
ਠੇਕੇਦਾਰਾਂ ਵੱਲੋਂ ਭਾਰਤ ਭੂਸ਼ਨ ਆਸ਼ੂ ਦੇ ਖ਼ਿਲਾਫ਼ ਰੋਸ ਮੁਜ਼ਾਹਰਾ, ਵਿਜੀਲੈਂਸ ਕਾਰਵਾਈ ਨੂੰ ਜਾਇਜ਼ ਦੱਸਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਗਸਤ:
ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਟੇਸ਼ਨ ਦਾ ਕੰਮ ਕਰਦੇ ਪ੍ਰਾਈਵੇਟ ਠੇਕੇਦਾਰਾਂ ਵੱਲੋਂ ਅੱਜ ਵਿਜੀਲੈਂਸ ਭਵਨ ਦੇ ਬਾਹਰ ਸਾਬਕਾ ਫੂਡ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਲ ਆਸ਼ੂ ਦੇ ਖ਼ਿਲਾਫ਼ ਰੋਸ ਮੁਜ਼ਾਹਰਾ ਕਰਦਿਆਂ ਵਿਜੀਲੈਂਸ ਦੀ ਕਾਰਵਾਈ ਨੂੰ ਬਿਲਕੁਲ ਜਾਇਜ਼ ਦੱਸਿਆ ਹੈ। ਸੰਘਰਸ਼ ਕਮੇਟੀ ਦੇ ਆਗੂ ਗੁਰਪ੍ਰੀਤ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਵਿਜੀਲੈਂਸ ਦੀ ਕਾਰਵਾਈ ਵਿੱਚ ਵਿਘਨ ਪਾਉਣ ਅਤੇ ਪ੍ਰਾਈਵੇਟ ਠੇਕੇਦਾਰਾਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਕਾਂਗਰਸੀ ਵਰਕਰਾਂ ਦਾ ਅੱਜ ਵਿਜੀਲੈਂਸ ਭਵਨ ਦੇ ਬਾਹਰ ਪ੍ਰਦਰਸ਼ਨ ਕਰਨ ਦਾ ਮੰਤਵ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨ ਦੀ ਕਾਰਵਾਈ ਨੂੰ ਪ੍ਰਭਾਵਿਤ ਕਰਨਾ ਸੀ।
ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਭਰ ਵਿੱਚ ਕਰੀਬ 5 ਹਜ਼ਾਰ ਠੇਕੇਦਾਰ ਕੰਮ ਕਰਦੇ ਹਨ ਪ੍ਰੰਤੂ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਤਤਕਾਲੀ ਫੂਡ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਉੱਚ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਸਿਰਫ਼ 25-30 ਠੇਕੇਦਾਰਾਂ ਦੀ ਚੋਣ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਸਾਬਕਾ ਮੰਤਰੀ ਨੇ ਕਮਿਸ਼ਨ ਲੈ ਕੇ ਮੰਡੀਆਂ ਵਿੱਚ ਢੋਅ ਢੁਆਈ ਦੇ ਕੰਮ ਦੇ ਟੈਂਡਰ ਅਲਾਟ ਕੀਤੇ ਗਏ ਸਨ। ਇਸ ਸਮੁੱਚੇ ਘਪਲੇਬਾਜ਼ੀ ਵਿੱਚ ਵਿਭਾਗ ਦੇ ਉੱਚ ਅਧਿਕਾਰੀ ਰਾਕੇਸ਼ ਸਿੰਗਲਾ ਦੀ ਕਥਿਤ ਮਿਲੀਭੁਗਤ ਰਹੀ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਦੇ ਹੁਕਮਾਂ ਤਹਿਤ ਕਣਕ ਦੀ ਰਾਖੀ ਕਰਨ ਲਈ ਵਿਸ਼ੇਸ਼ ਕਮੇਟੀ ਬਣਾਈ ਗਈ ਸੀ। ਆਸ਼ੂ ਨੇ ਉਕਤ ਅਧਿਕਾਰੀ ਨੂੰ ਇਸ ਕਮੇਟੀ ਦਾ ਵਧੀਕ ਚਾਰਜ ਦਿੱਤਾ ਗਿਆ। ਕਿਉਂਕਿ ਸਿੰਗਲਾ ਕਾਫ਼ੀ ਸੀਨੀਅਰ ਅਫ਼ਸਰ ਹਨ, ਜੋ ਪੁਰਾਣੇ ਠੇਕੇਦਾਰਾਂ ਬਾਰੇ ਭਲੀਭਾਂਤ ਜਾਣਦੇ ਸਨ। ਉਨ੍ਹਾਂ ਨੇ ਮੰਤਰੀ ਨਾਲ ਮਿਲ ਕੇ ਕੁੱਝ ਖਾਸ ਠੇਕੇਦਾਰਾਂ ਨੂੰ ਮੰਡੀਆਂ ਵਿੱਚ ਢੋਆ-ਢੁਆਈ ਦਾ ਕੰਮ ਅਲਾਟ ਕੀਤਾ ਗਿਆ ਸੀ। ਜਿਸ ਬਾਰੇ ਸੱਤਾ ਪਰਿਵਰਤਨ ਤੋਂ ਬਾਅਦ ਵਿਜੀਲੈਂਸ ਨੇ ਡੂੰਘਾਈ ਨਾਲ ਜਾਂਚ ਪੜਤਾਲ ਕਰਕੇ ਸਾਬਕਾ ਮੰਤਰੀ ਆਸ਼ੂ ਅਤੇ ਹੋਰਨਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਵਿਜੀਲੈਂਸ ਦੀ ਇਹ ਕਾਰਵਾਈ ਬਿਲਕੁਲ ਦਰੁਸਤ ਅਤੇ ਤੱਥਾਂ ਦੇ ਆਧਾਰਿਤ ਹੈ।
ਉਧਰ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਇਹ ਠੇਕੇਦਾਰ ਸੂਬਾ ਸਰਕਾਰ ਦੇ ਪਿੱਠੂ ਬਣ ਕੇ ਵਿਰੋਧ ਪ੍ਰਦਰਸ਼ਨ ’ਤੇ ਉਤਾਰੂ ਹੋਏ ਹਨ। ਇਨ੍ਹਾਂ ਦਾ ਮੁੱਖ ਮੰਤਵ ਵਿਜੀਲੈਂਸ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਦੌਰਾਨ ਖੱਖਲ ਪਾਉਣਾ ਸੀ।