
ਬਰਸਾਤੀ ਪਾਣੀ ਰਲਣ ਕਾਰਨ ਦੂਸ਼ਿਤ ਹੋ ਚੁੱਕਾ ਹੈ ਵਾਟਰ ਬੂਸਟਰ ਪਲਾਂਟ ਦੇ ਟੈਂਕਰਾਂ ਦਾ ਪਾਣੀ
ਮੇਅਰ ਜੀਤੀ ਸਿੱਧੂ ਨੇ ਵਾਟਰ ਬੂਸਟਰ ਪਲਾਂਟ ਦਾ ਜਾਇਜ਼ਾ ਲਿਆ
ਮੇਅਰ ਨੇ ਜਨ ਸਿਹਤ ਵਿਭਾਗ ਨੂੰ ਫੌਰੀ ਸਫ਼ਾਈ ਕਰਵਾਉਣ ਲਈ ਕਿਹਾ
ਨਬਜ਼-ਏ-ਪੰਜਾਬ, ਮੁਹਾਲੀ, 12 ਜੁਲਾਈ:
ਇੱਥੋਂ ਦੇ ਫੇਜ਼-10 ਸਥਿਤ ਅੰਡਰ-ਗਰਾਉਂਡ ਵਾਟਰ ਬੂਸਟਰ ਪਲਾਂਟ ਵਿੱਚ ਬਰਸਾਤੀ ਪਾਣੀ ਰਲਣ ਕਾਰਨ ਪੀਣ ਵਾਲਾ ਪਾਣੀ ਦੂਸ਼ਿਤ ਹੋ ਗਿਆ ਹੈ, ਜੋ ਹੁਣ ਸ਼ਹਿਰ ਵਾਸੀਆਂ ਦੇ ਪੀਣ ਯੋਗ ਨਹੀਂ ਰਿਹਾ ਹੈ। ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਉਕਤ ਪਲਾਂਟ ਦਾ ਦੌਰਾ ਕਰਕੇ ਮੌਜੂਦਾ ਹਾਲਾਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕੌਂਸਲਰ ਨਰਪਿੰਦਰ ਸਿੰਘ ਰੰਗੀ ਤੇ ਕੁਲਵੰਤ ਸਿੰਘ ਕਲੇਰ, ਸਮਾਜ ਸੇਵੀ ਗੁਰਚਰਨ ਸਿੰਘ ਭੰਵਰਾ, ਸਿਮਰਨਜੀਤ ਸਿੰਘ ਹਾਜ਼ਰ ਸਨ। ਉਧਰ, ਫੇਜ਼-9, ਫੇਜ਼-10 ਅਤੇ ਫੇਜ਼-11 ਦੇ ਕੌਂਸਲਰਾਂ ਦੀ ਅਪੀਲ ’ਤੇ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਟੈਂਕੀਆਂ ਦੀ ਸਫ਼ਾਈ ਸ਼ੁਰੂ ਕੀਤੀ ਗਈ।
ਮੇਅਰ ਜੀਤੀ ਸਿੱਧੂ ਨੇ ਦੱਸਿਆ ਕਿ ਫੇਜ਼-9, ਫੇਜ਼-10 ਅਤੇ ਫੇਜ਼-11 ਦੇ ਵਸਨੀਕਾਂ ਨੂੰ ਉਕਤ ਵਾਟਰ ਬੂਸਟਰ ਪਲਾਂਟ ਤੋਂ ਪਾਣੀ ਦੀ ਸਪਲਾਈ ਕੀਤੀ ਜਾਂਦੀ ਹੈ। ਪਿਛਲੇ ਦਿਨੀਂ ਭਾਰੀ ਬਰਸਾਤ ਹੋਣ ਕਾਰਨ ਗੰਦਾ ਪਾਣੀ ਟੈਂਕਰਾਂ ਵਿੱਚ ਚਲਾ ਗਿਆ। ਇਸ ਨਾਲ ਪੀਣ ਵਾਲਾ ਪਾਣੀ ਦੂਸ਼ਿਤ ਹੋ ਗਿਆ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਪਾਣੀ ਦੀ ਸਪਲਾਈ ਦਾ ਮਾਮਲਾ ਨਹੀਂ ਹੈ ਸਗੋਂ ਲੋਕਾਂ ਦੀ ਸਿਹਤ ਨਾਲ ਜੁੜਿਆ ਹੋਇਆ ਮਾਮਲਾ ਹੈ।
ਮੇਅਰ ਨੇ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਫੌਰੀ ਤੌਰ ’ਤੇ ਸਫ਼ਾਈ ਦਾ ਕੰਮ ਮੁਕੰਮਲ ਕਰਵਾਇਆ ਜਾਵੇ ਅਤੇ ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਉਪਲਬਧ ਕਰਵਾਇਆ ਜਾਵੇ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਉਨ੍ਹਾਂ ਕੋਲੋਂ ਦੋ ਦਿਨ ਦਾ ਸਮਾਂ ਮੰਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਨੂੰ ਲੋੜ ਪੈਂਦੀ ਹੈ ਤਾਂ ਨਗਰ ਨਿਗਮ ਵੱਲੋਂ ਇਨ੍ਹਾਂ ਇਲਾਕਿਆਂ ਵਿੱਚ ਪਾਣੀ ਦੇ ਟੈਂਕ ਉਪਲਬਧ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ।