nabaz-e-punjab.com

ਪੰਜਾਬ ਸਰਕਾਰ ਨੇ 52 ਕਰੋੜ 89 ਲੱਖ ਰੁਪਏ ਦੇ ਕਰਜ਼ੇ ਮੁਆਫ਼ ਕਰਕੇ ਗ਼ਰੀਬ ਪਰਿਵਾਰਾਂ ਨੂੰ ਦਿੱਤਾ ਲਾਭ: ਸਿੱਧੂ

ਪਸ਼ੂ ਪਾਲਣ ਮੰਤਰੀ ਸਿੱਧੂ ਨੇ ਜ਼ਿਲ੍ਹਾ ਮੁਹਾਲੀ ਦੇ 171 ਲਾਭਪਾਤਰੀਆਂ ਨੂੰ ਵੰਡੇ ਕਰਜ਼ਾ ਰਾਹਤ ਸਰਟੀਫਿਕੇਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਗਸਤ:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਵੱਲੋਂ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਸੂਬੇ ਦੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਆਰਥਿਕ ਤੌਰ ’ਤੇ ਕਮਜ਼ੋਰ 15,920 ਪਰਿਵਾਰਾਂ ਦਾ 52 ਕਰੋੜ 89 ਲੱਖ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਹੈ। ਇਹ ਉਹ ਪਰਿਵਾਰ ਹਨ, ਜਿਨ੍ਹਾਂ ਨੇ ਆਪਣਾ ਰੁਜ਼ਗਾਰ ਚਲਾਉਣ ਲਈ ਐਸ.ਸੀ ਕਾਰਪੋਰੇਸ਼ਨ ਅਤੇ ਬੀ.ਸੀ. ਕਾਰਪੋਰੇਸ਼ਨ ਤੋਂ ਕਰਜ਼ਾ ਲਿਆ ਸੀ ਪਰ ਮਾੜੇ ਆਰਥਿਕ ਹਾਲਾਤ ਕਾਰਨ ਕਰਜ਼ਾ ਨਹੀਂ ਮੋੜ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਸ ਅਤੇ ਕਿਰਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਸਮਾਜਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਰਗ, ਭਲਾਈ ਵਿਭਾਗ ਵੱਲੋਂ ਪੰਜਾਬ ਹੈੱਲਥ ਸਿਸਟਮ ਕਾਰਪੋਰੇਸ਼ਨ ਫੇਜ਼-6 ਦੇ ਆਡੀਟੋਰੀਅਮ ਵਿੱਚ ਕਰਜ਼ਾ ਰਾਹਤ ਸਕੀਮ ਦੇ ਲਾਭਪਾਤਰੀਆਂ ਨੂੰ ਕਰਜ਼ਾ ਰਾਹਤ ਸਰਟੀਫਿਕੇਟ ਵੰਡਣ ਮੌਕੇ ਪੀ.ਸੀ.ਅਰ. ਐਕਟ 1955 ਤਹਿਤ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ 171 ਲਾਭਪਾਤਰੀਆਂ ਨੂੰ 38 ਲੱਖ 34 ਹਜ਼ਾਰ ਰੁਪਏ ਦੇ ਕਰਜ਼ਾ ਰਾਹਤ ਸਰਟੀਫਿਕੇਟ ਵੰਡੇ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਧਰਮ ਨਿਰਪੱਖਤਾ ਦੇ ਸਿਧਾਂਤ ’ਤੇ ਚੱਲ ਕੇ ਪੰਜਾਬ ਦੇ ਸਾਰੇ ਵਰਗਾਂ ਦੀ ਭਲਾਈ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਗ਼ਰੀਬ ਵਰਗਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਨਹੀਂ ਦਿੱਤਾ ਗਿਆ, ਜਿਸ ਕਾਰਨ ਗ਼ਰੀਬ ਵਰਗ ਨਾਲ ਸਬੰਧਤ ਲੋਕਾਂ ਦਾ ਬਹੁਤ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦਾ ਖਿਆਲ ਰੱਖਦਿਆਂ ਉਨ੍ਹਾਂ ਦਾ 50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕੀਤਾ ਹੈ।
