nabaz-e-punjab.com

ਜ਼ਿਲ੍ਹਾ ਮੁਹਾਲੀ ਦੀਆਂ ਲਿੰਕ ਸੜਕਾਂ ਦੀਆਂ ਬਰਮਾਂ ਨੂੰ ਮਿੱਟੀ ਪਾ ਕੇ ਕੀਤਾ ਜਾਵੇਗਾ ਮਜ਼ਬੂਤ: ਸ੍ਰੀਮਤੀ ਸਪਰਾ

20 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਬਰਮਾਂ ’ਤੇ ਮਿੱਟੀ ਪਾਉਣ ਦੇ ਦਿੱਤੇ ਆਦੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜੂਨ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਲਿੰਕ ਸੜਕਾਂ ’ਤੇ ਆਵਾਜਾਈ ਨੂੰ ਸੁਖਾਲਾ ਬਣਾਉਣ ਅਤੇ ਨਿੱਤ ਵਾਪਰਦੇ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਲਿੰਕ ਸੜਕਾਂ ਦੀਆਂ ਬਰਮਾਂ ਨੂੰ ਮਜ਼ਬੂਤ ਕਰ ਕੇ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੁਹਾਲੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਲਿੰਕ ਸੜਕਾਂ ਦੀਆਂ ਬਰਮਾਂ ’ਤੇ ਕੀਤੇ ਨਾਜਾਇਜ਼ ਕਬਜ਼ੇ ਹਟਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਲੋੜੀਂਦੇ ਆਦੇਸ਼ ਦਿੱਤੇ ਹਨ।
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਲਿੰਕ ਸੜਕਾਂ ਨੇੜੇ ਲੱਗਦੀਆਂ ਹਨ ਅਤੇ ਉਨ੍ਹਾਂ ਵੱਲੋਂ ਬਰਮਾਂ ’ਤੇ ਨਾਜਾਇਜ਼ ਕਬਜ਼ੇ ਕਰ ਕੇ ਸੜਕਾਂ ਦੀਆਂ ਬਰਮਾਂ ਨੂੰ ਆਪਣੇ ਖੇਤਾਂ ਵਿੱਚ ਰਲਾਇਆ ਹੋਇਆ ਹੈ, ਉਹ ਕਿਸਾਨ 20 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਣ ਦੇ ਸਮੇਂ ਤੋਂ ਪਹਿਲਾਂ ਪਹਿਲਾਂ ਨਾਜਾਇਜ਼ ਕਬਜ਼ੇ ਹਟਾ ਕੇ ਬਰਮਾਂ ’ਤੇ ਖ਼ੁਦ ਮਿੱਟੀ ਪਾਉਣ ਦੇ ਕੰਮ ਨੂੰ ਮੁਕੰਮਲ ਕਰਨ ਨਹੀਂ ਤਾਂ ਬਾਅਦ ਵਿੱਚ ਕਿਸਾਨਾਂ ਤੋਂ ਬਰਮਾਂ ’ਤੇ ਪਾਈ ਜਾਣ ਵਾਲੀ ਮਿੱਟੀ ਦੇ ਪੈਸੇ ਵਸੂਲ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਐਕਸੀਅਨ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਬਰਮਾਂ ’ਤੇ ਮਿੱਟੀ ਪਾਉਣ ਉਪਰੰਤ ਹੀ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂੁ ਕਰਵਾਇਆ ਜਾਵੇ ਤਾਂ ਜੋ ਸੜਕਾਂ ਮਜ਼ਬੂਤ ਹੋ ਸਕਣ ਅਤੇ ਬਰਸਾਤੀ ਪਾਣੀ ਕਾਰਨ ਸੜਕਾਂ ਦਾ ਨੁਕਸਾਨ ਨਾ ਹੋਵੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਲਿੰਕ ਸੜਕਾਂ ਦੀ ਮਜ਼ਬੂਤੀ ਲਈ ਬਰਮਾਂ ’ਤੇ ਮਿੱਟੀ ਪਾਉਣ ਲਈ ਖ਼ੁਦ ਅੱਗੇ ਆਉਣ।
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਸਮੂਹ ਬੀਡੀਪੀਓਜ਼ ਅਤੇ ਪੰਚਾਇਤ ਸਕੱਤਰ ਲਿੰਕ ਸੜਕਾਂ ਦੀਆਂ ਬਰਮਾਂ ’ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਦੂਰ ਕਰਵਾਉਣ ਅਤੇ ਮਿੱਟੀ ਪਾਉਣ ਦੇ ਕੰਮ ਦੀ ਨਿਗਰਾਨੀ ਕਰਨਗੇ। ਉਨ੍ਹਾਂ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲਿੰਕ ਸੜਕਾਂ ਦੇ ਆਲੇ-ਦੁਆਲੇ ਸਵੱਛ ਵਾਤਾਵਰਨ ਲਈ ਬੂਟੇ ਵੀ ਲਾਏ ਜਾਣਗੇ। ਉਨ੍ਹਾਂ ਹੋਰ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਸਕੂਲਾਂ, ਕਾਲਜਾਂ, ਪੰਚਾਇਤ ਘਰਾਂ, ਪੰਚਾਇਤੀ ਜ਼ਮੀਨਾਂ ਅਤੇ ਹੋਰ ਸਰਕਾਰੀ ਜ਼ਮੀਨਾਂ ਵਿੱਚ ਢੁੱਕਵੀਆਂ ਥਾਵਾਂ ’ਤੇ ਵੀ ਵੱਧ ਤੋਂ ਵੱਧ ਬੂਟੇ ਲਾਏ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…