Share on Facebook Share on Twitter Share on Google+ Share on Pinterest Share on Linkedin ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਸਾਲ ਭਰ ਵੱਖ-ਵੱਖ ਥਾਈਂ ਕਰਵਾਏ ਜਾਣਗੇ ਸਮਾਗਮ: ਸਿੱਧੂ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਵੱਖ-ਵੱਖ ਕਮੇਟੀਆਂ ਦੇ ਗਠਨ ਦਾ ਫੈਸਲਾ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਵਿੱਚ ਮਿਸਾਲੀ ਯਾਦਗਾਰ ਸਥਾਪਤ ਕੀਤੀ ਜਾਵੇਗੀ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 14 ਫਰਵਰੀ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ ਜਿਸ ਦਾ ਕੇਂਦਰੀ ਥੀਮ ‘ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਹੋਵੇਗਾ। ਇਹ ਫੈਸਲਾ ਅੱਜ ਇਥੇ ਪੰਜਾਬ ਭਵਨ ਵਿਖੇ ਸੱਭਿਆਚਾਰਕ ਮਾਮਲਿਆਂ ਅਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਉਚ ਪੱਧਰੀ ਮੀਟਿੰਗ ਵਿੱਚ ਲਿਆ ਗਿਆ। ਇਸ ਮੀਟਿੰਗ ਵਿੱਚ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ, ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ, ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਪ੍ਰਤਾਪ, ਡਾਇਰੈਕਟਰ ਸ੍ਰੀ ਸ਼ਿਵ ਦੁਲਾਰ ਸਿੰਘ ਢਿੱਲੋਂ, ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਡਾ.ਸੁਰਜੀਤ ਪਾਤਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ.ਬੀ.ਐਸ.ਘੁੰਮਣ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਉਪ ਕੁਲਪਤੀ ਸ੍ਰੀ ਜਸਪਾਲ ਸਿੰਘ ਸੰਧੂ, ਕੰਵਲਜੀਤ ਸਿੰਘ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਪ੍ਰਸ਼ਾਂਤ ਗੌਤਮ ਵੀ ਹਾਜ਼ਰ ਸਨ। ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਸ. ਸਿੱਧੂ ਨੇ ਕਿਹਾ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਸੀ ਕਿ ਅਗਲੇ ਸਾਲ 2019 ਵਿੱਚ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸੂਬਾ ਸਰਕਾਰ ਵੱਡੇ ਪੱਧਰ ’ਤੇ ਮਨਾਏਗੀ ਜਿਸ ਦੀਆਂ ਤਿਆਰੀਆਂ ਦਾ ਖਾਕਾ ਉਲੀਕਣ ਲਈ ਉਨ੍ਹਾਂ ਦੇ ਵਿਭਾਗ ਨੂੰ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੱਦੀ ਅੱਜ ਦੀ ਮੀਟਿੰਗ ਵਿੱਚ ਸਭ ਤੋਂ ਵੱਡਾ ਫੈਸਲਾ ਇਹ ਲਿਆ ਗਿਆ ਸੀ ਪੂਰਾ ਸਾਲ ਚੱਲਣ ਵਾਲੇ ਪ੍ਰਕਾਸ਼ ਪੁਰਬ ਸਮਾਗਮਾਂ ਦਾ ਕੇਂਦਰੀ ਥੀਮ ‘ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਹੋਵੇਗਾ। ਉਨ੍ਹਾਂ ਕਿਹਾ ਕਿ ਸਾਲ ਭਰ ਚੱਲਣ ਵਾਲੇ ਸਮਾਗਮ ਇਸ ਕੇਂਦਰੀ ਥੀਮ ਦੁਆਲੇ ਘੁੰਮਣਗੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਚੜ੍ਹਦੀ ਕਲਾ ਵਿੱਚ ਰਹਿਣ ਅਤੇ ਸਾਰੀ ਦੁਨੀਆਂ ਦਾ ਭਲਾ ਮੰਗਣ ਦਾ ਸੰਦੇਸ਼ ਦਿੱਤਾ ਹੈ ਅਤੇ ਸੂਬਾ ਸਰਕਾਰ ਵੱਲੋਂ ਸਮਾਗਮਾਂ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇਗਾ। ਸ੍ਰੀ ਸਿੱਧੂ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਵੱਖ-ਵੱਖ ਕਮੇਟੀਆਂ ਦਾ ਗਠਨ ਕਰਨ ਦਾ ਫੈਸਲਾ ਕੀਤਾ ਗਿਆ। ਇਹ ਕਮੇਟੀਆਂ ਦਾ ਮੱੁਖ ਮੰਤਵ ਕਾਲੀ ਵੇਈਂ ਦੀ ਸਫਾਈ ਤੇ ਸਵੱਛ ਸੁਲਤਾਨਪੁਰ ਲੋਧੀ ਮੁਹਿੰਮ ਚਲਾਉਣਾ, ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਵੱਖ-ਵੱਖ ਯੂਨੀਵਰਸਿਟੀ-ਕਾਲਜਾਂ ਵਿੱਚ ਸੈਮੀਨਾਰ, ਸਾਹਿਤਕ ਮੁਕਾਬਲੇ, ਗੁਰਬਾਣੀ ਉਚਾਰਨ ਤੇ ਸ਼ਬਦ ਗਾਇਨ ਮੁਕਾਬਲੇ, ਪੇਂਟਿੰਗ ਅਤੇ ਫੋਟੋ ਪ੍ਰਦਰਸ਼ਨੀਆਂ ਕਰਵਾਉਣੀਆਂ, ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਪੰਜਾਬ ਤੋਂ ਬਾਹਰ ਕਿਸੇ ਦੋ ਥਾਂ ਗੁਰੂ ਨਾਨਕ ਦੇਵ ਜੀ ਚੇਅਰ ਸਥਾਪਤ ਕਰਨਾ, 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਵਿੱਚ ਸ਼ਾਨਦਾਰ ਮਿਸਾਲੀ ਯਾਦਗਾਰ ਸਥਾਪਤ ਕਰਨਾ ਹੈ ਜਿਹੜੀ ਇਨਸਾਨੀਅਤ ਨੂੰ ਸਮਰਪਿਤ ਹੋਵੇਗੀ। ਉਨ੍ਹਾਂ ਕਿਹਾ ਕਿ ਵਿਸ਼ਵ ਕਵੀ ਸੰਮੇਲਨ ਵੀ ਕਰਵਾਇਆ ਜਾਵੇਗਾ ਅਤੇ ਵਿਸ਼ਵ ਪਵਿੱਤਰ ਸੰਗੀਤ ਮੇਲਾ ਵੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਥੋਂ ਦੇ ਸੱਭਿਆਚਾਰਾਂ ਨੂੰ ਵੀ ਸਮਾਗਮਾਂ ਦਾ ਹਿੱਸਾ ਬਣਾਇਆ ਜਾਵੇਗਾ ਜਿੱਥੇ-ਜਿੱਥੇ ਗੁਰੂ ਸਾਹਿਬ ਨੇ ਚਰਨ ਪਾਏ। ਸ੍ਰੀ ਸਿੱਧੂ ਨੇ ਕਿਹਾ ਕਿ ਸਾਧਨਾਂ ਨੂੰ ਜੁਟਾਉਣ ਲਈ ਕਮੇਟੀ ਬਣਾਈ ਜਾਵੇਗੀ ਜਿਸ ਵਿੱਚ ਕਾਰਪੋਰੇਟ ਘਰਾਣਿਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਵਿੱਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੰਤ ਸਮਾਜ, ਧਾਰਮਿਕ ਸਖਸ਼ੀਅਤਾਂ ਤੇ ਸੰਸਥਾਵਾਂ ਅਤੇ ਸਾਰੀਆਂ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਵੱਖ-ਵੱਖ ਕਮੇਟੀਆਂ ਵਿੱਚ ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰ ਤੇ ਵਿਧਾਇਕ ਵੀ ਸ਼ਾਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਇਕ ਵੱਕਾਰੀ ਈਵੈਂਟ ਮੈਨੇਜਮੈਂਟ ਕੰਪਨੀਆਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ ਅਤੇ ਇਨ੍ਹਾਂ ਸਮਾਗਮਾਂ ਨਾਲ ਪੰਜਾਬ ਤੋਂ ਬਾਹਰ ਦੇਸ਼ ਅਤੇ ਵਿਦੇਸ਼ਾਂ ਦੀ ਸੰਗਤ ਨੂੰ ਜੋੜਨ ਲਈ ‘ਇੰਟਰਨੈਸ਼ਨਲ ਆਊਟਰੀਚ ਕਮੇਟੀ’ ਬਣਾਈ ਜਾਵੇਗੀ। ਸਮਾਗਮਾਂ ਦੀ ਸੁਚੱਜੀ ਕਵਰੇਜ਼ ਲਈ ਪ੍ਰਿੰਟ ਤੇ ਇਲੈਕਟ੍ਰਾਨਿਕ ਮੀਡੀਆ ਤੋਂ ਇਲਾਵਾ ਸੋਸ਼ਲ ਮੀਡੀਆ ਬਾਰੇ ਵੀ ਕਮੇਟੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਦੂਰ-ਦੂਰ ਤੱਕ ਪਹੁੰਚਾਣਾ ਹੈ ਅਤੇ 550 ਸਾਲਾ ਪ੍ਰਕਾਸ਼ ਪੁਰਬ ਜਸ਼ਨਾਂ ਵਿੱਚ ਹਰ ਇਕ ਨੂੰ ਸ਼ਾਮਲ ਕਰਨਾ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਕੋਲ ਕੇਂਦਰੀ ਪੱਧਰ ’ਤੇ ਕਮੇਟੀ ਬਣਾਉਣ ਦੀ ਮੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕੇਂਦਰੀ ਸੜਕੀ ਆਵਾਜਾਈ ਤੇ ਰਾਜ ਮਾਰਗ ਮੰਤਰਾਲੇ ਨੂੰ ਪੱਤਰ ਲਿਖ ਕੇ ਦੇਸ਼ ਅੰਦਰ ਗੁਰੂ ਸਾਹਿਬ ਦੀ ਚਰਨ ਛੋਹ ਥਾਵਾਂ ਨੂੰ ਗੁਰੂ ਨਾਨਕ ਮਾਰਗ ਰਾਹੀਂ ਜੋੜਨ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਵੀ ਸਮਾਗਮਾਂ ਵਿੱਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਬਾਹਰ ਗੁਰੂ ਸਾਹਿਬ ਨਾਲ ਸਬੰਧਤ ਥਾਵਾਂ ’ਤੇ ਵੀ ਕੋਈ ਨਾ ਕੋਈ ਸਮਾਗਮ ਕਰਵਾਉਣ ਲਈ ਸਬੰਧਤ ਸੂਬਿਆਂ ਦੀਆਂ ਸਰਕਾਰਾਂ ਨੂੰ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਵੱਲੋਂ ਪਹਿਲਾਂ ਹੀ ਮੀਟਿੰਗ ਕਰ ਕੇ ਫੈਸਲਾ ਕੀਤਾ ਗਿਆ ਹੈ ਕਿ ਸੁਲਤਾਨਪੁਰ ਲੋਧੀ ਵਿਖੇ ਮੁੱਖ ਸਮਾਗਮ ਹੋਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