ਸ੍ਰੀ ਸਿੱਧੂ ਨੇ ਦੱਸਿਆ ਕਿ ਪੰਜਾਬ ਵਿੱਚ ਸਿਵਲ ਅਧਿਕਾਰਾਂ ਦੀ ਸੁਰੱਖਿਆ ਐਕਟ 1955 ਤਹਿਤ ‘ਛੂਤ-ਛਾਤ ਦੂਰ ਕਰਨ ਦੀ ਸਕੀਮ’ ਲਾਗੂ ਹੈ। ਇਸ ਤਹਿਤ ਅੰਤਰ-ਜਾਤੀ ਵਿਆਹ ਕਰਵਾਉਣ ਵਾਲੇ ਜੋੜੇ (ਜਿਸ ਵਿੱਚ ਇੱਕ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਵੇ) ਨੂੰ ਉਤਸ਼ਾਹਤ ਕਰਨ ਲਈ 50 ਹਜ਼ਾਰ ਰੁਪਏ ਅਤੇ ਅਨੁਸੂਚਿਤ ਜਾਤੀਆਂ ਦੇ ਵਿਕਾਸ ਲਈ ਕੰਮ ਕਰਨ ਵਾਲੀਆਂ ਪੰਚਾਇਤਾਂ ਨੂੰ 25 ਹਜ਼ਾਰ ਰੁਪਏ ਦਿੱਤੇ ਜਾਂਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਅਧੀਨ ਆਉਂਦੇ ਵਿਭਾਗਾਂ ਵਿੱਚ ਵੀ ਅਨੁਸੂਚਿਤ ਜਾਤੀਆਂ, ਪਛੱੜੀਆਂ ਸ਼੍ਰੇਣੀਆਂ ਅਤੇ ਅੌਰਤਾਂ ਲਈ ਵਿਸ਼ੇਸ਼ ਸਕੀਮਾਂ ਹਨ, ਜਿਨ੍ਹਾਂ ਦਾ ਸਬੰਧਤ ਵਰਗਾਂ ਨੂੰ ਵੱਧ ਤੋਂ ਵੱਧ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਰਥਿਕ ਤੌਰ ’ਤੇ ਕਮਜ਼ੋਰ ਲੋਕ ਉਨ੍ਹਾਂ ਦੇ ਵਿਭਾਗਾਂ ਨਾਲ ਸਬੰਧਤ ਕਿੱਤਿਆਂ ਨੂੰ ਅਪਣਾ ਕੇ ਖੁਸ਼ਹਾਲੀ ਦੇ ਰਾਹ ਪੈ ਸਕਦੇ ਹਨ।
ਮੌਜੂਦਾ ਸਰਕਾਰ ਵੱਲੋਂ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਸੂਬੇ ਵਿੱਚ ਸੂਰ ਪਾਲਣ ਸਬੰਧੀ 03 ਹਜ਼ਾਰ ਯੂਨਿਟ ਅਤੇ ਬੱਕਰੀ ਪਾਲਣ ਸਬੰਧੀ 01 ਹਜ਼ਾਰ ਯੂਨਿਟ ਲਾਏ ਜਾਣੇ ਹਨ। ਇਨ੍ਹਾਂ ਯੂਨਿਟਾਂ ਵਿੱਚ 90 ਫ਼ੀਸਦ ਨਿਵੇਸ਼ ਪੰਜਾਬ ਸਰਕਾਰ ਕਰੇਗੀ ਤੇ ਬਾਕੀ ਨਿਵੇਸ਼ ਯੂਨਿਟ ਲਾਉਣ ਵਾਲੇ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ 800 ਦੇ ਕਰੀਬ ਸੂਰਾਂ ਦੇ ਫਾਰਮ ਹਨ ਤੇ ਪੰਜਾਬ ਦੇ ਸੂਰਾਂ ਦੇ ਮੀਟ ਦੀ ਉੱਤਰ ਪੂਰਬੀ ਰਾਜਾਂ ਵਿੱਚ ਬਹੁਤ ਮੰਗ ਹੈ ਤੇ ਸੂਰ ਪਾਲਣ ਦਾ ਧੰਦਾ ਕੇਵਲ 01 ਕਨਾਲ ਥਾਂ ਵਿੱਚ ਸ਼ੁਰੂ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਬੱਕਰੀਆਂ ਪਾਲਣ ਦੇ ਧੰਦੇ ਵਿੱਚ ਚੰਗੀ ਆਮਦਨ ਅਤੇ ਤਰੱਕੀ ਦੀਆਂ ਬਹੁਤ ਸੰਭਾਵਨਾਵਾਂ ਮੌਜੂਦ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਪੰਜਾਬ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ. ਜਸਵੀਰ ਸਿੰਘ, ਸੀਨੀਅਰ ਕਾਂਗਰਸੀ ਆਗੂ ਸ.ਦੀਪਇੰਦਰ ਸਿੰਘ ਢਿੱਲੋਂ, ਸ੍ਰੀ ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਜ਼ਿਲ੍ਹਾ ਭਲਾਈ ਅਫ਼ਸਰ ਸੁਖਸਾਗਰ ਸਿੰਘ, ਜ਼ਿਲ੍ਹਾ ਸਮਾਜਕ ਸੁਰੱਖਿਆ ਅਫ਼ਸਰ ਰਵਿੰਦਰ ਸਿੰਘ ਰਾਹੀ, ਤਹਿਸੀਲ ਭਲਾਈ ਅਫ਼ਸਰ ਪਰਮਜੀਤ ਸਿੰਘ ਅਤੇ ਅਤਿੰਦਰ ਸਿੰਘ, ਐਸ.ਸੀ. ਕਾਰਪੋਰੇਸ਼ਨ ਦੇ ਜੀ.ਐਮ. ਅਜਿੰਦਰ ਸਿੰਘ, ਜ਼ਿਲ੍ਹਾ ਮੈਨੇਜਰ ਐਸ.ਸੀ. ਕਾਰਪੋਰੇਸ਼ਨ ਅਵਤਾਰ ਸਿੰਘ ਅਤੇ ਬੈਂਕ ਫਿਨਕੋ ਤੋਂ ਨਵਰੀਤ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਆਏ ਵੱਡੀ ਗਿਣਤੀ ਲੋਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…