ਖ਼ਾਲਸਾ ਪੰਥ ਦਾ ਸਾਜਨਾ ਦਿਵਸ ਧੂਮਧਾਮ ਤੇ ਸ਼ਰਧਾ ਨਾਲ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਪਰੈਲ:
ਮੁਹਾਲੀ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸਾਖੀ ਪੁਰਬ ਬੜੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਲਾਕੇ ਦੇ ਲੋਕ ਗੁਰੂ ਘਰਾਂ ਵਿੱਚ ਆਪਣੇ ਪਰਿਵਾਰਾਂ ਸਮੇਤ ਨਤਮਸਤਕ ਹੋਏ। ਅੱਜ ਸਵੇਰੇ ਵੱਖ-ਵੱਖ ਗੁਰਦੁਆਰਿਆਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸਾਰਾ ਦਿਨ ਗੁਰੂ ਘਰਾਂ ਵਿੱਚ ਸ਼ਬਦ ਕੀਰਤਨ ਜਾਰੀ ਰਿਹਾ। ਵੱਖ-ਵੱਖ ਰਾਗੀ, ਢਾਡੀ ਜਥਿਆਂ ਅਤੇ ਕਥਾ ਵਾਚਕਾਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ, ਕਥਾ, ਢਾਡੀ ਵਾਰਾਂ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ ਗਿਆ। ਐਸਜੀਪੀਸੀ ਦੇ ਮੈਨੇਜਰ ਭਾਈ ਰਜਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਰਾਗੀ ਸਿੰਘਾਂ ਨੇ ਸੰਗਤ ਨੂੰ ਹਰ ਜਸ ਸੁਣਾ ਕੇ ਨਿਹਾਲ ਕੀਤਾ। ਇੰਜ ਹੀ ਇੱਥੋਂ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਖ਼ਾਲਸਾ ਸਾਜਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਗੰਨੇ ਦੇ ਰਸ ਦੀ ਛਬੀਲ, ਜਲੇਬੀਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।

ਇਸੇ ਤਰ੍ਹਾਂ ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼-3ਬੀ1, ਗੁਰਦੁਆਰਾ ਬੀਬੀ ਭਾਨੀ ਫੇਜ਼-7, ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4, ਗੁਰਦੁਆਰਾ ਸ੍ਰੀ ਸਾਹਿਬਵਾੜਾ ਫੇਜ਼-5, ਗੁਰਦੁਆਰਾ ਸ੍ਰੀ ਰਾਮਗੜ੍ਹੀਆ ਸਭਾ ਫੇਜ਼-3ਬੀ1, ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-11, ਗੁਰਦੁਆਰਾ ਸ੍ਰੀ ਸਿੰਘ ਸਭਾ ਸੈਕਟਰ-68, ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-1 ਅਤੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਸੈਕਟਰ-90 ਅਤੇ 91 ਸਮੇਤ ਹੋਰ ਵੱਖ-ਵੱਖ ਗੁਰੂਘਰਾਂ ਵਿੱਚ ਖ਼ਾਲਸਾ ਸਾਜਨਾ ਦਿਵਸ ਸਬੰਧੀ ਧਾਰਮਿਕ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਵਿਧਾਇਕ ਕੁਲਵੰਤ ਸਿੰਘ, ‘ਆਪ’ ਆਗੂ ਬੱਬੀ ਬਾਦਲ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮੇਅਰ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਹਾਜ਼ਰੀਆਂ ਭਰੀਆਂ।

Load More Related Articles
Load More By Nabaz-e-Punjab
Load More In General News

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…