
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ
ਨਬਜ਼-ਏ-ਪੰਜਾਬ, ਮੁਹਾਲੀ, 23 ਅਗਸਤ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭਲਕੇ 24 ਅਗਸਤ ਅਤੇ 25 ਅਗਸਤ ਨੂੰ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਹੋਣ ਵਾਲੀ ਰੀਅਪੀਅਰ/ਕੰਪਾਰਟਮੈਂਟ ਪ੍ਰੀਖਿਆਵਾਂ ਐਨ ਮੌਕੇ ਮੁਲਤਵੀ ਕੀਤੀਆਂ ਗਈਆਂ ਹਨ। ਦੱਸਿਆ ਗਿਆ ਹੈ ਕਿ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦੁਬਾਰਾ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਹੜ੍ਹਾਂ ਦੇ ਖ਼ਤਰੇ ਨੂੰ ਧਿਆਨ ਵਿੱਚ ਰੱਖਦਿਆਂ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ ਤੋਂ 26 ਅਗਸਤ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ।
ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਮੱਦੇਨਜ਼ਰ ਸਿੱਖਿਆ ਬੋਰਡ ਵੱਲੋਂ ਭਲਕੇ 24 ਅਗਸਤ ਅਤੇ 25 ਅਗਸਤ ਨੂੰ ਪੂਰੇ ਰਾਜ ਵਿੱਚ ਸਥਾਪਿਤ ਪ੍ਰੀਖਿਆ ਕੇਂਦਰਾਂ ਵਿੱਚ ਹੋਣ ਵਾਲੀ ਰੀਅਪੀਅਰ/ਕੰਪਾਰਟਮੈਂਟ ਪ੍ਰੀਖਿਆਵਾਂ ਅਗਲੇ ਨਿਰਣੇ ਤੱਕ ਮੁਲਤਵੀ ਕੀਤੀਆਂ ਜਾਂਦੀਆਂ ਹਨ। ਇਨ੍ਹਾਂ ਮੁਲਤਵੀ ਪ੍ਰੀਖਿਆਵਾਂ ਲਈ ਨਵੀਆਂ ਮਿਤੀਆਂ ਬਾਅਦ ਵਿੱਚ ਘੋਸ਼ਿਤ ਕੀਤੀਆਂ ਜਾਣਗੀਆਂ।
ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਸੂਚਨਾ ਪੰਜਾਬ ਬੋਰਡ ਦੀ ਵੈਬਸਾਈਟ www.pseb.ac.in ਅਤੇ ਸਕੂਲ ਲਾਗ-ਇੰਨ ’ਤੇ ਬਾਅਦ ਵਿੱਚ ਉਪਲਬਧ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ 30 ਅਗਸਤ ਨੂੰ ਰੱਖੜੀ ਦੇ ਤਿਉਹਾਰ ਕਾਰਨ ਦੋ ਘੰਟੇ ਦੀ ਛੁੱਟੀ ਹੈ ਪ੍ਰੰਤੂ ਦੋ ਘੰਟੇ ਦੀ ਛੁੱਟੀ ਦੇ ਬਾਵਜੂਦ ਵੀ ਹੋਣ ਵਾਲੀ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਜਾਰੀ ਡੇਟਸ਼ੀਟ ਅਨੁਸਾਰ ਨਿਰਧਾਰਿਤ ਸਮੇਂ ਸਵੇਰੇ 10 ਵਜੇ ਹੀ ਹੋਵੇਗੀ।