
ਖੇਡ ਮੰਤਰੀ ਵੱਲੋਂ ਜਾਂਚ ਦੇ ਹੁਕਮ, ਤਿੰਨ ਦਿਨਾਂ ’ਚ ਕਾਰਵਾਈ ਰਿਪੋਰਟ ਮੰਗੀ
ਖਿਡਾਰੀਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਮੀਤ ਹੇਅਰ
ਨਬਜ਼-ਏ-ਪੰਜਾਬ, ਮੁਹਾਲੀ, 29 ਜੁਲਾਈ:
ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਮੁਹਾਲੀ ਸੈਂਟਰ ਵਿੱਚ ਖਿਡਾਰੀਆਂ ਨੂੰ ਸਵੇਰੇ ਪਰੋਸੇ ਗਏ ਖਾਣੇ ਦੌਰਾਨ ਸਿਹਤ ਖਰਾਬ ਹੋਣ ਸਬੰਧੀ ਮੀਡੀਆ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਮੁੱਚੇ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਖੇਡ ਮੰਤਰੀ ਨੇ ਤਿੰਨ ਦਿਨ ਦੇ ਅੰਦਰ-ਅੰਦਰ ਕਾਰਵਾਈ ਰਿਪੋਰਟ ਮੰਗੀ ਹੈ।
ਮੀਤ ਹੇਅਰ ਨੇ ਖੇਡ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਨੂੰ ਇਸ ਸਾਰੇ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਡੂੰਘਾਈ ਨਾਲ ਉੱਚ ਪੱਧਰੀ ਜਾਂਚ ਪੜਤਾਲ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਇਸ ਦੀ ਐਕਸ਼ਨ ਟੇਕਨ ਰਿਪੋਰਟ ਤਿੰਨ ਦਿਨਾਂ ਦੇ ਅੰਦਰ ਸੌਂਪਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਖਿਡਾਰੀਆਂ ਦੀ ਸਿਹਤ ਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਕੋਤਾਹੀ ਸਾਹਮਣੇ ਆਈ ਤਾਂ ਜ਼ਿੰਮੇਵਾਰ ਵਿਅਕਤੀਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ।