ਸੰਯੁਕਤ ਕਿਸਾਨ ਮੋਰਚੇ ਵੱਲੋਂ ਜ਼ਿਲ੍ਹਾ ਪੱਧਰ ’ਤੇ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਾਰਚ:
ਕੌਮੀ ਜਾਂਚ ਏਜੰਸੀ (ਸੀਬੀਆਈ) ਵੱਲੋਂ ਪਿਛਲੇ ਦਿਨੀਂ ਪੰਜਾਬ ਦੇ ਕਿਸਾਨ ਆਗੂਆਂ ਦੇ ਘਰਾਂ ਅਤੇ ਦਫ਼ਤਰਾਂ ਵਿੱਚ ਕੀਤੀ ਛਾਪੇਮਾਰੀ ਵਿਰੁੱਧ ਕਿਸਾਨਾਂ ਦਾ ਰੋਸ ਲਗਾਤਾਰ ਭਖਦਾ ਜਾ ਰਿਹਾ ਹੈ। ਕਿਸਾਨਾਂ ਨੇ ਜ਼ਿਲ੍ਹਾ ਪੱਧਰ ’ਤੇ ਕੇਂਦਰ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਸੰਯੁਕਤ ਕਿਸਾਨ ਮੋਰਚਾ, ਸੰਯੁਕਤ ਕਿਸਾਨ ਮੋਰਚਾ, ਜ਼ਿਲ੍ਹਾ ਮੁਹਾਲੀ ਇਕਾਈ ਦੀ ਵਾਈਪੀਐਸ ਚੌਕ ਨੇੜੇ ਚੱਲ ਰਹੇ ਲੜੀਵਾਰ ਕੌਮੀ ਇਨਸਾਫ਼ ਮੋਰਚੇ ਕੈਂਪਸ ਵਿੱਚ ਹੋਈ ਅਹਿਮ ਮੀਟਿੰਗ ਵਿੱਚ ਲਿਆ ਗਿਆ।
ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਆਗੂ ਜਸਪਾਲ ਸਿੰਘ ਨਿਆਮੀਆਂ, ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ, ਮਨਪ੍ਰੀਤ ਸਿੰਘ ਅਮਲਾਲਾ, ਗੁਰਨਾਮ ਸਿੰਘ ਦਾਊਂ, ਜਗਜੀਤ ਸਿੰਘ ਕਰਾਲਾ ਜ਼ਿਲ੍ਹਾ ਪ੍ਰਧਾਨ (ਡਕੌਂਦਾ), ਕਮਲਜੀਤ ਸਿੰਘ ਲਾਂਡਰਾਂ (ਕਾਦੀਆ ਗਰੁੱਪ), ਬਲਜੀਤ ਸਿੰਘ ਭਾਊ, ਜਸਪਾਲ ਸਿੰਘ ਲਾਂਡਰਾਂ, ਜਸਵੰਤ ਸਿੰਘ ਪੂਨੀਆ, ਹਰੀ ਸਿੰਘ ਬਹੌੜਾ, ਕੁਲਵੰਤ ਸਿੰਘ ਚਿੱਲਾ, ਸਲਿਦਰਜੀਤ ਸਿੰਘ, ਘੋਗਾ ਜਗਤਾਰ ਸਿੰਘ ਝਰਮੜੀ, ਦਰਸ਼ਨ ਸਿੰਘ ਦੁਰਾਲੀ, ਕੁਲਵੰਤ ਸਿੰਘ ਰੁੜਕੀ, ਅਰਜਿੰਦਰ ਸਿੰਘ ਖੂਨੀਮਾਜਰਾ, ਗੁਰਪਾਲ ਸਿੰਘ ਦੱਪਰ, ਭਾਗ ਸਿੰਘ ਖੇੜੀ ਜੱਟਾ, ਰਣਜੀਤ ਸਿੰਘ ਅਤੇ ਦੀਦਾਰ ਸਿੰਘ ਬਜਹੇੜੀ ਨੇ ਸ਼ਿਰਕਤ ਕੀਤੀ। ਕਿਸਾਨਾਂ ਨੇ ਸੀਬੀਆਈ ਦੀ ਉਪਰੋਕਤ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ।
ਇਸ ਮੌਕੇ ਕਿਸਾਨਾਂ ਨੇ ਲੰਮੀ ਵਿਚਾਰ-ਚਰਚਾ ਤੋਂ ਬਾਅਦ 13 ਮਾਰਚ ਨੂੰ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਕੇਂਦਰ ਸਰਕਾਰ ਵਿਰੁੱਧ ਅਰਥੀ ਫੂਕ ਰੋਸ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ। ਹੁਕਮਰਾਨਾਂ ਨੂੰ ਗੂੜੀ ਨੀਂਦ ਤੋਂ ਜਗਾਉਣ ਅਤੇ ਅਰਥੀ ਫੂਕ ਮੁਜ਼ਾਹਰੇ ਨੂੰ ਸਫਲ ਬਣਾਉਣ ਲਈ ਸਮੂਹ ਕਿਸਾਨ ਜਥੇਬੰਦੀਆਂ ਦੇ ਪ੍ਰਮੁੱਖ ਅਹੁਦੇਦਾਰਾਂ ਨੂੰ ਵੱਖ-ਵੱਖ ਡਿਊਟੀਆਂ ਸੌਂਪੀਆਂ ਗਈਆਂ। ਜਸਪਾਲ ਸਿੰਘ ਨਿਆਮੀਆਂ ਨੇ ਦੱਸਿਆ ਕਿ 13 ਮਾਰਚ ਨੂੰ ਕਿਸਾਨ ਵੱਡੀ ਗਿਣਤੀ ਵਿੱਚ ਸਵੇਰੇ 10 ਵਜੇ ਜ਼ਿਲ੍ਹਾ ਹੈੱਡਕੁਆਟਰਾਂ ਉੱਤੇ ਇਕੱਠੇ ਹੋਣਗੇ। ਇੱਥੇ ਕੇਂਦਰ ਸਰਕਾਰ ਵੱਲੋਂ ਸੀਬੀਆਈ ਨੂੰ ਨਿੱਜੀ ਹਥਿਆਰ ਵਜੋਂ ਇਸਤੇਮਾਲ ਕਰਨ ਅਤੇ ਕਿਸਾਨਾਂ ਦੀਆਂ ਲਮਕ ਰਹੀਆਂ ਬਕਾਇਆ ਮੰਗਾਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ ਜਾਵੇਗੀ। ਉਪਰੰਤ ਮੋਦੀ ਸਰਕਾਰ ਦੀ ਅਰਥੀ ਸਾੜੀ ਜਾਵੇਗੀ।
ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਸਿੱਖ ਮਸਲਿਆਂ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਚੱਲ ਰਹੇ ਲੜੀਵਾਰ ਪੱਕੇ ਮੋਰਚੇ ਨੂੰ ਸਮਰਥਨ ਦੇਣ ਅਤੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਮੋਦੀ ਵਜ਼ਾਰਤ ’ਚੋਂ ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ 20 ਮਾਰਚ ਨੂੰ ਨਵੀਂ ਦਿੱਲੀ ਵਿੱਚ ਕੌਮੀ ਪੱਧਰ ’ਤੇ ਕੀਤੇ ਜਾਣ ਵਾਲੇ ਇੱਕ ਰੋਜ਼ਾ ਜਨ ਅੰਦੋਲਨ ਦੇ ਫ਼ੈਸਲੇ ਦੇ ਮੱਦੇਨਜ਼ਰ ਸੀਬੀਆਈ ਵੱਲੋਂ ਕਿਸਾਨ ਆਗੂਆਂ ਦੇ ਘਰਾਂ ਅਤੇ ਦਫ਼ਤਰਾਂ ’ਤੇ ਛਾਪੇਮਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵਾਂਗ ਕੇਂਦਰ ਸਰਕਾਰ ਵੀ ਸੰਯੁਕਤ ਕਿਸਾਨ ਮੋਰਚੇ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਿੰਨੀ ਮਰਜ਼ੀ ਧੱਕੇਸ਼ਾਹੀ ਕਰ ਲਵੇ ਪ੍ਰੰਤੂ ਸੰਯੁਕਤ ਕਿਸਾਨ ਮੋਰਚਾ ਕਿਸੇ ਵੀ ਕੀਮਤ ’ਤੇ ਪਿੱਛੇ ਨਹੀਂ ਹਟੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਬਾਕੀ ਮੰਗਾਂ ਨਾ ਮੰਨੀਆਂ ਤਾਂ ਉਕਤ ਅੰਦੋਲਨ ਸਰਕਾਰ ਦੇ ਤਾਬੂਤ ਵਿੱਚ ਆਖ਼ਰੀ ਕਿੱਲ ਸਾਬਤ ਹੋਵੇਗਾ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …