ਕੈਂਸਰ ਤੋਂ ਡਰਨ ਦੀ ਨਹੀਂ ਲੜਨ ਦੀ ਲੋੜ: ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਿਊ ਚੰਡੀਗੜ੍ਹ ਵਿੱਚ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ ਸਣੇ ਭਾਜਪਾ ਦੇ ਸੀਨੀਅਰ ਆਗੂਆਂ ਨੇ ਕੀਤਾ ਨਿੱਘਾ ਸਵਾਗਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਗਸਤ:
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਅਦ ਦੁਪਹਿਰ ਕਰੀਬ 3 ਵਜੇ ਨਿਊ ਚੰਡੀਗੜ੍ਹ (ਮੁੱਲਾਂਪੁਰ ਗਰੀਬਦਾਸ) ਵਿਖੇ ਟਾਟਾ ਮੈਮੋਰੀਅਲ ਸੈਂਟਰ (ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ) ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਕੈਂਸਰ ਤੋਂ ਡਰਨ ਦੀ ਨਹੀਂ ਬਲਕਿ ਲੜਨ ਦੀ ਲੋੜ ਹੈ। ਦੇਸ਼ ਵਿੱਚ ਕੈਂਸਰ ਦਾ ਇਲਾਜ ਸੰਭਵ ਹੈ। ਜਿਨ੍ਹਾਂ ਲੋਕਾਂ ਨੇ ਇਸ ਨਾ-ਮੁਰਾਦ ਬੀਮਾਰੀ ਖ਼ਿਲਾਫ਼ ਜੰਗ ਲੜੀ ਹੈ, ਉਹ ਅੱਜ ਚੰਗੀ ਜ਼ਿੰਦਗੀ ਜੀਅ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕੈਂਸਰ ਤੋਂ ਪੀੜਤ 22 ਕਰੋੜ ਲੋਕਾਂ ਦੀ ਸਕਰੀਨਿੰਗ ਹੋ ਚੁੱਕੀ ਹੈ। ਕੈਂਸਰ ਦੀ ਸ਼ੁਰੂ ਵਿੱਚ ਪਛਾਣ ਹੋਣ ਨਾਲ ਸਬੰਧਤ ਮਰੀਜ਼ ਦੀ ਜਾਨ ਬਚਾਈ ਜਾ ਸਕਦੀ ਹੈ।
ਇਸ ਤੋਂ ਪਹਿਲਾਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸਮੇਤ ਭਾਜਪਾ ਦੇ ਸੀਨੀਅਰ ਆਗੂਆਂ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਨੇ ਪ੍ਰਧਾਨ ਮੰਤਰੀ ਦਾ ਨਿੱਘਾ ਸਵਾਗਤ ਕੀਤਾ। ਭਗਵੰਤ ਮਾਨ ਨੇ ਸਟੇਜ ’ਤੇ ਪ੍ਰਧਾਨ ਮੰਤਰੀ ਨੂੰ ਸ਼ਾਨਦਾਰ ਲੋਈ ਅਤੇ ਯਾਦਗਾਰੀ-ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
30 ਦਸੰਬਰ 2013 ਨੂੰ ਤਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਇਸ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਨੀਂਹ ਪੱਥਰ ਰੱਖਿਆ ਸੀ। ਸ਼ਿਵਾਲਿਕ ਦੀਆਂ ਪਹਾੜੀਆਂ ਨੇੜੇ ਭਾਰਤ ਸਰਕਾਰ ਦੇ ਪ੍ਰਮਾਣੂ ਊਰਜਾ ਵਿਭਾਗ ਦੀ ਸਹਾਇਤਾ ਨਾਲ ਕਰੀਬ 9 ਸਾਲਾਂ ਵਿੱਚ ਬਣ ਕੇ ਤਿਆਰ ਹੋਏ ਇਸ ਵੱਕਾਰੀ ਪ੍ਰਾਜੈਕਟ ’ਤੇ 660 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਇਹ ਹਸਪਤਾਲ ਤਕਰੀਬਨ 51 ਏਕੜ ਜ਼ਮੀਨ ਵਿੱਚ ਬਣਾਇਆ ਗਿਆ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ 2014 ਤੋਂ ਪਹਿਲਾਂ ਦੇਸ਼ ਵਿੱਚ 400 ਤੋਂ ਵੀ ਘੱਟ ਮੈਡੀਕਲ ਕਾਲਜ ਸਨ ਪ੍ਰੰਤੂ ਪਿਛਲੇ ਅੱਠ ਸਾਲਾਂ ਵਿੱਚ ਦੇਸ਼ ਅੰਦਰ 200 ਤੋਂ ਵੱਧ ਨਵੇਂ ਮੈਡੀਕਲ ਕਾਲਜ ਬਣਾਏ ਗਏ ਹਨ। ਸਿਹਤ ਸੈਕਟਰ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਰਹੇ ਹਨ। ਕੇਂਦਰ ਸਰਕਾਰ ਸਿਹਤ ਸੁਧਾਰਾਂ ਵੱਲ ਵਧੇਰੇ ਧਿਆਨ ਦੇ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਕ੍ਰਾਂਤੀਕਾਰੀ ਬਦਲਾਅ ਦੇਖਣ ਨੂੰ ਮਿਲੇਗਾ।
ਨਰਿੰਦਰ ਮੋਦੀ ਨੇ ਕਿਹਾ ਕਿ ਇਹ ਹਸਪਤਾਲ ਕੈਂਸਰ ਦੇ ਇਲਾਜ ਅਤੇ ਖੋਜ ਕਾਰਜਾਂ ਵਿੱਚ ਮਦਦਗਾਰ ਅਤੇ ਇੱਕ ਮੀਲ ਪੱਥਰ ਸਾਬਤ ਹੋਵੇਗਾ। ਹਰੇਕ ਸਾਲ 3 ਲੱਖ ਕੈਂਸਰ ਪੀੜਤਾਂ ਦੇ ਇਲਾਜ ਦਾ ਪ੍ਰਬੰਧ ਕੀਤਾ ਗਿਆ ਹੈ। ਪਹਿਲਾਂ ਪੰਜਾਬ ਸਮੇਤ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਸਮੇਤ ਹੋਰਨਾਂ ਰਾਜਾਂ ਦੇ ਲੋਕ ਕੈਂਸਰ ਅਤੇ ਹੋਰ ਬੀਮਾਰੀਆਂ ਦੇ ਇਲਾਜ ਲਈ ਪੀਜੀਆਈ ਆਉਂਦੇ ਹਨ। ਪੀਜੀਆਈ ਵਿੱਚ ਭੀੜ ਵਧਣ ਕਾਰਨ ਮਰੀਜ਼ਾਂ ਅਤੇ ਵਾਰਸਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਬਿਲਾਸਪੁਰ ਵਿੱਚ ਏਮਜ਼ ਹਸਪਤਾਲ ਬਣ ਗਿਆ ਹੈ ਅਤੇ ਮੁਹਾਲੀ ਵਿੱਚ ਇਹ ਹਸਪਤਾਲ ਬਣਨ ਨਾਲ ਹੁਣ ਪੀਜੀਆਈ ’ਚ ਮਰੀਜ਼ਾਂ ਦੀ ਭੀੜ ਘਟੇਗੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਕਿਸੇ ਨੇ ਗਰੀਬਾਂ ਦੀ ਚਿੰਤਾ ਨਹੀਂ ਕੀਤੀ। ਇਲਾਜ ਮਹਿੰਗਾ ਹੋਣ ਕਾਰਨ ਜਦੋਂ ਗਰੀਬ ਦੇ ਘਰ ਬੀਮਾਰੀ ਆਉਂਦੀ ਸੀ ਤਾਂ ਉਸ ਦਾ ਘਰ ਅਤੇ ਜ਼ਮੀਨ ਵਿੱਕ ਜਾਂਦੀ ਸੀ, ਪਰ ਹੁਣ ਦੇਸ਼ ਵਾਸੀਆਂ ਨੂੰ ਸਸਤੀਆਂ ਦਵਾਈਆਂ ਅਤੇ ਸਸਤਾ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸਰਕਾਰੀ ਹਸਪਤਾਲਾਂ ਵਿੱਚ ਜਨ ਅੌਸ਼ਧੀ ਕੇਂਦਰ ਖੋਲ੍ਹੇ ਜਾ ਰਹੇ ਹਨ। ਜਿੱਥੇ ਬਾਜ਼ਾਰ ਨਾਲੋਂ ਬਹੁਤ ਘੱਟ ਕੀਮਤ ’ਤੇ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚਾਰ ਕੰਧਾਂ ਖੜੀਆਂ ਕਰਨ ਨੂੰ ਵਿਕਾਸ ਨਹੀਂ ਕਹਿੰਦੇ। ਬੀਤੇ ਅੱਠ ਸਾਲਾਂ ਵਿੱਚ ਸਿਹਤ ਦੇ ਖੇਤਰ ਵਿੱਚ ਜਿੰਨਾ ਕੰਮ ਮੌਜੂਦਾ ਕੇਂਦਰ ਸਰਕਾਰ ਨੇ ਕੀਤਾ ਹੈ, ਉਨਾਂ ਪਿਛਲੇ 70 ਸਾਲਾਂ ਵਿੱਚ ਨਹੀਂ ਹੋਇਆ।
ਗਰੀਬਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਸਿਹਤ ਸੇਵਾਵਾਂ ਵਿੱਚ ਸੁਧਾਰ, ਪਿੰਡਾਂ ਵਿੱਚ ਛੋਟੇ ਤੇ ਆਧੁਨਿਕ ਹਸਪਤਾਲ ਬਣਾਉਣ, ਸ਼ਹਿਰਾਂ ਵਿੱਚ ਮੈਡੀਕਲ ਕਾਲਜ ਤੇ ਖੋਜ ਕੇਂਦਰ ਸਥਾਪਿਤ ਕੀਤੇ ਜਾ ਰਹੇ ਹਨ। ਦੇਸ਼ ਭਰ ਵਿੱਚ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਵਿਵਸਥਾ ਕੀਤੀ ਗਈ ਹੈ। ਇਸ ਦਿਸ਼ਾ ਵਿੱਚ ਸਰਕਾਰ ਹਰੇਕ ਸਾਲ ਹਜ਼ਾਰਾਂ ਕਰੋੜਾਂ ਰੁਪਏ ਖ਼ਰਚ ਕਰ ਰਹੀ ਹੈ। ਉਨ੍ਹਾਂ ਨੇ ਜਲ ਜੀਵਨ ਮਿਸ਼ਨ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬੀਮਾਰੀਆਂ ’ਚ ਕਮੀ ਆਈ ਹੈ। ਸਵੱਛ ਭਾਰਤ ਅਭਿਆਨ ਨੇ ਕਈ ਬੀਮਾਰੀਆਂ ਦੇ ਇਲਾਜ ਵਿੱਚ ਮਦਦ ਕੀਤੀ ਹੈ। ਅੌਰਤਾਂ ਨੂੰ ਘਰੇਲੂ ਗੈਸ ਦੇ ਕੁਨੈਕਸ਼ਨ ਦੇ ਕੇ ਧੂੰਏ ਨਾਲ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਇਆ ਹੈ।
ਪ੍ਰਧਾਨ ਮੰਤਰੀ ਨੇ ਦੱਸਿਆ ਕਿ ਦੇਸ਼ ਵਿੱਚ 3 ਲੱਖ ਤੋਂ ਵੱਧ ਹੈਲਥ ਅਤੇ ਵੈਲਥ ਸੈਂਟਰ ਬਣਾਏ ਜਾ ਰਹੇ ਹਨ ਅਤੇ ਕਈ ਥਾਵਾਂ ’ਤੇ ਕੰਮ ਸ਼ੁਰੂ ਹੋ ਚੁੱਕਾ ਹੈ। ਇਨ੍ਹਾਂ ’ਚੋਂ 3 ਹਜ਼ਾਰ ਸੈਂਟਰ ਪੰਜਾਬ ਵਿੱਚ ਬਣਾਏ ਜਾਣਗੇ।
