nabaz-e-punjab.com

ਰੈਗੂਲਰ ਹੋਣ ਲਈ ਮੁੱਖ ਮੰਤਰੀ ਨੂੰ ਜੰਤਰੀ ਭੇਟ ਕਰਕੇ ਸ਼ੁੱਭ ਮਹੂਰਤ ਕਢਵਾਉਣਗੇ ਕੱਚੇ ਮੁਲਾਜ਼ਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਈ:
ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਮੈਂਬਰ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਲਈ ਸ਼ੁੱਭ ਮਹੂਰਤ ਕਢਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਸ਼ੇਸ਼ ਜੰਤਰੀ ਭੇਟ ਕਰਨਗੇ। ਸੂਬਾ ਆਗੂ ਅਸ਼ੀਸ਼ ਜੁਲਾਹਾ ਨੇ ਅੱਜ ਇੱਥੇ ਕਿਹਾ ਕਿ ਅਕਸਰ ਦੇਖਣ ਅਤੇ ਸੁਣਨ ਵਿੱਚ ਆਉਂਦਾ ਹੈ ਕਿ ਜਦੋਂ ਵੀ ਕਿਸੇ ਨੇ ਕੋਈ ਨਵਾਂ ਕੰਮ ਕਰਨਾ ਹੋਵੇ ਤਾਂ ਸ਼ੁੱਭ ਤਾਰੀਕ ਦੇਖ ਕੇ ਕੀਤਾ ਜਾਂਦਾ ਹੈ ਪਰ ਪੰਜਾਬ ਦੇ ਕੱਚੇ ਮੁਲਾਜ਼ਮਾਂ ਦੇ ਨਸੀਬ ਵਿੱਚ ਪਿਛਲੇ 15 ਸਾਲਾਂ ਵਿੱਚ ਹੁਣ ਤੱਕ ਸ਼ਾਇਦ ਕੋਈ ਸ਼ੁੱਭ ਤਾਰੀਕ ਨਹੀਂ ਆਈ।
ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ 5 ਸਤੰਬਰ ਨੂੰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਪੰਜਾਬ ਕੈਬਨਿਟ ਵਿੱਚ ਮਤਾ ਪਾਸ ਕਰਕੇ ਐਲਾਨ ਕੀਤਾ ਸੀ ਕਿ ਜਲਦ ਹੀ ਠੇਕਾ ਪ੍ਰਣਾਲੀ ਅਧੀਨ ਕੰਮ ਕਰਦੇ ਸਮੂਹ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਆਰਡਰ ਦਿੱਤੇ ਜਾਣਗੇ ਪ੍ਰੰਤੂ 9 ਮਹੀਨੇ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਆਰਡਰ ਦੇਣ ਦਾ ਸ਼ੁੱਭ ਮਹੂਰਤ ਨਹੀਂ ਨਿਕਲਿਆ। ਇਸ ਲਈ ਹੁਣ ਕੱਚੇ ਮੁਲਾਜ਼ਮਾਂ ਨੇ ਸੋਚਿਆ ਕਿ ਮੁੱਖ ਮੰਤਰੀ ਨੂੰ ਜੰਤਰੀ ਸੌਂਪ ਕੇ ਪੱਕੇ ਕਰਨ ਦੇ ਆਰਡਰ ਦੇਣ ਲਈ ਸ਼ੁੱਭ ਤਾਰੀਕ ਕਢਵਾਈ ਜਾਵੇ। ਕੱਚੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਨੂੰ ਜੰਤਰੀ ਦੇਣ ਲਈ 6 ਜੂਨ ਦਾ ਸ਼ੁੱਭ ਮਹੂਰਤ ਕਢਵਾਇਆ ਹੈ।
ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਰੀਬ 28000 ਕੱਚੇ ਮੁਲਾਜ਼ਮ ਨੂੰ ਪੱਕੇ ਕਰਨ ਸਬੰਧੀ 2 ਨੀਤੀਆਂ ਜਾਰੀ ਕੀਤੀਆਂ ਹਨ ਅਤੇ ਸਰਕਾਰ ਦਾ ਹਰੇਕ ਨੁਮਾਇੰਦਾ ਇਹੀ ਕਹਿ ਰਿਹਾ ਹੈ ਕਿ ਸਿੱਖਿਆ ਵਿਭਾਗ ਦਾ ਕੰਮ ਮੁਕੰਮਲ ਹੋਣ ਉਪਰੰਤ ਬਾਕੀ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ ਲੇਕਿਨ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੇ ਸਿੱਖਿਆ ਕਾਮਿਆਂ ਨੂੰ ਪੱਕੇ ਕਰਨ ਦੇ ਆਰਡਰ ਬਾਰੇ ਚੁੱਪ ਧਾਰ ਲਈ ਹੈ। ਜਿਸ ਕਾਰਨ ਕੱਚੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਕੈਬਨਿਟ ਵਿੱਚ ਮਤਾ ਪਾਸ ਕਰਨ ਤੋਂ ਬਾਅਦ ਕੋਈ ਸਰਕਾਰ ਆਪਣੇ ਫ਼ੈਸਲੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਬੇਬਸ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵੀ ਰਵਾਇਤੀ ਪਾਰਟੀਆਂ ਵਾਂਗ ਕੱਚੇ ਮੁਲਾਜ਼ਮਾਂ ਦਾ ਘਾਣ ਕਰਨ ਦੇ ਰਾਹ ਪੈ ਗਏ ਹਨ। ਕੱਚੇ ਮੁਲਾਜ਼ਮਾਂ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਆਪਣੇ ਵਾਅਦੇ ਅਨੁਸਾਰ ਉਨ੍ਹਾਂ ਨੂੰ ਪੱਕੇ ਕਰਨ ਲਈ ਆਪਣੀ ਜੇਬ ’ਚੋਂ ਹਰਾ ਪੈੱਨ ਕੱਢ ਕੇ ਘੁੱਗੀ ਮਾਰਨ ਦੀ ਖੇਚਲ ਕਰਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…