Kisan

ਈਵੀਐਮ ਮਸ਼ੀਨਾਂ ਦੀ ਵਰਤੋਂ ਨਾਲ ਵੱਡੇ ਪੱਧਰ ’ਤੇ ਉਥਲ-ਪੁਥਲ ਹੋਣ ਦਾ ਖ਼ਦਸ਼ਾ: ਚੜੂਨੀ

ਕਿਸਾਨੀ ਮੰਗਾਂ ਅਤੇ ਪੰਜਾਬ ਵਿੱਚ ਲਗਾਤਾਰ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਵੀ ਚੁੱਕੇ ਸਵਾਲ

ਕਿਸਾਨ ਯੂਨੀਅਨ (ਚੜੂਨੀ) ਨੇ ਪ੍ਰਧਾਨ ਮੰਤਰੀ, ਚੋਣ ਕਮਿਸ਼ਨ ਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਡੀਸੀ ਰਾਹੀਂ ਭੇਜਿਆ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੂਨ:
ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਦੇਸ਼ ਦੇ ਪ੍ਰਧਾਨ ਮੰਤਰੀ, ਮੁੱਖ ਚੋਣ ਕਮਿਸ਼ਨ ਨਵੀਂ ਦਿੱਲੀ, ਪੰਜਾਬ ਦੇ ਮੁੱਖ ਮੰਤਰੀ ਨੂੰ ਮੁੱਖ ਚੋਣ ਅਫ਼ਸਰ ਪੰਜਾਬ ਨੂੰ ਮੁਹਾਲੀ ਦੇ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਭੇਜ ਕੇ ਕਿਹਾ ਕਿ ਲੋਕ ਸਭਾ ਅਤੇ ਵਿਧਾਨ ਸਭਾ ਸਮੇਤ ਹੋਰ ਚੋਣਾਂ ਕਰਵਾਉਣ ਲਈ ਈਵੀਐਮ ਮਸ਼ੀਨਾਂ ਦੀ ਵਰਤੋਂ ਨਾ ਕੀਤੀ ਜਾਵੇ। ਕਿਉਂਕਿ ਇਸ ਵਿਧੀ ਨਾਲ ਵੱਡੇ ਪੱਧਰ ’ਤੇ ਉਥਲ-ਪੁਥਲ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਨੇ ਰਾਈਟ ਟੂ ਰੀਕਾਲ ਕਾਨੂੰਨ ਬਣਾਉਣ ਦੀ ਵੀ ਮੰਗ ਕੀਤੀ ਤਾਂ ਜੋ ਵੋਟਰ ਨੂੰ ਨੇਤਾ ਹਟਾਉਣ ਦਾ ਹੱਕ ਮਿਲ ਸਕੇ। ਕਿਸਾਨਾਂ ਤੋਂ ਮੁਹਾਲੀ ਦੇ ਐਸਡੀਐਮ ਹਰਬੰਸ ਸਿੰਘ ਨੇ ਮੰਗ ਪੱਤਰ ਹਾਸਲ ਕੀਤਾ।
ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਪੁੱਡਾ ਗਰਾਊਂਡ ਵਿੱਚ ਕਿਸਾਨਾਂ ਦੀ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਗੁਰਨਾਮ ਸਿੰਘ ਚੜੂਨੀ ਨੇ ਬਰਸਾਤ ਦਾ ਪਾਣੀ ਇਕੱਠਾ ਕਰਨ ਲਈ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਛੋਟੇ ਤਲਾਬ ਬਣਾਉਣ ਲਈ ਸ਼ਤ-ਪ੍ਰਤੀਸ਼ਤ ਸਬਸਿਡੀ ਦਿੱਤੀ ਜਾਵੇ। ਫ਼ਸਲਾਂ ਦੀ ਖਰੀਦ ਐਮਐਸਪੀ ਗਰੰਟੀ ਕਾਨੂੰਨ ਬਣਾਇਆ ਜਾਵੇ, ਠੇਕਾ ਪ੍ਰਣਾਲੀ ਬੰਦ ਕਰਕੇ ਕਿਰਤੀਆਂ ਅਤੇ ਕੱਚੇ ਮੁਲਾਜ਼ਮਾਂ ਤੋਂ 8 ਘੰਟੇ ਹੀ ਡਿਊਟੀ ਲਈ ਜਾਵੇ। ਪੰਜਾਬ ਦੇ ਨੌਜਵਾਨਾਂ ਨੂੰ ਟਰੈਵਲ ਏਜੰਟਾਂ ਦੀ ਲੁੱਟ ਤੋਂ ਬਚਾਉਣ ਲਈ ਸਰਕਾਰੀ ਪੱਧਰ ’ਤੇ ਇਮੀਗਰੇਸ਼ਨ ਦਫ਼ਤਰ ਖੋਲ੍ਹੇ ਜਾਣ। ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ ਕਿਉਂਕਿ ਅਜੋਕੇ ਸਮੇਂ ਵਿੱਚ ਵੀ ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ।
