
ਨਗਰ ਨਿਗਮ ਵਿੱਚ ਫੈਲੇ ਭ੍ਰਿਸ਼ਟਾਚਾਰ ਲਈ ਰਾਜ ਸਰਕਾਰ ਤੇ ਕਾਂਗਰਸ ਬਰਾਬਰ ਦੇ ਜ਼ਿੰਮੇਵਾਰ: ਪਰਵਿੰਦਰ ਸੋਹਾਣਾ
ਭਿਸ਼ਟਚਾਰੀਆਂ ਦੇ ਖ਼ਿਲਾਫ਼ ਕਾਰਵਾਈ ਮੰਗੀ, ਕਾਰਵਾਈ ਨਾ ਹੋਣ ’ਤੇ ਅਕਾਲੀ ਦਲ ਵਿੱਢੇਗਾ ਸੰਘਰਸ਼
ਨਬਜ਼-ਏ-ਪੰਜਾਬ, ਮੁਹਾਲੀ, 23 ਦਸੰਬਰ:
ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਮੁਹਾਲੀ ਨਗਰ ਨਿਗਮ ਵਿੱਚ ਫੈਲੇ ਕਥਿਤ ਭ੍ਰਿਸ਼ਟਾਚਾਰ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਪ ਸਰਕਾਰ ਅਤੇ ਨਗਰ ਨਿਗਮ ਉੱਤੇ ਕਾਬਜ਼ ਕਾਂਗਰਸ ਪਾਰਟੀ ਦੋਵਾਂ ਨੂੰ ਬਰਾਬਰ ਦਾ ਜ਼ਿੰਮੇਵਾਰ ਠਹਿਰਾਇਆ ਹੈ। ਅੱਜ ਇੱਥੇ ਪਾਰਟੀ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਜੇਕਰ ਇਹ ਸਰਕਾਰ ਨਿਗਮ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ’ਤੇ ਕਾਰਵਾਈ ਨਹੀਂ ਕਰਦੀ ਹੈ ਤਾਂ ਲੋਕਾਂ ਵਿੱਚ ਇਹੀ ਸੰਦੇਸ਼ ਜਾਵੇਗਾ ਕਿ ਸਰਕਾਰ ਵੀ ਭ੍ਰਿਸ਼ਟਾਚਾਰੀਆਂ ਨਾਲ ਕਥਿਤ ਤੌਰ ’ਤੇ ਮਿਲੀ ਹੋਈ ਹੈ।
ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਮੁਹਾਲੀ ਨਗਰ ਨਿਗਮ ਵਿੱਚ ਚਲਦੇ ਭਰਿਸ਼ਟਾਚਾਰ ਦੇ ਦੋਸ਼ ਖ਼ੁਦ ਸਾਬਕਾ ਡਿਪਟੀ ਮੇਅਰ ਅਤੇ ਮੌਜੂਦਾ ਕੌਂਸਲਰ ਮਨਜੀਤ ਸਿੰਘ ਸੇਠੀ ਨੇ ਲਗਾਏ ਹਨ। ਸਾਬਕਾ ਡਿਪਟੀ ਮੇਅਰ ਵੱਲੋਂ ਮੁੱਖ ਮੰਤਰੀ ਸਮੇਤ ਵਿਜੀਲੈਂਸ ਅਤੇ ਸਥਾਨਕ ਸਰਕਾਰ ਵਿਭਾਗ ਨੂੰ ਇਸ ਸਬੰਧੀ ਕਾਰਵਾਈ ਕਰਨ ਲਈ ਸ਼ਿਕਾਇਤ ਵੀ ਦਿੱਤੀ ਗਈ ਹੈ ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ। ਹੋਰ ਤਾਂ ਹੋਰ ਬੀਤੇ ਕੱਲ੍ਹ ਦੀ ਮੀਟਿੰਗ ਵਿੱਚ ਤਾਂ ਇੱਕ ਕਾਂਗਰਸੀ ਕੌਂਸਲਰ ਨੇ ਵੀ ਨਗਰ ਨਿਗਮ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਂਦਿਆਂ ਇੱਥੋਂ ਤੱਕ ਕਹਿ ਦਿੱਤਾ ਕਿ ਉਨ੍ਹਾਂ ਕੋਲ ਇਸ ਦੇ ਸਬੂਤ ਵੀ ਹਨ। ਉਨ੍ਹਾਂ ਸਵਾਲ ਕੀਤਾ ਕਿ ਆਖਰ ਪੰਜਾਬ ਸਰਕਾਰ ਦੀ ਅਜਿਹੀ ਕਿਹੜੀ ਮਜਬੂਰੀ ਹੈ ਕਿ ਇਨ੍ਹਾਂ ਸ਼ਿਕਾਇਤਾਂ ’ਤੇ ਕਾਰਵਾਈ ਨਹੀਂ ਹੋ ਰਹੀ।
ਅਕਾਲੀ ਆਗੂ ਨੇ ਕਿਹਾ ਕਿ ਨਗਰ ਨਿਗਮ ’ਤੇ ਕਾਬਜ਼ ਧਿਰ ਹਰ ਪੱਧਰ ’ਤੇ ਫੇਲ੍ਹ ਹੋ ਚੁੱਕੀ ਹੈ। ਪਿਛਲੀ ਵਾਰ ਨਗਰ ਨਿਗਮ ਵਿੱਚ ਜਦੋਂ ਉਹ ਖ਼ੁਦ ਵੀ ਕੌਂਸਲਰ ਸਨ, ਆਪਣੇ ਸਮੇਂ ਦੌਰਾਨ ਨਗਰ ਨਿਗਮ ਕੋਲ ਕਰੋੜਾਂ ਰੁਪਏ ਦੀ ਐਫ਼ਡੀ ਛੱਡ ਕੇ ਗਏ ਸਨ। ਅੱਜ ਹਾਲਾਤ ਇਹ ਹਨ ਕਿ ਇਹ ਸਾਰੇ ਪੈਸੇ ਖੁਰਦ ਬੁਰਦ ਹੋ ਚੁੱਕੇ ਹਨ ਅਤੇ ਵਿਕਾਸ ਕਾਰਜ ਕਰਵਾਉਣੇ ਤਾਂ ਦੂਰ ਦੀ ਗੱਲ ਹੈ, ਨਗਰ ਨਿਗਮ ਕੋਲ ਕਰਮਚਾਰੀਆਂ ਨੂੰ ਤਨਖ਼ਾਹ ਦੇਣ ਲਈ ਵੀ ਪੈਸੇ ਨਹੀਂ ਹਨ।
ਅਕਾਲੀ ਆਗੂ ਨੇ ਕਿਹਾ ਕਿ ਮੇਅਰ ਜੀਤੀ ਸਿੱਧੂ ਨੂੰ ਇਸ ਸਬੰਧੀ ਆਪਣੀ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਦੇ ਹੋਏ ਤੁਰੰਤ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਨਗਰ ਨਿਗਮ ਵਿੱਚ ਫੈਲੇ ਕਥਿਤ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਜੇਕਰ ਸਰਕਾਰ ਨਗਰ ਨਿਗਮ ਵਿੱਚ ਫੈਲੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਨਹੀਂ ਕਰਵਾਉਂਦੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਇਸ ਦੇ ਖਿਲਾਫ ਸੰਘਰਸ਼ ਕਰੇਗਾ ਅਤੇ ਲੋੜ ਪਈ ਤਾਂ ਅਦਾਲਤ ਦਾ ਦਰਵਾਜ਼ਾ ਵੀ ਖੜਕਾਇਆ ਜਾਵੇਗਾ।