੰ ਕੋਈ ਵੀ ਰਾਹਤ ਦੇਣ ਤੋਂ ਪੂਰੀ ਤਰ੍ਹਾਂ ਅਸਫਸਲ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜ਼ਿਕਰ ਕਰਨ ਦੀ ਕੋਈ ਵੀ ਜ਼ਰੂਰਤ ਨਹੀਂ ਸਮਝੀ।
ਮੁੱਖ ਮੰਤਰੀ ਨੇ ਨੇ ਕਿਹਾ ਕਿ ਖੱਟਰ ਦੀ ਰੈਲੀ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾ ਕੇ ਅਕਾਲੀਆਂ ਨੇ ਪੰਜਾਬ ਨਾਲ ਧ੍ਰੋਹ ਕਮਾਇਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਤਿੱਖੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਐਸ.ਵਾਈ.ਐਲ. ਅਤੇ ਪੰਜਾਬ ਦੇ ਪਾਣੀਆਂ ਬਾਰੇ ਖੱਟਰ ਦਾ ਰੁਖ ਸਪੱਸ਼ਟ ਹੈ। ਇਸ ਕਰਕੇ ਰੈਲੀ ਵਿੱਚ ਖੱਟਰ ਦੀ ਸ਼ਮੂਲੀਅਤ ਨੂੰ ਅਕਾਲੀਆਂ ਵੱਲੋਂ ਰੋਕਿਆ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਇੱਕ ਤਾਂ ਅਕਾਲੀਆਂ ਨੇ ਰੈਲੀ ਵਿੱਚ ਖੱਟਰ ਨੂੰ ਹਿੱਸਾ ਲੈਣ ਦਿੱਤਾ ਅਤੇ ਦੂਜਾ ਉਸ ਨੂੰ ਉਨ੍ਹਾਂ ਮਹੱਤਵਪੂਰਨ ਮੁੱਦਿਆਂ ’ਤੇ ਆਪਣੇ-ਆਪ ਨੂੰ ਖੁੰਜੇ ਲਾਉਣ ਦਾ ਮੌਕਾ ਪ੍ਰਦਾਨ ਕੀਤਾ ਜੋ ਕਿ ਪੰਜਾਬ ਅਤੇ ਇੱਥੋਂ ਦੇ ਕਿਸਾਨਾਂ ਦੇ ਲਈ ਬਹੁਤ ਜ਼ਿਆਦਾ ਅਹਿਮ ਹਨ।
ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਮੋਦੀ ਦੇ ਕੋਲ ਚੰਡੀਗੜ੍ਹ ਬਾਰੇ ਪੰਜਾਬ ਦੀ ਮੰਗ ਨਾ ਉਠਾਉਣ ਲਈ ਵੀ ਉਨ੍ਹਾਂ ਤਿੱਖੀ ਅਲੋਚਨਾ ਕੀਤੀ, ਇਸ ਦੇ ਬਾਵਜੂਦ ਕਿ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਦਾ ਭਾਈਵਾਲ ਹੈ। ਕੈਪਟਨ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਿਛਲੇ ਸਮੇਂ ਦੌਰਾਨ ਅਨੇਕਾਂ ਮਤੇ ਪਾਸ ਕੀਤੇ ਪਰ ਉਹ ਪ੍ਰਧਾਨ ਮੰਤਰੀ ਕੋਲ ਇਹ ਮੁੱਦੇ ਉਠਾਉਣ ਵਿੱਚ ਅਸਫਲ ਰਹੇ। ਉਨ੍ਹਾਂ ਕਿਹਾ ਕਿ ਇਸ ਨਾਲ ਸਿੱਧ ਹੋ ਗਿਆ ਹੈ ਕਿ ਇਹ ਮਤੇ ਸਿਰਫ ਸਿਆਸੀ ਉਦੇਸ਼ਾਂ ਦੇ ਮੱਦੇਨਜ਼ਰ ਵੋਟਾਂ ਪ੍ਰਾਪਤ ਕਰਨ ਦੇ ਲਈ ਹੀ ਪਾਸ ਕਰਦੇ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ

ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ 1 ਨਵੰਬਰ ਨੂੰ ਸ਼ਰਧਾ ਭਾਵਨਾ ਤੇ ਉਤਸ਼ਾਹ…