ਲਖੀਮਪੁਰ ਖੀਰੀ ਘਟਨਾ ਸਬੰਧੀ ਕਿਸਾਨਾਂ ਖ਼ਿਲਾਫ਼ ਦਰਜ ਪਰਚੇ ਤੁਰੰਤ ਰੱਦ ਕੀਤੇ ਜਾਣ, ਕਿਉਂਕਿ ਹਮਲਾਵਰਾਂ ਨੂੰ ਰੋਕਣ ਅਤੇ ਆਪਣੀ ਰੱਖਿਆ ਦੇ ਮੱਦੇਨਜ਼ਰ ਇਹ ਸਭ ਹੋਇਆ ਹੈ। ਮ੍ਰਿਤਕ ਕਿਸਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਅਤੇ ਮਗਨਰੇਗਾ ਸਕੀਮ ਨੂੰ ਪਿੰਡਾਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ ਅਤੇ ਮਜ਼ਦੂਰਾਂ ਦੀ ਦਿਹਾੜੀ ਦੀ ਰਾਸ਼ੀ ਵਧਾਈ ਜਾਵੇ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ ਰੋਕਿਆ ਜਾਵੇ। ਉਨ੍ਹਾਂ ਮੰਗ ਕੀਤੀ ਕਿ ਖੇਤੀ ਕਾਨੂੰਨ ਵਾਪਸ ਲੈਣ ਸਮੇਂ ਬਾਕੀ ਮੰਨੀਆਂ ਸਾਰੀਆਂ ਜਾਇਜ਼ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ।
ਪੰਜਾਬ ਵਿੱਚ ਦਿਨ ਪ੍ਰਤੀ ਦਿਨ ਨਿੱਘਰ ਰਹੀ ਕਾਨੂੰਨ ਵਿਵਸਥਾ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਬੇਰਿਹਮ ਹੱਤਿਆ ਨੇ ਪੰਜਾਬ ਸਮੇਤ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਤੋਂ ਪਹਿਲਾਂ ਕੌਮਾਂਤਰੀ ਕਬੱਡੀ ਖਿਡਾਰੀ ਦਾ ਕਤਲ ਕੀਤਾ ਅਤੇ ਦੀਪ ਸਿੱਧੂ ਨਾਲ ਸੜਕ ਹਾਦਸਾ ਨਹੀਂ ਵਾਪਰਿਆ ਸੀ ਬਲਕਿ ਸਾਜ਼ਿਸ਼ ਤਹਿਤ ਰਸਤੇ ’ਚੋਂ ਹਟਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ ਕਤਲ, ਲੁੱਟਾਂ-ਖੋਹਾਂ ਦੀਆਂ ਵਾਰਦਾਤ ਹੋ ਰਹੀਆਂ ਹਨ। ਜਿਸ ਕਾਰਨ ਰਾਜ ਦੇ ਲੋਕ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਅਤੇ ਜੁਰਮ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਇਸ ਮੌਕੇ ਸੂਬਾ ਪ੍ਰਧਾਨ ਦਿਲਬਾਗ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਲਖਨੌਰ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਪ੍ਰੀਤ ਸਿੰਘ ਖਾਨਪੁਰੀ, ਮਨਜੀਤ ਸਿੰਘ ਘੁਮਾਣਾ ਜ਼ਿਲ੍ਹਾ ਪ੍ਰਧਾਨ ਪਟਿਆਲਾ, ਜਰਨੈਲ ਸਿੰਘ ਖਾਲਸਾ, ਯੂਥ ਆਫ਼ ਪੰਜਾਬ ਦੇ ਪ੍ਰਧਾਨ ਪਰਮਦੀਪ ਸਿੰਘ ਬੈਦਵਾਨ, ਹਰਦੀਪ ਸਿੰਘ ਲਖਨੌਰ, ਪਰਮਜੀਤ ਸਿੰਘ ਪੰਮੀ, ਰਵੀ ਸ਼ੇਰਗਿੱਲ, ਅਮਰੀਕ ਸਿੰਘ ਖਮਾਣੋਂ, ਧਨਵੀਰ ਸਿੰਘ, ਅਮਰੀਕ ਸਿੰਘ, ਕਾਕੂ ਮਾਜਰੀ ਅਤੇ ਖਲੀ ਸਰਪੰਚ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।

Load More Related Articles

Check Also

ਯਾਦਗਾਰੀ ਹੋ ਨਿੱਬੜਿਆ ਵਿਰਾਸਤੀ ਅਖਾੜੇ ਵਿੱਚ ਲੱਗਿਆ ‘ਚੌਥਾ ਵਿਸਾਖੀ ਮੇਲਾ’

ਯਾਦਗਾਰੀ ਹੋ ਨਿੱਬੜਿਆ ਵਿਰਾਸਤੀ ਅਖਾੜੇ ਵਿੱਚ ਲੱਗਿਆ ‘ਚੌਥਾ ਵਿਸਾਖੀ ਮੇਲਾ’ ਨਬਜ਼-ਏ-ਪੰਜਾਬ, ਮੁਹਾਲੀ, 29 ਅਪਰ…