ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੌਰਤਾਂ ਦੀ ਭਲਾਈ ਲਈ ਵਚਨਬੱਧ: ਬਲਜੀਤ ਕੌਰ

‘ਆਪ’ ਵਿਧਾਇਕ ਕੁਲਵੰਤ ਸਿੰਘ ਦੀ ਕੋਸ਼ਿਸ਼ਾਂ ਨੂੰ ਪਿਆ ਬੂਰ

ਨਬਜ਼-ਏ-ਪੰਜਾਬ, ਮੁਹਾਲੀ, 22 ਸਤੰਬਰ:
ਪੰਜਾਬ ਦੀ ‘ਆਪ’ ਸਰਕਾਰ ਸੂਬੇ ਭਰ ਦੀਆਂ ਕੰਮਕਾਜੀ ਅੌਰਤਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਮੁਹਾਲੀ ਵਿੱਚ ਇੱਕ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ ਦੀ ਉਸਾਰੀ ਸ਼ੁਰੂ ਕਰਨ ਜਾ ਰਹੀ ਹੈ। ਸਰਕਾਰ ਦੀ ਇਹ ਪਹਿਲਕਦਮੀ ਰੁਜ਼ਗਾਰ ਦੇ ਮੌਕਿਆਂ ਦੀ ਭਾਲ ਵਿੱਚ ਮੁਹਾਲੀ ਅਤੇ ਚੰਡੀਗੜ੍ਹ ਵਿੱਚ ਆਉਣ ਵਾਲੀਆਂ ਅੌਰਤਾਂ ਨੂੰ ਕਿਫ਼ਾਇਤੀ ਅਤੇ ਸੁਰੱਖਿਅਤ ਰਿਹਾਇਸ਼ ਪ੍ਰਦਾਨ ਕਰੇਗੀ। ਅੌਰਤਾਂ ਲਈ ਹੋਸਟਲ ਮੁਹਾਲੀ ਦੇ ਸੈਕਟਰ-79 ਸਥਿਤ 0.98 ਏਕੜ ਜ਼ਮੀਨ ਵਿੱਚ ਬਣਾਇਆ ਜਾਵੇਗਾ। ਇਸੇ ਸੈਕਟਰ ਵਿੱਚ ਆਮ ਆਦਮੀ ਪਾਰਟੀ ਦਾ ਦਫ਼ਤਰ ਵੀ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਨੇ ਸਫਲਤਾਪੂਰਵਕ ਨਿਰਭਯਾ ਫੰਡ ਦੇ ਤਹਿਤ 12.57 ਕਰੋੜ ਰੁਪਏ ਪ੍ਰਾਪਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰਸਤਾਵ ਨੂੰ ਪਹਿਲਾਂ ਹੀ ਯੋਜਨਾ ਤਹਿਤ ਸਥਾਪਿਤ ਅਧਿਕਾਰਤ ਕਮੇਟੀ ਤੋਂ ਮਨਜ਼ੂਰੀ ਵੀ ਮਿਲ ਚੁੱਕੀ ਹੈ ਅਤੇ ਹੁਣ ਉਸਾਰੀ ਦਾ ਕੰਮ ਵੀ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ‘ਆਪ’ ਸਰਕਾਰ ਜਿੱਥੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਦਿਨ ਰਾਤ ਕੰਮ ਕਰ ਰਹੀ ਹੈ, ਉੱਥੇ ਅੌਰਤਾਂ ਦੀ ਭਲਾਈ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ‘ਆਪ’ ਸਰਕਾਰ ਪੰਜਾਬ ਵਿੱਚ ਖਾਸ ਤੌਰ ’ਤੇ ਪੰਜਾਬ ਦੀ ਮਿੰਨੀ ਰਾਜਧਾਨੀ ਵਜੋਂ ਵਿਕਸਤ ਹੋ ਰਹੇ ਮੁਹਾਲੀ ਸ਼ਹਿਰ ਸਮੇਤ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਰਗੇ ਵੱਡੇ ਸ਼ਹਿਰਾਂ ਵਿੱਚ ਵੀ ਵਰਕਿੰਗ ਵਿਮੈਨ ਹੋਸਟਲ ਬਣਾਉਣ ਲਈ ਵਚਨਬੱਧ ਹੈ ਤਾਂ ਜੋ ਅੌਰਤਾਂ ਨੂੰ ਆਪਣੇ ਕਰੀਅਰ ਨੂੰ ਅੱਗੇ ਵਧਾਉਣ ਲਈ ਇੱਕ ਸੁਰੱਖਿਅਤ ਅਤੇ ਸਹਾਇਕ ਮਾਹੌਲ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਕੰਮਕਾਜੀ ਅੌਰਤਾਂ ਦੇ ਸਸ਼ਕਤੀਕਰਨ ਵਿੱਚ ਇੱਕ ਮਹੱਤਵਪੂਰਨ ਕਦਮ ਦੀ ਨਿਸ਼ਾਨਦੇਹੀ ਕਰਦਾ ਹੈ, ਉਨ੍ਹਾਂ ਨੂੰ ਮਾਣ ਨਾਲ ਰਹਿਣ ਅਤੇ ਕੰਮ ਕਰਨ ਲਈ ਲੋੜੀਂਦਾ ਬੁਨਿਆਦੀ ਢਾਂਚਾ ਵੀ ਪ੍ਰਦਾਨ ਕਰਦਾ ਹੈ।
ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਸਰਕਾਰੀ ਪੱਧਰ ’ਤੇ ਇਹ ਮੁੱਦਾ ਜ਼ੋਰਾਂ ਸ਼ੋਰਾਂ ਨਾਲ ਚੁੱਕਿਆ ਸੀ। ਉਨ੍ਹਾਂ ਨੇ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਸੀ ਕਿ ਵੱਡੀ ਗਿਣਤੀ ਵਿੱਚ ਅੌਰਤਾਂ ਸਰਕਾਰੀ ਤੇ ਪ੍ਰਾਈਵੇਟ ਅਦਾਰਿਆਂ ਵਿੱਚ ਨੌਕਰੀਆਂ ਕਰਨ ਆਉਂਦੀਆਂ ਹਨ ਅਤੇ ਉੱਚ ਸਿੱਖਿਆ ਲਈ ਵੀ ਲੜਕੀਆਂ ਮੁਹਾਲੀ ਨੂੰ ਤਰਜੀਹ ਦਿੰਦੀਆਂ ਹਨ। ਇਸ ਲਈ ਸ਼ਹਿਰ ਵਿੱਚ ਉਨ੍ਹਾਂ ਦੀ ਰਿਹਾਇਸ਼ ਲਈ ਸੁਰੱਖਿਅਤ ਤੇ ਢੁਕਵਾਂ ਪ੍ਰਬੰਧ ਹੋਣਾ ਚਾਹੀਦਾ ਹੈ। ਸੂਬਾ ਸਰਕਾਰ ਨੇ ਆਪਣੇ ਵਿਧਾਇਕ ਦੀਆਂ ਦਲੀਲਾਂ ’ਤੇ ਸਹੀ ਪਾਉਂਦਿਆਂ ਮੁਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ ਬਣਾਉਣ ਦਾ ਫ਼ੈਸਲਾ ਲਿਆ ਹੈ। ਹੋਸਟਲ ਦੀ ਉਸਾਰੀ ਲਈ ਲੋੜੀਂਦੀ ਜਗ੍ਹਾ ਦੀ ਵਿਵਸਥਾ ਲਈ ਵੀ ਵਿਧਾਇਕ ਕੁਲਵੰਤ ਸਿੰਘ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਕੁਲਵੰਤ ਸਿੰਘ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀਆਂ ਅੌਰਤਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਅਤੇ ਸਹੂਲਤਭਰੀ ਜ਼ਿੰਦਗੀ ਦੇ ਸਾਰੇ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਸਬੰਧੀ ਅਨੇਕਾਂ ਯੋਜਨਾਵਾਂ ਉਲੀਕੀਆਂ ਗਈਆਂ ਹਨ। ਜਿਨ੍ਹਾਂ ਨੂੰ ਪੜਾਅਵਾਰ ਪੂਰਾ ਕੀਤਾ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਵਿਸ਼ਵ ਦਿਲ ਦਿਵਸ ਦੇ ਮੌਕੇ ਸਿਹਤ ਸੰਭਾਲ ਤੇ ਯੋਗਾ ਕੈਂਪ ਲਗਾਇਆ

ਵਿਸ਼ਵ ਦਿਲ ਦਿਵਸ ਦੇ ਮੌਕੇ ਸਿਹਤ ਸੰਭਾਲ ਤੇ ਯੋਗਾ ਕੈਂਪ ਲਗਾਇਆ ਨਬਜ਼-ਏ-ਪੰਜਾਬ, ਮੁਹਾਲੀ, 22 ਸਤੰਬਰ: ਇੱਥੋਂ ਦ…