ਪੁਲੀਸ ਵਧੀਕੀਆਂ ਖ਼ਿਲਾਫ਼ ਸੜਕਾਂ ’ਤੇ ਉੱਤਰੇ ਪੀੜਤ ਲੋਕ, ਝੂਠਾ ਪਰਚਾ ਰੱਦ ਕਰਨ ਦੀ ਮੰਗ

ਐੱਸਐੱਸਪੀ ਦਫ਼ਤਰ ਦੇ ਘਿਰਾਓ ਤੋਂ ਪਹਿਲਾਂ ਹੀ ਡੀਐਸਪੀ ਤੇ ਹੋਰ ਅਧਿਕਾਰੀ ਮੌਕੇ ’ਤੇ ਪਹੁੰਚੇ, ਕਾਰਵਾਈ ਦਾ ਭਰੋਸਾ

ਬਦਲਾਅ ਲਿਆਉਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ’ ਨੇ ਲੋਕਤੰਤਰ ਦਾ ਘਾਣ ਕੀਤਾ: ਕੁੰਭੜਾ

ਨਬਜ਼-ਏ-ਪੰਜਾਬ, ਮੁਹਾਲੀ, 11 ਨਵੰਬਰ:
ਪੰਜਾਬ ਸਰਕਾਰ ਅਤੇ ਪੁਲੀਸ ਵਧੀਕੀਆਂ ਦੇ ਖ਼ਿਲਾਫ਼ ਪੀੜਤ ਲੋਕ ਮੁੜ ਸੜਕਾਂ ’ਤੇ ਉਤਰ ਆਏ ਹਨ। ਅੱਜ ਇੱਥੋਂ ਦੇ ਫੇਜ਼-7 ਸਥਿਤ ਲਾਲ ਬੱਤੀ ਚੌਥ ਨੇੜੇ ਪਿੰਡ ਸਮਗੌਲੀ ਦੇ ਪੀੜਤ ਪਰਿਵਾਰ ਜ਼ਮੀਨ ਵਿਵਾਦ ਨੂੰ ਲੈ ਕੇ ਲੜੀਵਾਰ ਧਰਨੇ ਵਿੱਚ ਪਹੁੰਚੇ ਅਤੇ ਝੂਠੇ ਪਰਚੇ ਦਰਜ ਕਰਨ ਵਿਰੁੱਧ ਦਲਿਤ ਆਗੂ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਜਿਵੇਂ ਹੀ ਦਲਿਤ ਸੰਗਠਨਾਂ ਦੇ ਨੁਮਾਇੰਦੇ ਅਤੇ ਪੀੜਤ ਪਰਿਵਾਰਾਂ ਨੇ ਐੱਸਐੱਸਪੀ ਦਫ਼ਤਰ ਦਾ ਘਿਰਾਓ ਕਰਨ ਲਈ ਚਾਲੇ ਪਾਉਣ ਦਾ ਯਤਨ ਕੀਤਾ ਤਾਂ ਡੀਐਸਪੀ ਨਵੀਨਪਾਲ ਸਿੰਘ ਲਹਿਲ, ਸੈਂਟਰਲ ਥਾਣਾ ਫੇਜ਼-8 ਦੇ ਐਸਐਚਓ ਰੁਪਿੰਦਰ ਸਿੰਘ ਅਤੇ ਮਟੌਰ ਥਾਣਾ ਦੇ ਐਸਐਚਓ ਅਮਨਦੀਪ ਤਰੀਕਾ ਪੁਲੀਸ ਫੋਰਸ ਨਾਲ ਮੌਕੇ ’ਤੇ ਪਹੁੰਚ ਗਏ ਅਤੇ ਪੀੜਤ ਲੋਕਾਂ ਤੋਂ ਮੰਗ ਪੱਤਰ ਹਾਸਲ ਕਰਕੇ ਬਣਦੀ ਕਾਰਵਾਈ ਦਾ ਭਰੋਸਾ ਦੇ ਕੇ ਸ਼ਾਂਤ ਕੀਤਾ।
ਬਲਵਿੰਦਰ ਸਿੰਘ ਕੁੰਭੜਾ ਨੇ ਦੱਸਿਆ ਕਿ ਪਿੰਡ ਸਮਗੌਲੀ ਵਿੱਚ ਜ਼ਮੀਨ ਵਿਵਾਦ ਨੂੰ ਲੈ ਕੇ ਵਿਰੋਧੀ ਧਿਰ ਨੇ ਸਿਆਸੀ ਦਬਾਅ ਨਾਲ ਦੂਜੀ ਧਿਰ ਦੇ ਕੁੱਝ ਮੈਂਬਰਾਂ ਖ਼ਿਲਾਫ਼ ਝੂਠੇ ਪਰਚੇ ਦਰਜ ਕਰਵਾ ਦਿੱਤੇ ਸਨ। ਇਸ ਸਬੰਧੀ ਬੀਤੀ 30 ਅਕਤੂਬਰ ਨੂੰ ਪੁਲੀਸ ਪ੍ਰਸ਼ਾਸਨ ਨੂੰ 10 ਅਲਟੀਮੇਟਮ ਦੇ ਕੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਝੂਠਾ ਕੇਸ ਰੱਦ ਨਾ ਕੀਤਾ ਤਾਂ 11 ਨਵੰਬਰ ਨੂੰ ਐੱਸਐੱਸਪੀ ਦਾ ਘਿਰਾਓ ਕੀਤਾ ਜਾਵੇਗਾ ਪਰ ਪੁਲੀਸ ਦੇ ਕੰਨਾਂ ’ਤੇ ਜੂੰ ਤੱਕ ਨਹੀਂ ਸਰਕੀ। ਉਨ੍ਹਾਂ ਕਿਹਾ ਕਿ ਬਦਲਾਅ ਲਿਆਉਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ’ ਨੇ ਲੋਕਤੰਤਰ ਦਾ ਘਾਣ ਕੀਤਾ ਹੈ। ਲਖਵੀਰ ਸਿੰਘ ਵਡਾਲਾ ਨੇ ਕਿਹਾ ਕਿ ‘ਆਪ’ ਸਰਕਾਰ ਦੇ ਢਾਈ ਸਾਲਾਂ ਦੇ ਸ਼ਾਸਨ ਵਿੱਚ ਐਸਸੀ\ਬੀਸੀ ਲੋਕਾਂ ’ਤੇ ਅੱਤਿਆਚਾਰ ਵਧੇ ਹਨ।
ਪਿੰਡ ਸਮਗੌਲੀ ਦੇ ਪੀੜਤ ਪਰਿਵਾਰਾਂ ਨੇ ਦੱਸਿਆ ਕਿ ਸੁਸਾਇਟੀ ਦੀ ਜ਼ਮੀਨ ਹਥਿਆਉਣ ਲਈ ਸਿਆਸੀ ਦਬਾਅ ਕਾਰਨ ਪੁਲੀਸ ਪਿੰਡ ਵਾਸੀਆਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਕਮੇਟੀ ਮੈਂਬਰ ਲਖਵਿੰਦਰ ਸਿੰਘ ਅਤੇ ਨੌਜਵਾਨ ਆਗੂ ਰਣਜੀਤ ਸਿੰਘ ਨੇ ਦੱਸਿਆ ਕਿ ਬੀਤੀ 18 ਜੁਲਾਈ ਨੂੰ ਜਸਵੀਰ ਸਿੰਘ ਸਮੇਤ ਛੇ ਮੈਂਬਰਾਂ ’ਤੇ ਪਰਚਾ ਦਰਜ ਕੀਤਾ ਗਿਆ ਸੀ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਤੈਅ ਤੱਕ ਜਾਣ ਲਈ ਨਿਰਪੱਖ ਜਾਂਚ ਕਰਵਾਈ ਜਾਵੇ। ਇਸ ਮੌਕੇ ਸਰਪੰਚ ਪ੍ਰਭਦਿਆਲ, ਪ੍ਰਿੰਸੀਪਲ ਬਨਵਾਰੀ ਲਾਲ, ਸ਼ਵਿੰਦਰ ਸਿੰਘ ਲੱਖੋਵਾਲ, ਹਰਨੇਕ ਸਿੰਘ ਮਲੋਆ, ਗੁਰਨਾਮ ਕੌਰ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਕੇਵਲ ਸਿੰਘ ਬਾਠ, ਦੇਵਿੰਦਰ ਸਿੰਘ ਕੁੱਪ, ਸੁਰਿੰਦਰ ਸਿੰਘ ਕੰਡਾਲਾ, ਭੁਪਿੰਦਰ ਸਿੰਘ, ਪ੍ਰਦੀਪ ਸਿੰਘ, ਕੁਲਵੰਤ ਸਿੰਘ, ਕਰਮ ਸਿੰਘ, ਅਮਰ ਸਿੰਘ, ਪਵਨ ਕੁਮਾਰ, ਬਲਜੀਤ ਸਿੰਘ, ਸੁਖਵਿੰਦਰ ਸਿੰਘ, ਗੁਰਦਾਸ ਸਿੰਘ, ਰਸਮੀਤ ਸਿੰਘ, ਰਾਜ ਕਰਨ, ਨਵਪ੍ਰੀਤ ਸਿੰਘ, ਜਸਵੀਰ ਸਿੰਘ, ਲਾਜਵੰਤੀ, ਸੋਨਾ ਦੇਵੀ, ਰਾਣੀ ਦੇਵੀ, ਕਮਲਜੀਤ ਕੌਰ, ਨਿਰਮਲਾ ਦੇਵੀ, ਪਰਮਜੀਤ ਕੌਰ, ਸ਼ੰਕੁਤਲਾ ਦੇਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…