nabaz-e-punjab.com

ਪੰਜਾਬ ਸਰਕਾਰ ਕਿਸਾਨਾਂ ਨੂੰ ਲਾਹੇਵੰਦ ਖੇਤੀ ਦੇ ਨਾਲ-ਨਾਲ ਸਹਾਇਕ ਧੰਦਿਆਂ ਲਈ ਪ੍ਰੇਰਿਤ ਕਰੇਗੀ: ਸਿੱਧੂ

ਰਾਜ ਸਰਕਾਰ ਨੇ ਸੂਬੇ ਵਿੱਚ ਨਕਲੀ ਕੀੜੇਮਾਰ ਦਵਾਈਆਂ, ਬੀਜਾਂ ਅਤੇ ਖਾਦ ਵਿਕਰੇਤਾਵਾਂ ਨੂੰ ਨੱਥ ਪਾਈ

ਕਿਸਾਨਾਂ ਨੂੰ ਸਵੱਛ ਵਾਤਾਵਰਨ ਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 16 ਅਕਤੂਬਰ:
ਪੰਜਾਬ ਸਰਕਾਰ ਰਾਜ ਦੇ ਕਿਸਾਨਾਂ ਨੂੰ ਲਾਹੇਵੰਦ ਖੇਤੀ ਦੇ ਨਾਲ-ਨਾਲ ਸਹਾਇਕ ਧੰਦਿਆਂ ਲਈ ਪ੍ਰੇਰਿਤ ਕਰੇਗੀ ਅਤੇ ਸੂਬੇ ਵਿਚ ਮੱਛੀ ਪਾਲਣ, ਸੂਰ ਪਾਲਣ, ਮੁਰਗੀ ਪਾਲਣ ਅਤੇ ਡੇਅਰੀ ਧੰਦੇ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਸੂਬੇ ਵਿਚ ਡੇਅਰੀ ਸੇਵਾ ਕੇਂਦਰ ਸਥਾਪਿਤ ਕੀਤੇ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੁਰਾਲੀ ਨੇੜੇ ਤਨਵੀਰ ਹੋਟਲ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਐਸ.ਏ.ਐਸ. ਨਗਰ ਵਲੋਂ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕ ਕਰਨ ਅਤੇ ਆਯੋਜਿਤ ਕੀਤੇ ਕਿਸਾਨ ਮੇਲੇ ਦੌਰਾਨ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਤੋਂ ਪਹਿਲਾਂ ਉਨ੍ਹਾਂ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵਲੋਂ ਲਗਾਈ ਗਈ ਵਿਸ਼ਾਲ ਪ੍ਰਦਰਸ਼ਨੀ ਦਾ ਮੁਆਇਨਾ ਵੀ ਕੀਤਾ। ਸ੍ਰੀ ਸਿੱਧੂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਕਿਸਾਨ ਮੇਲੇ ਅਤੇ ਖੇਤੀ ਅਤੇ ਸਹਾਇਕ ਧੰਦਿਆਂ ਤੇ ਆਧਾਰਿਤ ਪ੍ਰਦਰਸ਼ਨੀਆਂ ਲਗਾਉਣ ਦਾ ਮੁੱਖ ਮੰਤਵ ਰਾਜ ਦੇ ਕਿਸਾਨਾਂ ਨੂੰ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇ ਕੇ ਘੱਟ ਖਰਚ ਤੇ ਵੱਧ ਉਪਜ ਲੈਣ ਅਤੇ ਸਹਾਇਕ ਧੰਦੇ ਸ਼ੁਰੂ ਕਰਨ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਹੁਣ ਸਾਡੀਆਂ ਰਵਾਇਤੀ ਫਸਲਾਂ ਕਣਕ ਅਤੇ ਝੋਨਾ ਲਾਹੇਵੰਦ ਨਹੀਂ ਰਹੀਆਂ ਜਿਨ੍ਹਾਂ ਤੇ ਖਰਚਾ ਵੱਧ ਅਤੇ ਆਮਦਨ ਘੱਟ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਆਰਥਿਕਤਾ ਦੀ ਮਜ਼ਬੂਤੀ ਲਈ ਜਿੱਥੇ ਮਾਡਰਨ ਤਰੀਕੇ ਨਾਲ ਖੇਤੀ ਕਰਨੀ ਪਵੇਗੀ ਉੱਥੇ ਸਹਾਇਕ ਧੰਦਿਆਂ ਵਲ ਵੀ ਤਵੱਜੋ ਦੇਣੀ ਪਵੇਗੀ। ਉਨ੍ਹਾਂ ਹੋਰ ਕਿਹਾ ਕਿ ਰਾਜ ਸਰਕਾਰ ਕਿਸਾਨਾਂ ਦੀ ਖੁਸ਼ਹਾਲੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਸ੍ਰੀ ਸਿੱਧੂ ਨੇ ਦੱਸਿਆ ਕਿ ਮੌਜੂਦਾ ਸਰਕਾਰ ਨੇ ਰਾਜ ਵਿਚ ਨਕਲੀ ਕੀੜੇਮਾਰ ਦਵਾਈਆਂ, ਬੀਜਾਂ ਅਤੇ ਖਾਦਾਂ ਦੀ ਵਿੱਕਰੀ ਤੇ ਨਕੇਲ ਕਸੀ ਹੈ। ਜਿਸ ਨਾਲ ਰਾਜ ਵਿਚ ਨਰਮੇ ਦਾ ਉਤਪਾਦਨ ਵਧਿਆ ਹੈ। ਸ੍ਰੀ ਸਿੱਧੂ ਨੇ ਹੋਰ ਕਿਹਾ ਕਿ ਸੂਬੇ ਵਿਚ ਪਸ਼ੂਆਂ ਦੀ ਨਸਲ ਸੁਧਾਰ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਹੈ। ਜਿਸ ਦੌਰਾਨ ਸੂਬੇ ਵਿਚ ਦੇਸੀ ਨਸਲਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਜਿਹੜੀਆਂ ਕਿ ਪੰਜਾਬ ਦੇ ਵਾਤਾਵਰਨ ਵਿਚ ਰਹਿਣ ਦੇ ਸਮਰੱਥ ਹਨ। ਉਨ੍ਹਾਂ ਇਸ ਮੌਕੇ ਦੱਸਿਆ ਕਿ ਆਵਾਰਾ ਪਸ਼ੂ ਸਾਡੇ ਲਈ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਜਿਨ੍ਹਾਂ ਕਾਰਨ ਸੜਕੀ ਦੁਰਘਟਨਾਵਾਂ ਵੀ ਹੋ ਰਹੀਆ ਹਨ ਅਤੇ ਬਹੁਤ ਸਾਰੀਆਂ ਕੀਮਤੀ ਜਾਨਾਂ ਅਜਾਈਂ ਜਾ ਰਹੀਆਂ ਹਨ। ਇਸ ਮੌਕੇ ਸਹਾਇਕ ਪ੍ਰੋਫੈਸਰ ਮਨੀਸ਼ ਸ਼ਰਮਾ ਕ੍ਰਿਸ਼ੀ ਵਿਗਿਆਨ ਕੇਂਦਰ ਐਸ.ਏ.ਐਸ. ਨਗਰ ਵਲੋਂ ਹਾੜੀ ਦੀਆਂ ਸਬਜੀਆਂ ਦੀ ਵਿਗਿਆਨਿਕ ਕਾਸ਼ਤ ਸਬੰਧੀ ਲਿਖੀ ਕਿਤਾਬ ਵੀ ਜਾਰੀ ਕੀਤੀ।
ਇਸ ਮੌਕੇ ਸ੍ਰੀ ਸਿੱਧੂ ਨੇ ਅਗਾਂਹ ਵਧੂ ਕਿਸਾਨਾਂ , ਕਿਸਾਨ ਬੀਬੀਆਂ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ। ਉਨ੍ਹਾਂ ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਕਾਲਜਾਂ ਅਤੇ ਸਕੂਲੀ ਬੱਚਿਆਂ ਦੇ ਕਰਵਾਏ ਗਏ ਪੋਸਟਰ ਮੇਕਿੰਗ ਲੇਖ ਮੁਕਾਬਲੇ ਅਤੇ ਕਇਜ਼ ਮੁਕਾਬਲਿਆਂ ਦੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ। ਇਸ ਮੌਕੇ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਉਪ ਕੁਲਪਤੀ ਡਾ. ਅਮਰਜੀਤ ਸਿੰਘ ਨੰਦਾ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਜਿਸ ਨੂੰ ਕਿ ਅੰਨ ਦਾਤਾ ਅਤੇ ਦੁੱਧ ਦਾਤਾ ਵੀ ਕਿਹਾ ਜਾਂਦਾ ਹੈ ਅਤੇ ਪੰਜਾਬ ਪਸ਼ੂਆਂ ਦੀ ਪੈਦਾਵਾਰ ਵਿਚ ਵੀ ਦੇਸ਼ ਵਿਚ ਸਭ ਤੋਂ ਅੱਗੇ ਹੈ। ਇਸ ਮੌਕੇ ਨਿਰਦੇਸ਼ਕ ਪ੍ਰਸਾਰ ਸਿੱਖਿਆ ਗਡਵਾਸੂ ਹਰੀਸ਼ ਕੁਮਾਰ , ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਮੋਹਾਲੀ ਡਾ. ਯਸ਼ਵੰਤ ਸਿੰਘ, ਡਾ. ਹਰਮੀਤ ਕੌਰ, ਅਗਾਂਹ ਵਧੂ ਕਿਸਾਨ ਹਰਿੰਦਰ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਇੰਦਰਜੀਤ ਸਿੰਘ, ਸ੍ਰੀ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ , ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਕੁਲਦੀਪ ਸਿੰਘ ਜੱਸੋਵਾਲ, ਸੇਵਾ ਸਿੰਘ, ਸੀਨੀਅਰ ਮੱਛੀ ਪਾਲਣ ਅਫਸਰ ਜਤਿੰਦਰ ਸਿੰਘ ਗਿੱਲ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…