ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਮੌਕੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਸਹੁੰ ਚੁੱਕੀ

ਭ੍ਰਿਸ਼ਟਾਚਾਰ ਮੁਕਤ ਸੂਬਾ ਸਿਰਜਣ ਲਈ ਪੂਰੇ ਪੰਜਾਬ ਵਿੱਚ ਹਫ਼ਤੇ ਭਰ ਚੱਲਣਗੇ ਜਾਗਰੂਕਤਾ ਪ੍ਰੋਗਰਾਮ

ਨਬਜ਼-ਏ-ਪੰਜਾਬ, ਮੁਹਾਲੀ, 30 ਅਕਤੂਬਰ:
ਸਮਾਜ ਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚ ਜਵਾਬਦੇਹੀ, ਇਮਾਨਦਾਰੀ ਅਤੇ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਦੇ ਦ੍ਰਿੜ ਇਰਾਦੇ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 5 ਨਵੰਬਰ ਤੱਕ ‘ਵਿਜੀਲੈਂਸ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ। ਇਸ ਸਾਲ ਦੇ ਸੰਦੇਸ਼ ‘ਭ੍ਰਿਸ਼ਟਾਚਾਰ ਨੂੰ ਕਹੋ ਨਾਂਹ’ ਰਾਸ਼ਟਰ ਪ੍ਰਤੀ ਹੋਵੇ ਵਚਨਬੱਧਤਾ’ ਦੇ ਨਾਲ ਇਹ ਹਫ਼ਤਾ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਸਮਰਪਿਤ ਹੋਵੇਗਾ।
ਵਿਜੀਲੈਂਸ ਜਾਗਰੂਕਤਾ ਹਫ਼ਤੇ ਮੌਕੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੀ ਸਾਂਝੀ ਇੱਛਾ ਨਾਲ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਵਿੱਚ ਸਰਕਾਰ ਦਾ ਸਾਥ ਦੇਣ ਅਪੀਲ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਲਾਈਨ ਦੇ ਨੰਬਰ 95012-00200 ’ਤੇ ਵਟਸਐਪ ਰਾਹੀਂ ਪਹੁੰਚ ਕਰਕੇ ਸਹੀ ਜਾਣਕਾਰੀ ਸਾਂਝੀ ਕਰਨ ਲਈ ਪ੍ਰੇਰਦਿਆਂ ਭਰੋਸਾ ਦਿੱਤਾ ਕਿ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਸਰਕਾਰ ਦੀ ਅਟੱਲ ਵਚਨਬੱਧਤਾ ਹੇਠ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਇਨ੍ਹਾਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਡੀਜੀਪੀ-ਕਮ-ਚੀਫ਼ ਡਾਇਰੈਕਟਰ ਵਰਿੰਦਰ ਕੁਮਾਰ ਨੇ ਕਿਹਾ ਕਿ ਹਫ਼ਤੇ ਭਰ ਚੱਲਣ ਵਾਲੀ ਇਸ ਜਾਗਰੂਕਤਾ ਮੁਹਿੰਮ ਦਾ ਉਦੇਸ਼ ਸਰਕਾਰੀ ਦਫਤਰਾਂ ਤੇ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਸਬੰਧੀ ਸਮੂਹਿਕ ਮਿਸ਼ਨ ਵਿੱਚ ਲੋਕਾਂ ਦੀ ਸਰਗਰਮ ਭੂਮਿਕਾ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ‘ਵਿਜੀਲੈਂਸ ਜਾਗਰੂਕਤਾ ਹਫ਼ਤਾ‘ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਸਿਰਜਣਾ ਲਈ ਸਾਂਝੀ ਜ਼ਿੰਮੇਵਾਰੀ ਨੂੰ ਦਰਸਾਉਂਦਾ ਹੈ।
ਵਿਜੀਲੈਂਸ ਬਿਊਰੋ ਦੇ ਮੁਖੀ ਨੇ ਅੱਗੇ ਦੱਸਿਆ ਕਿ ਇਸ ਹਫ਼ਤੇ ਦੌਰਾਨ ਸਾਰੇ ਖੇਤਰੀ ਅਧਿਕਾਰੀ ‘ਭ੍ਰਿਸ਼ਟਾਚਾਰ ਮੁਕਤ ਸੂਬਾ‘ ਬਣਾਉਣ ਦੇ ਨੇਕ ਕਾਰਜ ਵਿੱਚ ਲੋਕਾਂ ਨੂੰ ਉਤਸ਼ਾਹੀ ਭਾਗੀਦਾਰ ਵਜੋਂ ਸ਼ਾਮਲ ਕਰਨ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਇਹ ਹਫ਼ਤਾ ਅਧਿਕਾਰੀਆਂ/ਕਰਮਚਾਰੀਆਂ ਲਈ ਪਾਰਦਰਸ਼ਤਾ ਤੇ ਜਵਾਬਦੇਹੀ ਨੂੰ ਬਰਕਰਾਰ ਰੱਖਦਿਆਂ ਰੋਕਥਾਮ ਉਪਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪ੍ਰੇਰਨਾ ਸਰੋਤ ਵਜੋਂ ਕੰਮ ਕਰੇਗਾ।
ਵਿਜੀਲੈਂਸ ਬਿਊਰੋ ਦੇ ਚੀਫ਼ ਡਾਇਰੈਕਟਰ ਵਰਿੰਦਰ ਕੁਮਾਰ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ, ਵਿਜੀਲੈਂਸ ਦੇ ਬਕਾਇਆ ਮਾਮਲਿਆਂ ਦਾ ਨਿਪਟਾਰਾ ਕਰਨ ਅਤੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਨੂੰ ਹੋਰ ਹੁਲਾਰਾ ਦੇਣ ’ਤੇ ਜ਼ੋਰ ਦਿੱਤਾ। ਵਿਜੀਲੈਂਸ ਜਾਗਰੂਕਤਾ ਹਫ਼ਤਾ ਦੇ ਉਦਘਾਟਨ ਦੌਰਾਨ ਵਿਜੀਲੈਂਸ ਦੇ ਸੰਯੁਕਤ ਡਾਇਰੈਕਟਰ (ਪ੍ਰਸ਼ਾਸਨ) ਕੰਵਲਦੀਪ ਸਿੰਘ ਨੇ ਬਿਊਰੋ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਦੀ ਸਹੁੰ ਚੁਕਾਈ। ਇਸ ਮੌਕੇ ਗੁਰਸੇਵਕ ਸਿੰਘ ਤੇ ਅਰੁਣ ਸੈਣੀ (ਦੋਵੇਂ ਸੰਯੁਕਤ ਡਾਇਰੈਕਟਰ), ਮਨਮੋਹਨ ਕੁਮਾਰ, ਦਲਜੀਤ ਸਿੰਘ, ਅਤੇ ਦਿਗਵਿਜੈ ਕਪਿਲ (ਸਾਰੇ ਏਆਈਜੀ), ਐਸਐਸਪੀ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਗੁਰਮੀਤ ਸਿੰਘ ਅਤੇ ਮੁੱਖ ਦਫ਼ਤਰ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੇ ਸਹੁੰ ਚੁੱਕ ਸਮਾਗਮ ਵਿੱਚ ਹਿੱਸਾ ਲਿਆ।
ਵਿਜੀਲੈਂਸ ਮੁਖੀ ਨੇ ਦੱਸਿਆ ਕਿ ਵਿਜੀਲੈਂਸ ਜਾਗਰੂਕਤਾ ਹਫ਼ਤਾ ਸਾਰੀਆਂ ਵਿਜੀਲੈਂਸ ਰੇਂਜਾਂ ਅਤੇ ਸਬ-ਡਵੀਜ਼ਨਾਂ ਵਿੱਚ ਮਨਾਇਆ ਗਿਆ। ਜਿੱਥੇ ਸਮੂਹ ਫੀਲਡ ਅਧਿਕਾਰੀਆਂ/ਕਰਮਚਾਰੀਆਂ ਨੇ ਆਪਣੀ ਸੇਵਾਵਾਂ ਵਿੱਚ ਉੱਚ ਨੈਤਿਕ ਮਾਪਦੰਡਾਂ ਨੂੰ ਬਰਕਰਾਰ ਰੱਖਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਇਮਾਨਦਾਰੀ ਦੀ ਸਹੁੰ ਚੁੱਕੀ। ਉਨ੍ਹਾਂ ਕਿਹਾ ਕਿ ਜਾਗਰੂਕਤਾ ਹਫ਼ਤੇ ਦੌਰਾਨ ਐਸਐਸਪੀਜ਼ ਵੱਲੋਂ ਵਿੱਦਿਅਕ ਸੰਸਥਾਵਾਂ ਅਤੇ ਦਫ਼ਤਰਾਂ ਲਈ ਕਈ ਜਾਗਰੂਕਤਾ ਪ੍ਰੋਗਰਾਮ ਵੀ ਉਲੀਕੇ ਗਏ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…