nabaz-e-punjab.com

ਬਹਾਦਰ ਪੁਲੀਸ ਮੁਲਾਜ਼ਮਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ: ਵੀ. ਨੀਰਜਾ

ਮੁਹਾਲੀ ਵਿੱਚ ਪੁਲੀਸ ਸ਼ਹੀਦ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜ਼ਲੀਆਂ ਭੇਟ, ਪਰਿਵਾਰਾਂ ਦਾ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਕਤੂਬਰ:
ਪੰਜਾਬ ਪੁਲੀਸ ਦੇ ਉਹਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਜਿਨ੍ਹਾਂ ਨੇ ਅਮਨ ਕਾਨੂੰਨ ਦੀ ਵਿਵਸਥਾ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੰਸਪੈਕਟਰ ਜਨਰਲ ਪੁਲੀਸ ਰੂਪਨਗਰ ਰੇਂਜ ਸ੍ਰੀਮਤੀ ਵੀ. ਨੀਰਜਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁਲੀਸ ਸ਼ਹੀਦ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਂਟ ਕਰਨ ਲਈ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਸਮਾਗਮ ਵਿੱਚ ਡੀਸੀ ਗੁਰਪ੍ਰੀਤ ਕੌਰ ਸਪਰਾ, ਐਸਐਸਪੀ ਕੁਲਦੀਪ ਸਿੰਘ ਚਾਹਲ, ਸਮੂਹ ਕਪਤਾਨ ਪੁਲੀਸ, ਉਪ ਕਪਤਾਨ ਪੁਲੀਸ ਅਤੇ ਅਧਿਕਾਰੀ, ਕਰਮਚਾਰੀ, ਪੰਜਾਬ ਪੁਲੀਸ ਅਤੇ ਅਰਧ ਸੈਨਿਕ ਬਲਾਂ ਦੇ ਸੇਵਾਮੁਕਤ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਪੁਲਿਸ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਸ਼ਾਮਲ ਹੋਏ।
ਇਸ ਮੌਕੇ ਪੰਜਾਬ ਪੁਲਿਸ ਦੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ ਦੀ ਟੁਕੜੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼ਹੀਦੀ ਯਾਦਗਾਰੀ ਪਰੇਡ ਦਾ ਆਯੋਜਨ ਕੀਤਾ ਅਤੇ ਸ਼ਹੀਦਾਂ ਨੂੰ ਹਥਿਆਰ ਪੁੱਠੇ ਕਰਕੇ ਸਲਾਮੀ ਦਿੱਤੀ। ਆਈਜੀ ਨੇ ਸ਼ਹੀਦਾਂ ਨੂੰ ਸਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਪੰਜਾਬ ਪੁਲੀਸ ਦਾ ਮਾਣਮੱਤਾ ਇਤਿਹਾਸ ਹੈ ਜਿਥੇ ਇਸ ਨੇ ਸੂਬੇ ਵਿਚ ਅਤਿਵਾਦ ਨੂੰ ਖਤਮ ਕਰਨ ਲਈ ਆਪਣੀ ਪੂਰੀ ਵਾਹ ਲਾ ਕੇ ਰਾਜ ਦੇ ਲੋਕਾਂ ਨੂੰ ਸਥਾਈ ਅਮਨ ਸ਼ਾਂਤੀ ਪੈਦਾ ਕਰਕੇ ਦਿੱਤੀ ਉਥੇ ਦੇਸ਼ ਵਿਰੋਧੀ ਤਾਕਤਾਂ ਦਾ ਹਮੇਸ਼ਾਂ ਡਟਕੇ ਮੁਕਾਬਲਾ ਵੀ ਕੀਤਾ ਅਤੇ ਬਹੁਤ ਸਾਰੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦੇਸ਼ ਵਿਰੋਧੀ ਤਾਕਤਾਂ ਦਾ ਮੁਕਾਬਲਾ ਕਰਨ ਲਈ ਆਪਣੀਆਂ ਸ਼ਹਾਦਤਾ ਵੀ ਦੇਣੀਆਂ ਪਈਆਂ। ਇਨ੍ਹਾਂ ਸ਼ਹਾਦਤਾਂ ਸਦਕਾ ਹੀ ਪੰਜਾਬ ਵਿੱਚ ਅਮਨ-ਸ਼ਾਂਤੀ ਦਾ ਮੌਹਲ ਬਣਿਆ ਹੈ।
ਉਨ੍ਹਾਂ ਇਸ ਮੌਕੇ ਪਿਛਲੇ ਸਾਲ ਸਮੁੱਚੇ ਦੇਸ਼ ਦੇ ਵੱਖ-ਵੱਖ ਰਾਜਾਂ ਦੀ ਪੁਲੀਸ ਅਤੇ ਅਰਧ ਸੈਨਿਕ ਬਲਾਂ ਦੇ 414 ਅਫ਼ਸਰਾਂ ਤੇ ਜਵਾਨਾਂ ਸਮੇਤ ਆਪਣੀ ਡਿਊਟੀ ਨਿਭਾਉਂਦੇ ਸਮੇਂ ਦੇਸ਼ ਦੀ ਏਕਤਾ ਅਤੇ ਅੰਖਡਤਾ ਨੂੰ ਕਾਇਮ ਰੱਖਣ ਲਈ ਸ਼ਹੀਦੀਆਂ ਪ੍ਰਾਪਤ ਕਰਨ ਵਾਲਿਆਂ ਨੂੰ ਸਰਧਾਂਜ਼ਲੀ ਭੇਂਟ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰ ਸਾਡੇ ਆਪਣੇ ਪਰਿਵਾਰ ਹਨ ਅਤੇ ਇਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਸਮੇਂ ਰੂਪਨਗਰ ਰੇਂਜ ਵਿੱਚ ਸ਼ਹੀਦਾਂ ਦੇ 92 ਪਰਿਵਾਰ ਹਨ ਜਿਨ੍ਹਾਂ ਵਿੱਚੋਂ ਜਿਲ੍ਹਾ ਰੂਪਨਗਰ ’ਚ 41, ਐਸ.ਏ.ਐਸ ਨਗਰ ਵਿੱਚ 35 ਅਤੇ ਫਤਹਿਗੜ੍ਹ ਸਾਹਿਬ ਜਿਲ੍ਹੇ ’ਚ 16 ਪਰਿਵਾਰ ਰਹਿ ਰਹੇ ਹਨ। ਇਨ੍ਹਾਂ ਪਰਿਵਾਰਾਂ ਦੀ ਭਲਾਈ ਲਈ ਪੁਲਿਸ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿਸ਼ੇਸ ਤੌਰ ਤੇ ਸਨਮਾਨਿਤ ਵੀ ਕੀਤਾ ਅਤੇ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣੀਆ ਅਤੇ ਉਨ੍ਹਾਂ ਮੁਸ਼ਕਲਾਂ ਦੇ ਫੌਰੀ ਹੱਲ ਲਈ ਨਿਰਦੇਸ਼ ਵੀ ਦਿੱਤੇ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…