ਉਨ੍ਹਾਂ ਕਿਹਾ ਕਿ ਸਿਹਤ ਖੇਤਰ ਵਿੱਚ ਆਧੁਨਿਕ ਟੈਕਨਾਲੋਜੀ ਨੂੰ ਇਸਤੇਮਾਲ ਕੀਤਾ ਜਾ ਰਿਹਾ ਹੈ। ਹਰੇਕ ਮਰੀਜ਼ ਦਾ ਸਮੇਂ ਸਿਰ ਇਲਾਜ ਹੋਵੇਗਾ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਮਰੀਜ਼ਾਂ ਦੀ ਘੱਟ ਤੋਂ ਘੱਟ ਖੱਜਲ-ਖੁਆਰੀ ਹੋਵੇ। ਪ੍ਰਧਾਨ ਮੰਤਰੀ ਕਿਹਾ ‘‘ ਮੈਂ ਲੋਕਾਂ ਦੀਆਂ ਪੀੜਾਂ ਨੂੰ ਭਲੀਭਾਂਤ ਜਾਣਦਾ ਹਾਂ।’’ ਪਿੰਡਾਂ ਦੇ ਗਰੀਬ ਲੋਕਾਂ ਦਾ ਵਧੀਆ ਇਲਾਜ ਕੀਤਾ ਜਾ ਰਿਹਾ ਹੈ। ਕੈਂਸਰ ਦੇ ਕਾਰਨ ਮਰੀਜ਼ ਨੂੰ ਜੋ ਮਾਨਸਿਕ ਪ੍ਰੇਸ਼ਾਨੀ ਅਤੇ ਤਣਾਅ ਦੀ ਸਥਿਤੀ ਬਣਦੀ ਹੈ, ਉਨ੍ਹਾਂ ਨਾਲ ਵੀ ਨਜਿੱਠਣ ਦੀ ਲੋੜ ਹੈ। ਲੋਕਾਂ ਨੂੰ ਆਪਣੀ ਸੋਚ ਵਿੱਚ ਖੁੱਲ੍ਹਾਪਣ ਅਤੇ ਬਦਲਾਅ ਲਿਆਉਣਾ ਚਾਹੀਦਾ ਹੈ। ਪਿੰਡਾਂ ਵਿੱਚ ਲੱਗਣ ਵਾਲੇ ਕੈਂਪਾਂ ਵਿੱਚ ਕੈਂਸਰ ’ਤੇ ਵੀ ਚਰਚਾ ਕੀਤੀ ਜਾਣੀ ਚਾਹੀਦੀ ਹੈ।

ਇਸ ਮੌਕੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਸੰਸਦ ਮੈਂਬਰ ਮਨੀਸ਼ ਤਿਵਾੜੀ, ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਜਨਰਲ ਸਕੱਤਰ ਸੁਭਾਸ਼ ਸ਼ਰਮਾ, ਤਰੁਣ ਚੁੱਘ, ਸੁਨੀਲ ਜਾਖੜ, ਰਾਣਾ ਗੁਰਮੀਤ ਸਿੰਘ ਸੋਢੀ, ਬਲਬੀਰ ਸਿੰਘ ਸਿੱਧੂ, ਕੇਵਲ ਸਿੰਘ ਢਿੱਲੋਂ, ਰਾਜ ਕੁਮਾਰ ਵੇਰਕਾ, ਸੁਰਜੀਤ ਕੁਮਾਰ ਜਿਆਣੀ, ਸੰਜੀਵ ਵਸ਼ਿਸ਼ਟ, ਖੁਸ਼ਵੰਤ ਰਾਏ ਗੀਗਾ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਰਜਿੰਦਰ ਸਿੰਘ ਬਡਹੇੜੀ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਅਤੇ ਪੰਜਾਬ ਦੀ ਕੈਬਨਿਟ ਸਮੇਤ ਆਪ ਦੇ ਵਿਧਾਇਕ ਮੌਜੂਦ ਸਨ। ਇਸ ਤੋਂ ਪਹਿਲਾਂ ਕੈਂਸਰ ਪੀੜਤਾਂ ਅਤੇ ਇਲਾਜ ਵਿਵਸਥਾ ਸਬੰਧੀ ਇੱਕ ਡਾਕੂਮੈਂਟਰੀ ਫ਼ਿਲਮ ਵੀ ਦਿਖਾਈ ਗਈ।

Load More Related Articles
Load More By Nabaz-e-Punjab
Load More In General News

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…