
ਪੇਂਡੂ ਨੰਬਰਦਾਰਾਂ ਨੇ ਮੰਗਾਂ ਸਬੰਧੀ ਡੀਸੀ ਨਾਲ ਕੀਤੀ ਮੁਲਾਕਾਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜਨਵਰੀ:
ਨੰਬਰਦਾਰ ਯੂਨੀਅਨ ਪੰਜਾਬ ਦੇ ਇੱਕ ਵਫ਼ਦ ਨੇ ਸੋਮਵਾਰ ਨੂੰ ਤਹਿਸੀਲ ਪ੍ਰਧਾਨ ਗੁਰਦੇਵ ਸਿੰਘ ਮਦਨਹੇੜੀ ਦੀ ਅਗਵਾਈ ਹੇਠ ਮੁਹਾਲੀ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਜਾਇਜ਼ ਮੰਗਾਂ ਬਾਰੇ ਮੰਗ ਪੱਤਰ ਦਿੱਤਾ। ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਰੁੜਕੀ ਖਾਮ, ਕੈਸ਼ੀਅਰ ਅਵਤਾਰ ਸਿੰਘ ਜੰਡਪੁਰ, ਮੀਤ ਪ੍ਰਧਾਨ ਗੁਰਸ਼ਰਨ ਸਿੰਘ ਅੱਲਾਪੁਰ ਅਤੇ ਪ੍ਰੈਸ ਸਕੱਤਰ ਪ੍ਰੀਤਮ ਸਿੰਘ ਜਕੜਮਾਜਰਾ ਵੀ ਮੌਜੂਦ ਸਨ।

ਇਸ ਮੌਕੇ ਗੁਰਦੇਵ ਸਿੰਘ ਮਦਨਹੇੜੀ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨੰਬਰਦਾਰਾਂ ਦੀ ਜੱਦੀ ਪੁਸ਼ਟੀ ਨੰਬਰਦਾਰੀ ਦੀ ਮੰਗ ਲਾਗੂ ਕੀਤੀ ਜਾਵੇ ਅਤੇ ਸਰਕਾਰੀ ਦਫ਼ਤਰਾਂ ਵਿੱਚ ਨੰਬਰਦਾਰਾਂ ਨੂੰ ਬਣਦਾ ਮਾਣ ਸਨਮਾਨ ਮਿਲਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਮਹਿੰਗਾਈ ਨੂੰ ਦੇਖਦੇ ਹੋਏ ਨੰਬਰਦਾਰਾਂ ਦੇ ਮਾਣ ਭੱਤੇ ਵਿੱਚ ਵਾਧਾ ਕੀਤਾ ਜਾਵੇ ਅਤੇ ਮੁਫ਼ਤ ਬੱਸ ਸਰਵਿਸ ਦੀ ਸੁਵਿਧਾ ਪ੍ਰਦਾਨ ਕੀਤੀ ਜਾਵੇ। ਇਸ ਤੋਂ ਇਲਾਵਾ ਪਿੰਡਾਂ ਜ਼ਮੀਨ ਦੀ ਰਜਿਸਟਰੀ ਸਮੇੇਂ ਪਿੰਡ ਦੇ ਨੰਬਰਦਾਰ ਦੀ ਗਵਾਹੀ ਯਕੀਨੀ ਬਣਾਈ ਜਾਵੇ।